ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ


ਐਸ ਏ ਐਸ ਨਗਰ, 2 ਦਸੰਬਰ (ਸ.ਬ.) ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਪੁਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ  ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| 
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜੱਥੇ ਨੇ  ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜਾਂ ਨਾਲ ਕੀਤੀ ਜੰਗ ਵਿੱਚ ਇਸ ਅਸਥਾਨ ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ| ਭਾਈ ਓਕਾਰ ਸਿੰਘ  ਊਨਾ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| 
ਇਸ ਤੋਂ ਇਲਾਵਾ ਸ਼੍ਰੋਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ  ਲੁਧਿਆਣੇ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ  ਮੁੱਖ ਗ੍ਰੰਥੀ ਗੁ. ਸ੍ਰੀ ਫਤਿਹਗੜ੍ਹ ਸਾਹਿਬ, ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜੱਥਾ,  ਭਾਈ ਗੁਰਪ੍ਰੀਤ ਸਿੰਘ  ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਬੰਤਾ ਸਿੰਘ  ਭਾਈ ਬਿਧੀ ਚੰਦ ਸੰਪ੍ਰਦਾਇ ,  ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ  ਅਨੰਦਪੁਰ ਸਾਹਿਬ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ  ਦਮਦਮੀ ਟਕਸਾਲ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਆਪਣੇ ਰਸਭਿੰਨੇ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ| 
ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ| ਇਸ ਖੂਨਦਾਨ ਕੈਂਪ ਵਿੱਚ ਜਨਰਲ ਹਸਪਤਾਲ ਸੈਕਟਰ 16, ਸਰਕਾਰੀ ਹਸਪਤਾਲ ਸੈਕਟਰ 32, ਰੋਟਰੀ ਬਲੱਡ ਬੈਂਕ ਸੈਕਟਰ 37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਿਵਲ ਹਸਪਤਾਲ ਮੁਹਾਲੀ, ਸਿਵਲ ਹਸਪਤਾਲ ਖਰੜ ਦੇ ਬਲੱਡ ਬੈਂਕ ਦੀਆਂ ਟੀਮਾਂ ਨੇ ਲੋੜਵੰਦਾਂ ਵਾਸਤੇ ਖੂਨ ਇਕੱਤਰ ਕੀਤਾ| ਇਸ ਮੌਕੇ ਸ਼ਰਧਾਲੂਆਂ ਵਿੱਚ ਖੂਨਦਾਨ ਕਰਨ ਲਈ ਭਾਰੀ ਉਤਸ਼ਾਹ ਸੀ ਅਤੇ ਇਨ੍ਹਾਂ ਸਾਰੀਆਂ ਬਲੱਡ ਬੈਂਕਾਂ ਦੀਆਂ ਟੀਮਾਂ ਵੱਲੋਂ 800 ਯੂਨਿਟ ਖੂਨ ਇਕਤਰ ਕੀਤਾ ਗਿਆ| ਖੂਨਦਾਨੀਆਂ ਨੂੰ ਹਰ ਵਾਰ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਦੇਸੀ ਘਿਓ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ| ਇਸ ਖੂਨਦਾਨ ਕੈਂਪ ਵਿੱਚ ਕਈ ਸੰਤਾਂ, ਮਹਾਂ ਪੁਰਸ਼ਾਂ ਨੇ ਖੂਨਦਾਨੀਆਂ ਨੂੰ ਆਪ ਆ ਕੇ ਆਸ਼ੀਰਵਾਦ ਦਿੱਤਾ|

Leave a Reply

Your email address will not be published. Required fields are marked *