ਆਟੋ ਰਿਕਸ਼ਿਆਂ ਵਾਸਤੇ ਸਪੀਡ ਲਿਮਿਟ ਲਾਗੂ ਕਰੇ ਪ੍ਰਸ਼ਾਸ਼ਨ

ਸਾਡੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਸੰਭਾਲਣ ਵਾਲੀ ਟ੍ਰੈਫਿਕ ਪੁਲੀਸ ਵਲੋਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੇ ਦਾਅਵੇ ਤਾਂ ਬਹੁਤ ਕੀਤੇ ਜਾਂਦੇ ਹਨ ਅਤੇ ਇਸ ਸੰਬੰਧੀ ਟ੍ਰੈਫਿਕ ਪੁਲੀਸ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਨਾਕੇ ਬੰਦੀ ਕਰਕੇ ਵਾਹਨ ਚਾਲਕਾਂ ਦੇ ਚਾਲਾਨ ਕੱਟਣ ਦੀ ਮੁਹਿਮ ਵੀ ਅਕਸਰ ਨਜਰ ਆ ਜਾਂਦੀ ਹੈ| ਪਰੰਤੂ ਟ੍ਰੈਫਿਕ ਪੁਲੀਸ ਦੀ ਇਹ ਕਾਰਵਾਈ ਸਿਰਫ ਆਮ ਲੋਕਾਂ ਦੇ ਚਾਲਾਨ ਕੱਟਣ ਤਕ ਹੀ ਸੀਮਿਤ ਰਹਿੰਦੀ ਹੈ ਅਤੇ ਇਸਦਾ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੇ ਕੋਈ ਅਸਰ ਨਹੀਂ ਪੈਂਦਾ|
ਆਪਣੀ ਇਸ ਮੁਹਿੰਮ ਦੌਰਾਨ ਟ੍ਰੈਫਿਕ ਪੁਲੀਸ ਵਲੋਂ ਵਿਖਾਈ ਜਾਣ ਵਾਲੀ ਇਸ ਚੁਸਤੀ ਤੋਂ ਬਾਅਦ ਆਮ ਵਾਹਨ ਚਾਲਕਾਂ ਵਿੱਚ ਭਾਵੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਦਾ ਰੁਝਾਨ ਵੀ ਦਿਖਦਾ ਹੈ ਪਰੰਤੂ ਟ੍ਰੈਫਿਕ ਪੁਲੀਸ ਵਲੋਂ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਦੇ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਤੇ ਕਾਬੂ ਕਰਨ ਦੀ ਥਾਂ ਉਹਨਾਂ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਦਿੱਤਾ ਜਾਂਦਾ ਹੈ ਜਦੋਂਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਲਈ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਦੇ ਇਹਨਾਂ ਚਾਲਕਾਂ ਨੂੰ ਕਾਫੀ ਹੱਦ ਤਕ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ| ਸ਼ਹਿਰ ਦੇ ਕਿਸੇ ਵੀ ਵਸਨੀਕ ਨਾਲ ਗੱਲ ਕਰਕੇ ਵੇਖ ਲਓ, ਲੋਕਾਂ ਵਲੋਂ ਸਿੱਧੇ ਰੂਪ ਵਿੱਚ ਇਹਨਾਂ ਆਟੋ ਚਾਲਕਾਂ ਤੇ ਹੀ ਉਂਗਲ ਚੁੱਕੀ ਜਾਂਦੀ ਹੈ|
ਲੋਕਾਂ ਦੀ ਇਹ ਆਮ ਸ਼ਿਕਾਇਤ ਹੈ ਕਿ ਇਹਨਾਂ ਆਟੋ ਰਿਕਸ਼ਾ ਚਾਲਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਬਿਲਕੁਲ ਪਰਵਾਹ ਨਹੀਂ ਕੀਤੀ ਜਾਂਦੀ ਅਤੇ ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀ ਚੁੱਕਣ ਦੀ ਹੋੜ ਵਿੱਚ ਇਹਨਾਂ ਆਟੋ ਰਿਕਸ਼ਾ ਚਾਲਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਖੁੱਲ੍ਹੀ ਉਲੰਘਣਾ ਕੀਤੀ ਜਾਂਦੀ ਹੈ ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਤੇ ਅਕਸਰ ਸੜਕ ਹਾਦਸੇ ਵੀ ਵਾਪਰਦੇ ਹਨ| ਇਹ ਸ਼ਿਕਾਇਤ ਕਾਫੀ ਹੱਦ ਤਕ ਜਾਇਜ ਵੀ ਹੈ| ਅਸਲੀਅਤ ਇਹੀ ਹੈ ਕਿ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਵਿੱਚੋਂ ਜ਼ਿਆਦਾਤਰ ਦੇ ਚਾਲਕ ਆਪਣੇ ਵਾਹਨ ਬਹੁਤ ