ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੋਟਾਲੇ ਵਿੱਚ ਕੈਪਟਨ ਨੂੰ ਕੀਤਾ ਬਰੀ

ਐਸ ਏ ਐਸ ਨਗਰ, 27 ਜੁਲਾਈ (ਸ.ਬ.) ਮੁਹਾਲੀ ਦੀ ਵਿਜੀਲੈਂਸ ਕੋਰਟ ਨੇ ਅੰਮ੍ਰਿਤਸਰ ਇੰਪਰੂਵਮੈਂਟ ਜ਼ਮੀਨ ਘੋਟਾਲੇ ਦੇ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ| ਵਿਜੀਲੈਂਸ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ| ਅੱਜ ਕੈਪਟਨ ਅਮਰਿੰਦਰ ਸਿੰਘ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਹੋਏ ਅਤੇ ਅਦਾਲਤ ਨੇ ਮਾਮਲੇ ਵਿੱਚ ਕੈਂਸਲੇਸ਼ਨ ਰਿਪੋਰਟ ਨੂੰ ਮਨਜ਼ੂਰ ਕਰ ਲਿਆ| ਅਦਾਲਤ ਨੇ 10 ਮਿੰਟਾਂ ਅੰਦਰ ਹੀ ਆਪਣਾ ਫੈਸਲਾ ਸੁਣਾ ਦਿੱਤਾ|
ਕੈਪਟਨ ਅਮਰਿੰਦਰ ਸਿੰਘ ਦੇ ਅੱਜ ਮੁਹਾਲੀ ਵਿਜੀਲੈਂਸ ਅਦਾਲਤ ਵਿੱਚ ਆਉਣ ਕਾਰਨ ਸਵੇਰ ਤੋਂ ਹੀ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ| ਜਿਲ੍ਹਾ ਅਦਾਲਤਾਂ ਨੂੰ ਜਾਂਦੇ ਸਾਰੇ ਰਸਤਿਆਂ ਉੱਪਰ ਹੀ ਸੁਰੱਖਿਆ ਮੁਲਾਜਮ ਤੈਨਾਤ ਸਨ| ਹਰ ਚੌਂਕ ਵਿੱਚ ਹੀ ਪੁਲੀਸ ਗੱਡੀਆਂ ਖੜੀਆਂ ਸਨ ਅਤੇ ਉਥੇ ਮੌਜੂਦ ਸੁਰੱਖਿਆ ਮੁਲਾਜਮ ਆਲੇ ਦੁਆਲੇ ਸਖਤ ਚੌਕਸੀ ਰੱਖ ਰਹੇ ਸਨ|
ਜਿਕਰਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਵਿਜੀਲੈਂਸ ਬਿਊਰੋ ਵਲੋਂ ਸਾਲ 2008 ਵਿੱਚ ਕੈਪਟਨ ਅਮਰਿੰਦਰ ਸਿੰਘ ਸਮੇਤ 18 ਦੋਸ਼ੀਆਂ ਦੇ ਖਿਲਾਫ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੀ 32 ਏਕੜ ਜ਼ਮੀਨ ਗ਼ੈਰਕਾਨੂੰਨੀ ਢੰਗ ਨਾਲ ਇੱਕ ਪ੍ਰਾਈਵੇਟ ਡਿਵੈਲਪਰ ਨੂੰ ਟਰਾਂਸਫਰ ਕਰਨ ਸਬੰਧੀ ਕੇਸ ਦਰਜ ਕੀਤਾ ਸੀ| ਇਹ ਕੇਸ ਵਿਜੀਲੈਂਸ ਪੁਲੀਸ ਸਟੇਸ਼ਨ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ| ਇਸ ਕੇਸ ਵਿੱਚ ਅੱਜ ਮਾਣਯੋਗ ਵਿਜੀਲਂੈਸ ਅਦਾਲਤ ਵਲੋਂ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ|
ਜਦੋਂ ਇਹ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ ਤਾਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਨੂੰ ਉਨ੍ਹਾਂ ਨੇ ਉਜਾਗਰ ਕੀਤਾ ਸੀ| ਉਨ੍ਹਾਂ ਨੇ 21 ਪੰਨਿਆਂ ਦੀ ਪਟੀਸ਼ਨ ਦਾਇਰ ਕਰਕੇ ਅਤੇ ਨਿੱਜੀ ਤੌਰ ਤੇ ਅਦਾਲਤ ਵਿੱਚ ਪੇਸ਼ ਹੋ ਕੇ ਨਿਆਂਪਾਲਿਕਾ ਨੂੰ ਕੇਸ ਦੇ ਵੱਖ-ਵੱਖ ਪਹਿਲੂਆਂ ਤੇ ਅਸਲੀਅਤ ਤੋਂ ਜਾਣੂੰ ਕਰਾਉਣ ਲਈ ਸਰਕਾਰੀ ਗਵਾਹ ਬਣਨ ਦੀ ਗੁਹਾਰ ਲਾਈ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਸੀ|
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਹੀ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ 17 ਵਿਅਕਤੀਆਂ ਨੂੰ ਕਲੀਨ ਚਿੱਟ ਦੇ ਕੇ ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ਫਾਈਲ ਕੀਤੀ ਸੀ| ਅਦਾਲਤ ਵਿੱਚ ਇਸ ਕੇਸ ਦੀ ਚੱਲ ਰਹੀ ਸੁਣਵਾਈ ਦੌਰਾਨ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ ਤੇ ਸਾਬਕਾ ਵਿਧਾਨ ਸਭਾ ਸਪੀਕਰ ਕੇਵਲ ਕਿਸ਼ਨ ਦੀ ਮੌਤ ਵੀ ਹੋ ਗਈ ਸੀ| ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਬਰੀ ਹੋਣ ਜਾਣ ਤੋਂ ਬਾਅਦ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ|

Leave a Reply

Your email address will not be published. Required fields are marked *