ਅਜ਼ਾਦੀ ਦਿਵਸ ਸਮਾਰੋਹ ਧੂਮਧਾਮ ਨਾਲ ਮਨਾਇਆ ਜਾਵੇਗਾ : ਮਾਨ

ਐਸ.ਏ.ਐਸ.ਨਗਰ, 26 ਜੁਲਾਈ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਕਾਲਜ ਫੇਜ਼-6 ਵਿਖੇ ਅਜ਼ਾਦੀ ਦਿਵਸ ਸਮਾਰੋਹ ਬੜੇ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਸਮਾਰੋਹ ਮੌਕੇ ਕਾਲਜਾਂ ਅਤੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਅਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੀਆਂ ਤਿਆਰੀਆਂ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ| ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਮੌਕੇ ਝਾਕੀਆਂ ਵੀ ਕੱਢੀਆਂ ਜਾਣਗੀਆਂ|
ਸ੍ਰੀ ਮਾਨ ਨੇ ਦੱਸਿਆ ਕਿ ਅਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਪੰਜਾਬ ਪੁਲੀਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਦੇ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਮਾਰੋਹ ਸਾਡਾ ਕੌਮੀ ਤਿਉਹਾਰ ਹੈ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰੀਏ| ਉਨ੍ਹਾਂ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੂੰ ਅਜ਼ਾਦੀ ਦਿਵਸ ਸਮਾਰੋਹ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਨੂੰ ਤਿਆਰ ਕਰਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ| ਉਨ੍ਹਾਂ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਭੰਗੜੇ ਦੀ ਆਈਟਮ ਸਮੇਤ ਹੋਰ ਆਈਟਮਾਂ ਦੀ ਤਿਆਰੀ ਕਰਾਉਣ ਲਈ ਵੀ ਆਖਿਆ|
ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਅਜ਼ਾਦੀ ਦਿਵਸ ਦੇ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ| ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਮੌਕੇ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ|
ਇਸ ਮੌਕੇ, ਐਸ.ਪੀ. (ਹੈ.ਕੁ) ਗੁਰਸੇਵਕ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ. ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਕਾਨੂੰ ਥਿੰਦ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਮਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ (ਐਲੀ.) ਗੁਰਪ੍ਰੀਤ ਕੌਰ ਧਾਲੀਵਾਲ, ਜਿਲ੍ਹਾ ਜੰਗਲਾਤ ਅਫਸਰ ਗੁਰਮਅਨਪ੍ਰੀਤ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਮਰਜੀਤ ਸਿੰਘ, ਐਕਸੀਅਨ ਐਚ.ਐਸ.ਓਬਰਾਏ, ਸਕੱਤਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਰਾਜ ਮੱਲ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *