ਆਖਿਰ ਕਦੋਂ ਹਲ ਹੋਵੇਗੀ ਸ਼ਹਿਰ ਵਿਚਲੀ ਆਵਾਰਾ ਪਸ਼ੂਆਂ ਦੀ ਸਮੱਸਿਆ?

ਦੋ ਦਿਨ ਪਹਿਲਾਂ ਸਥਾਨਕ ਫੇਜ਼ 7 ਅਤੇ 3 ਬੀ 2 ਨੂੰ ਵੰਡਣ ਵਾਲੀ ਸੜਕ ਤੇ ਜਾ ਰਹੇ ਇੱਕ ਮੋਟਰ ਸਾਈਕਲ ਸਵਾਰ ਪਤੀ ਪਤਨੀ ਦੀ ਸੜਕ ਤੇ ਆਵਾਰਾ ਘੁੰਮ ਰਹੀ ਇੱਕ ਗਾਂ ਨਾਲ ਟੱਕਰ ਹੋਣ ਕਾਰਨ ਜਿੱਥੇ ਮੋਟਰ ਸਾਈਕਲ ਚਲਾ ਰਹੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਉੱਥੇ ਉਸਦੀ ਪਤਨੀ ਗੰਭੀਰ ਜਖਮੀ ਹੋ ਗਈ| ਸ਼ਹਿਰ ਵਿੱਚ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਕਿਸੇ ਵਿਅਕਤੀ ਦੇ ਅਚਾਨਕ ਹਾਦਸੇ ਦਾ ਸ਼ਿਕਾਰ ਹੋਣ ਦਾ ਇਹ ਪਹਿਲਾ ਮਾਮਲਾ ਨਹੀਂ ਹੈ| ਇਸਤੋਂ ਪਹਿਲਾਂ ਵੀ ਅਜਿਹੇ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਤੇ ਕਾਬੂ ਕਰਨ ਵਿੱਚ ਪ੍ਰਸ਼ਾਸ਼ਨ ਦੀ ਨਾਕਾਮੀ ਦੀ ਕੀਮਤ ਆਮ ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਦੇ ਕੇ ਚੁਕਾਉਣੀ ਪੈ ਰਹੀ ਹੈ|
ਸਾਡੇ ਸ਼ਹਿਰ ਵਿਚਲੀ ਆਵਾਰਾ ਪਸ਼ੂਆਂ ਦੀ ਸਮੱਸਿਆ ਬਹੁਤ ਪੁਰਾਣੀ ਹੈ ਅਤੇ ਸ਼ਹਿਰ ਦੀ ਉਸਾਰੀ ਦੇ ਮੁੱਢਲੇ ਪੜਾਅ ਤੋਂ ਆਰੰਭ ਹੋਈ ਇਹ ਸਮੱਸਿਆ ਸਮੇਂ ਦੇ ਨਾਲ ਨਾਲ ਵੱਧਦੀ ਹੀ ਰਹੀ ਹੈ| ਸ਼ਹਿਰ ਦੇ ਵਿਕਾਸ ਦੇ ਪਿਛਲੇ ਚਾਰ ਦਹਾਕਿਆਂ ਦੇ ਸਫਰ ਦੇ ਦੌਰਾਨ ਸ਼ਹਿਰ ਦੇ ਘੇਰੇ ਵਿੱਚ ਹੋਣ ਵਾਲੇ ਵਾਧੇ ਦੇ ਨਾਲ ਨਾਲ ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੁੰਦਾ ਰਿਹਾ ਹੈ| ਇਹ ਆਵਾਰਾ ਪਸ਼ੂ ਸ਼ਹਿਰ ਦੀਆਂ ਮੁੱਖ ਸੜਕਾਂ, ਮਾਰਕੀਟਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬੇਲਗਾਮ ਘੁੰਮਦੇ ਰਹਿੰਦੇ ਹਨ ਅਤੇ ਥਾਂ ਥਾਂ ਤੇ ਗੰਦਗੀ ਫੈਲਾਉਂਦੇ ਰਹਿੰਦੇ ਹਨ| ਇਹਨਾਂ ਕਾਰਨ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ ਅਤੇ ਅਕਸਰ ਸੜਕ ਹਾਦਸੇ ਵੀ ਵਾਪਰਦੇ ਹਨ|
ਇਹ ਆਵਾਰਾ ਪਸ਼ੂ ਅਕਸਰ ਰਾਹ ਜਾਂਦੇ ਬਜੁਰਗਾਂ, ਬੱਚਿਆਂ ਅਤੇ ਮਹਿਲਾਵਾਂ ਦੇ ਪਿੱਛੇ ਭੱਜ ਲੈਂਦੇ ਹਨ ਅਤੇ ਇਹਨਾਂ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਦਾ ਅੰਦਾਜਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ| ਪਿਛਲੇ ਸਮੇਂ ਦੌਰਾਨ ਇਹਨਾਂ ਆਵਾਰਾ ਪਸ਼ੂਆਂ ਵਲੋਂ ਸ਼ਹਿਰ ਵਾਸੀਆਂ ਉੱਪਰ ਹਮਲਾ ਕਰਨ ਦੇ ਮਾਮਲਿਆਂ ਵਿੱਚ ਵਾਧਾ ਹੋਣ ਦੇ ਬਾਵਜੂਦ ਪ੍ਰਸ਼ਾਸ਼ਨ ਵਲੋਂ ਸ਼ਹਿਰਵਾਸੀਆਂ ਦੀ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ| ਪ੍ਰਸ਼ਾਸ਼ਨ ਦੀ ਕਾਰਵਾਈ ਸਿਰਫ ਅਤੇ ਸਿਰਫ ਬਿਆਨਬਾਜੀ ਤਕ ਸੀਮਿਤ ਹੈ ਅਤੇ ਇਹ ਸਮੱਸਿਆ ਪਹਿਲਾਂ ਵਾਗ ਹੀ ਬਣੀ ਹੋਈ ਹੈ| ਸੜਕਾਂ ਤੇ ਘੁੰਮਦੇ ਇਹ ਆਵਾਰਾ ਪਸ਼ੂ ਸਾਈਕਲਾਂ ਅਤੇ ਦੋਪਹੀਆ ਵਾਹਨਾਂ ਤੇ ਜਾਂਦੇ ਲੋਕਾਂ ਦੇ ਪਿੱਛੇ ਵੀ ਭੱਜ ਪੈਂਦੇ ਹਨ ਜਿਸ ਕਾਰਨ ਸੜਕ ਹਾਦਸੇ ਵੀ ਵਾਪਰਦੇ ਹਨ|
