ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ ਵਲੋਂ 15 ਨਵੰਬਰ ਤੋਂ ਜੇਲ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ

ਐਸ ਏ ਐਸ ਨਗਰ, 13 ਨਵੰਬਰ (ਸ.ਬ.) ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਵਲੋਂ  ਜਿਲਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਅੱਜ ਡੀ ਸੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਰੁਜਗਾਰ ਦੀ ਗਾਰੰਟੀ ਯਕੀਨੀ ਬਣਾਈ ਜਾਵੇ  ਅਤੇ ਚਿਤਾਵਨੀ ਦਿਤੀ ਗਈ ਕਿ ਜੇ 14 ਨਵੰਬਰ ਤਕ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 15 ਨਵੰਬਰ ਤੋਂ ਜੇਲ ਭਰੋ ਅੰਦੋਲਨ ਸ਼ੁਰੂ ਕਰ ਦਿਤਾ ਜਾਵੇਗਾ|
ਇਸ ਮੌਕੇ  ਡੀ ਸੀ ਦਫਤਰ ਸਾਹਮਣੇ ਦਿਤੇ ਧਰਨੇ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਈ ਸੀ ਸੀ ਈ ਪਾਲਿਸੀ ਤਹਿਤ ਆਂਗਨਵਾੜੀ ਸੈਂਟਰਾਂ ਵਿਚ ਹੀ ਰਖਿਆ ਜਾਣਾ ਚਾਹੀਦਾ ਹੈ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਰੁਜਗਾਰੀ ਦੀ ਗਾਰੰਟੀ ਯਕੀਨੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਂਗਨਵਾੜੀ ਵਰਕਰਾਂ ਨਾਲ  ਮਤਰੇਈਂ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ 62 ਦਿਨਾਂ ਤੋਂ ਪੰਜਾਬ ਦੀਆਂ 54 ਹਜਾਰ ਔਰਤਾਂ ਰੁਜਗਾਰ ਦੀ ਗਾਰੰਟੀ ਲਈ ਸੜਕਾਂ ਉਪਰ  ਸੰਘਰਸ਼ ਕਰ ਰਹੀਆਂ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਕੋਲ ਉਹਨਾਂ ਦੀਆਂ ਸਮਸਿਆਵਾਂ ਸੁਣਨ ਲਈ ਸਮਾਂ ਹੀ ਨਹੀਂ ਹੈ|  ਉਹਨਾਂ ਕਿਹਾ ਕਿ ਇਹਨਾਂ ਦਿਨਾਂ ਦੌਰਾਨ ਮੁੱਖ ਮੰਤਰੀ ਪੰਜਾਬ 4 ਵਾਰੀ ਯੂਨੀਅਨ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਰੱਦ ਕਰ ਚੁਕੇ ਹਨ| ਕੈਬਨਿਟ ਮੰਤਰੀ  ਰਜੀਆ ਸੁਲਤਾਨਾ ਵਲੋਂ 8 ਨਵੰਬਰ ਨੂੰ ਯੂਨੀਅਨ ਆਗੂਆਂ ਨਾਲ ਮੀਟਿੰਗ ਦੌਰਾਨ ਜੋ ਫੈਸਲੇ ਕੀਤੇ ਗਏ, ਉਹਨਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ| ਉਹਨਾਂ ਕਿਹਾ ਕਿ ਅੱਜ ਡੀ ਸੀ ਨੂੰ ਮੰਗ ਪੱਤਰ ਦੇ ਕੇ ਦਸਿਆ ਗਿਆ ਹੈ ਕਿ ਜੇ 14 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਯੂਨੀਅਨ ਆਗੂਆਂ ਦੀ ਰਖੀ ਮੀਟਿੰਗ ਫੇਰ ਮੁਲਤਵੀ ਕਰ ਦਿਤੀ ਜਾਂਦੀ ਹੈ ਜਾਂ ਇਹ ਮੀਟਿੰਗ ਬੇਸਿਟਾ ਰਹਿੰਦੀ ਹੈ ਤਾਂ 15 ਨਵੰਬਰ ਤੋਂ ਜੇਲ ਭਰੋ ਅੰਦੋਲਨ ਸ਼ੁਰੂ ਕਰ ਦਿਤਾ ਜਾਵੇਗਾ|  ਉਹਨਾਂ ਮੰਗ ਕੀਤੀ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਈ ਸੀ ਸੀ ਈ ਪਾਲਿਸੀ ਤਹਿਤ ਆਂਗਨਵਾੜੀ ਸੈਂਟਰਾਂ ਵਿਚ ਹੀ ਰਖਿਆ ਜਾਵੇ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਰੁਜਗਾਰੀ ਦੀ ਗਾਰੰਟੀ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣ, ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਮਾਣ ਭੱਤੇ ਵਿਚ ਵਾਧਾ ਕੀਤਾ ਜਾਵੇ| ਇਸ ਮੌਕੇ ਗੁਰਦੀਪ ਕੌਰ, ਸੀਨੀਅਰ ਮੀਤ ਪ੍ਰਧਾਨ ਪੰਜਾਬ, ਰਜਿੰਦਰ ਕੌਰ, ਭਿੰਦਰ ਕੌਰ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *