ਆਖਿਰ ਹਲ ਕਿਉਂ ਨਹੀਂ ਹੁੰਦੀ  ਆਵਾਰਾ ਪਸ਼ੂਆਂ ਦੀ ਸਮੱਸਿਆ?

ਸਾਡੇ ਸ਼ਹਿਰ ਵਿੱਚ ਘੁੰਮਦੇ ਆਵਾਰਾ ਪਸ਼ੂਆਂ ਦੀ ਸਮੱਸਿਆ ਬਹੁਤ ਪੁਰਾਣੀ ਹੈ ਅਤੇ ਇਹ ਵੀ ਕਿਹਾ ਜਾ ਸਕਦਾ ਹੈ ਕਿ ਸਾਡੇ ਸ਼ਹਿਰ ਦੀ ਉਸਾਰੀ ਦੇ ਮੁੱਢਲੇ ਪੜਾਅ ਤੋਂ ਹੀ ਇੱਥੇ ਆਵਾਰਾ ਪਸ਼ੂਆਂ ਦੀ ਸਮੱਸਿਆ ਚਲਦੀ ਆ ਰਹੀ ਹੈ| ਸ਼ਹਿਰ ਦੇ ਵਿਕਾਸ ਅਤੇ ਪਸਾਰ ਦੇ ਪਿਛਲੇ ਚਾਰ ਦਹਾਕਿਆਂ ਦੌਰਾਨ  ਭਾਵੇਂ ਸਾਡੇ ਸ਼ਹਿਰ ਦਾ ਸਰਬਪੱਖੀ ਵਿਕਾਸ ਵੀ ਹੋਇਆ ਹੈ ਪਰੰਤੂ ਇਸ ਦੌਰਾਨ ਸ਼ਹਿਰ ਵਿੱਚਲੀ ਆਵਾਰਾ ਪਸ਼ੂਆਂ ਦੀ ਇਹ ਸਮੱਸਿਆ ਲਗਾਤਾਰ ਬਣੀ ਰਹੀ ਹੈ| ਇਸ ਸੰਬੰਧੀ ਪ੍ਰਸ਼ਾਸ਼ਨ ਵਲੋਂ ਇਸ ਸਮੱਸਿਆ ਦੇ ਹਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਲੰਬੇ ਚੌੜੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰੰਤੂ ਪ੍ਰਸ਼ਾਸ਼ਨ ਦੀ ਇਹ ਕਾਰਵਾਈ ਸ਼ੁਰੂ ਤੋਂ ਹੀ ਸਵਾਲਾਂ ਦੇ ਘੇਰੇ ਵਿੱਚ ਰਹਿਦੀ ਆਈ ਹੈ ਅਤੇ ਸਥਾਨਕ ਪ੍ਰਸ਼ਾਸ਼ਨ ਸ਼ਹਿਰਵਾਸੀਆਂ ਦੀ ਇਸ ਅਹਿਮ ਸਮੱਸਿਆ ਦਾ ਹਲ ਕਰਨ ਵਿੱਚ ਪੂਰੀ ਤਰ੍ਹਾ ਨਾਕਾਮ ਰਿਹਾ ਹੈ|
ਇਹਨਾਂ ਆਵਾਰਾ ਪਸ਼ੂਆਂ ਨੂੰ  ਸ਼ਹਿਰ ਦੀਆਂ ਮੁੱਖ ਸੜਕਾਂ, ਮਾਰਕੀਟਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਅਕਸਰ ਘੁੰਮਦਿਆਂ ਵੇਖਿਆ ਜਾ ੋਕਦਾ ਹੇ ਅਤੇ ਇਹਨਾਂ ਆਵਾਰਾ ਪਸ਼ੂਆਂ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ| ਥਾਂ ਥਾਂ ਤੇ ਗੰਦਗੀ ਫੈਲਾਉਂਦੇ ਇਹ ਆਵਾਰਾ ਪਸ਼ੂ ਟ੍ਰੈਫਿਕ ਵਿਵਸਥਾ ਲਈ ਵੀ ਰੁਕਾਵਟ ਬਣਦੇ ਹਨ|  ਇਹ ਪਸ਼ੂ ਸਾਈਕਲਾਂ ਅਤੇ ਦੋਪਹੀਆ ਵਾਹਨਾਂ ਤੇ ਜਾਂਦੇ ਲੋਕਾਂ ਦੇ ਪਿੱਛੇ ਵੀ ਭੱਜ ਪੈਂਦੇ ਹਨ ਜਿਸ ਕਾਰਨ ਸੜਕ ਹਾਦਸੇ ਵੀ ਵਾਪਰਦੇ ਹਨ| ਰਿਹਾਇਸ਼ੀ ਘਰਾਂ ਅੱਗੇ ਗਲੀਆਂ ਵਿੱਚ ਘੁੰਮਦੇ ਇਹ ਆਵਾਰਾ ਪਸ਼ੂ ਰਾਹ ਜਾਂਦੇ ਬਜੁਰਗਾਂ, ਬੱਚਿਆਂ ਅਤੇ ਮਹਿਲਾਵਾਂ ਦੇ ਵੀ ਪਿੱਛੇ ਪੈ ਜਾਂਦੇ ਹਨ ਜਿਸ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਦਾ ਅੰਦਾਜਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ|
ਆਵਾਰਾ ਪਸ਼ੂਆਂ ਦੀ ਇਸ ਸਮੱਸਿਆ ਦਾ ਹਲ ਕਰਨ ਦੀ ਜਿੰਮੇਵਾਰੀ ਨਗਰ ਨਿਗਮ ਦੇ ਕਾਰਜਖੇਤਰ ਦੇ ਅਧੀਨ ਆਉਂਦੀ ਹੈ ਅਤੇ ਇਸ ਕੰਮ ਲਈ ਨਿਗਮ ਵਿੱਚ ਬਾਕਾਇਦਾ ਸਟਾਫ ਵੀ ਤੈਨਾਤ ਕੀਤਾ ਗਿਆ ਹੈ| ਇਸਦੇ ਨਾਲ ਨਾਲ ਸ਼ਹਿਰ ਵਿੱਚ ਘੁੰਮਦੇ ਆਵਾਰਾ ਪਸ਼ੂਆਂ ਨੂੰ ਫੜ ਕੇ ਰੱਖਣ ਲਈ ਇੱਕ ਗਊਸ਼ਾਲਾ ਵੀ ਬਣੀ ਹੋਈ ਹੈ ਜਿੱਥੇ ਇਹਨਾਂ ਜਾਨਵਰਾਂ ਦੇ ਰਹਿਣ ਅਤੇ ਖਾਣ ਪੀਣ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ ਪਰੰਤੂ ਇਸਦੇ ਬਾਵਜੂਦ ਸ਼ਹਿਰ ਵਿੱਚ ਘੁੰਮਦੇ ਇਹ ਆਵਾਰਾ ਪਸ਼ੂ ਨਗਰ ਨਿਗਮ ਦੀ ਕਾਰਗੁਜਾਰੀ ਤੇ ਸਵਾਲੀਆ ਨਿਸ਼ਾਲ ਖੜ੍ਹੇ ਕਰਦੇ ਹਨ|
ਆਵਾਰਾ ਪਸ਼ੂਆਂ ਦੀ ਇਸ ਸਮੱਸਿਆ ਤੇ ਕਾਬੂ ਕਰਨ ਵਿੱਚ ਨਗਰ ਨਿਗਮ ਦੀ ਨਾਕਾਮੀ ਦਾ ਸਭ ਤੋਂ ਵੱਡਾ ਕਾਰਨ ਇਸ ਸੰਬੰਧੀ ਨਿਗਮ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਵਿੱਚ ਲਗਾਤਾਰਤਾ ਦੀ ਕਮੀ ਨੂੰ ਵੀ ਮੰਨਿਆ ਜਾ ਸਕਦਾ ਹੈ| ਨਗਰ ਨਿਗਮ ਦੇ ਕਰਮਚਾਰੀਆਂ ਦੀ ਟੋਲੀ ਕਦੇ ਕਦਾਰ ਇਹਨਾਂ ਆਵਾਰਾ ਪਸ਼ੂਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੀ ਨਜਰ ਵੀ ਆ ਜਾਂਦੀ ਹੈ ਪਰੰਤੂ ਇਹ ਕਾਰਵਾਈ ਬਹੁੰਤ ਛੇਤੀ ਖਤਮ ਹੋ ਜਾਂਦੀ ਹੈ ਅਤੇ ਜਿੰਨੇ ਕੁ ਪਸ਼ੂ ਇਹ ਕਰਮਚਾਰੀ ਫੜਦੇ ਹਨ ਉਸ ਤੋਂ ਕਿਤੇ ਵੱਧ ਪਸ਼ੂ ਸ਼ਹਿਰ ਵਿੱਚ ਦਾਖਿਲ ਹੋ ਜਾਂਦੇ ਹਨ ਜਿਸ ਕਾਰਨ ਇਹ ਸਮੱਸਿਆ ਲਗਾਤਾਰ ਵੱਧਦੀ ਹੀ ਰਹਿੰਦੀ ਹੈ|
ਆਵਾਰਾ ਪਸ਼ੂਆਂ ਦੀ ਇਸ ਸਮੱਸਿਆ ਤੇ ਪੂਰੀ ਤਰ੍ਹਾਂ ਕਾਬੂ ਕਰਕੇ ਸ਼ਹਿਰ ਵਾਸੀਆਂ ਨੂੰ ਇਸ ਸੰਬੰਧੀ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਰਾਹਤ ਦੇਣਾ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਹੈ ਅਤੇ ਅਜਿਹਾ ਤਾਂ ਹੀ ਸੰਭਵ ਹੈ ਜੇਕਰ  ਪ੍ਰਸ਼ਾਸ਼ਨ ਵਲੋਂ ਇਸ ਸਮੱਸਿਆ ਦੇ ਪ੍ਰਭਾਵੀ ਹਲ ਲਈ ਯੋਜਨਾਬੱਧ ਢੰਗ ਨਾਲ (ਲਗਾਤਾਰ) ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ| ਕਦੇ ਕਦਾਰ ਕੀਤੀ ਜਾਣ ਵਾਲੀ ਅੱਧੀ ਅਧੂਰੀ ਕਾਰਵਾਈ ਇਸ ਸਮੱਸਿਆ ਦਾ ਹਲ ਕਰਨ ਦੀ ਸਮਰਥ ਨਹੀਂ ਹੋ ਸਕਦੀ ਅਤੇ ਇਸ ਸੰਬੰਧੀ ਨਿਗਮ ਵਲੋਂ ਲਗਾਤਾਰ ਕਰਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਖਾਹੀਦੀ ਹੈ| ਇਸਦੇ ਨਾਲ ਨਾਲ ਨਗਰ ਨਿਗਮ ਦੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਵਿਚ ਨਾਲ ਲੱਗਦੇ ਇਲਾਕਿਆਂ ਤੋਂ ਆਉਣ ਵਾਲੇ ਆਵਾਰਾ ਪਸ਼ੂਆਂ ਦੀ ਰੋਕਥਾਮ ਲਈ ਵੀ ਕਦਮ ਚੁੱਕੇ ਜਾਣੇ ਚਾਹੀਦੇ ਹਨ|
ਨਗਰ ਨਿਗਮ ਦੇ ਮੇਅਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਨਿਗਮ ਦੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਨ| ਸ਼ਹਿਰਵਾਸੀਆਂ ਦੀ ਇਸ ਅਹਿਮ ਸਮੱਸਿਆ ਦੇ ਹਲ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰਵਾਸੀਆਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇ|

Leave a Reply

Your email address will not be published. Required fields are marked *