ਇਸ ਸੰਬੰਧੀ ਜੇਕਰ ਪ੍ਰਸ਼ਾਸ਼ਨ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਦੀ ਗੱਲ ਕੀਤੀ ਜਾਵੇ ਤਾਂ ਆਵਾਰਾ ਪਸ਼ੂਆਂ ਦੀ ਇਸ ਸਮੱਸਿਆ ਦੇ ਹਲ ਲਈ ਕੀਤੀ ਜਾਣ ਵਾਲੀ ਇਹ ਕਾਰਵਾਈ ਸ਼ੁਰੂ ਤੋਂ ਹੀ ਸਵਾਲਾਂ ਦੇ ਘੇਰੇ ਵਿੱਚ ਰਹਿੰਦੀ ਆਈ ਹੈ ਅਤੇ ਸਥਾਨਕ ਪ੍ਰਸ਼ਾਸ਼ਨ ਸ਼ਹਿਰਵਾਸੀਆਂ ਦੀ ਇਸ ਅਹਿਮ ਸਮੱਸਿਆ ਦਾ ਹਲ ਕਰਨ ਵਿੱਚ ਪੂਰੀ ਤਰ੍ਹਾ ਨਾਕਾਮ ਰਿਹਾ ਹੈ| ਆਵਾਰਾ ਪਸ਼ੂਆਂ ਦੀ ਇਸ ਸਮੱਸਿਆ ਦਾ ਹਲ ਕਰਨ ਦੀ ਜਿੰਮੇਵਾਰੀ ਨਗਰ ਨਿਗਮ ਦੇ ਅਧੀਨ ਹੈ ਅਤੇ ਇਸ ਕੰਮ ਲਈ ਨਿਗਮ ਵਿੱਚ ਬਾਕਾਇਦਾ ਸਟਾਫ ਵੀ ਤੈਨਾਤ ਕੀਤਾ ਗਿਆ ਹੈ| ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਨੂੰ ਫੜ ਕੇ ਰੱਖਣ ਲਈ ਬਾਕਾਇਦਾ ਇੱਕ ਗਊਸ਼ਾਲਾ ਵੀ ਮੌਜੂਦ ਹੈ ਪਰੰਤੂ ਇਸਦੇ ਬਾਵਜੂਦ ਨਗਰ ਨਿਗਮ, ਸ਼ਹਿਰ ਵਾਸੀਆਂ ਦੀ ਇਸ ਸਮੱਸਿਆ ਨੂੰ ਹਲ ਕਰਨ ਵਿੱਚ ਨਾਕਾਮ ਸਾਬਿਤ ਹੁੰਦਾ ਆਇਆ ਹੈ ਅਤੇ ਇਹਨਾਂ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ|
ਆਮ ਲੋਕਾਂ ਦੀ ਜਾਨ ਲਈ ਖਤਰਾ ਪੈਦਾ ਕਰਨ ਵਾਲੇ ਇਹਨਾਂ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹਲ ਕਰਨਾ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਅਤੇ ਪ੍ਰਸ਼ਾਸ਼ਨ ਵਲੋਂ ਇਸ ਸਮੱਸਿਆ ਦੇ ਪ੍ਰਭਾਵੀ ਹਲ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ| ਇਸ ਸੰਬੰਧੀ ਜਿੱਥੇ ਨਗਰ ਨਿਗਮ ਦੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ ਉੱਥੇ ਸ਼ਹਿਰ ਵਿੱਚ ਨਾਲ ਲੱਗਦੇ ਇਲਾਕਿਆਂ ਤੋਂ ਆਉਣ ਵਾਲੇ ਆਵਾਰਾ ਪਸ਼ੂਆਂ ਦੀ ਰੋਕਥਾਮ ਲਈ ਵੀ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ| ਨਗਰ ਨਿਗਮ ਦੇ ਮੇਅਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਨਿਗਮ ਦੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਨ| ਇਸਤੋਂ ਪਹਿਲਾਂ ਕਿ ਆਵਾਰਾ ਪਸ਼ੂਆਂ ਕਾਰਨ ਕਿਸੇ ਹੋਰ ਨੂੰ ਆਪਣੀ ਜਾਨ ਗਵਾਉਣੀ ਪਵੇ ਨਗਰ ਨਿਗਮ ਵਲੋਂ ਇਸ ਸੰਬੰਧੀ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰਵਾਸੀਆਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇ|

Leave a Reply

Your email address will not be published. Required fields are marked *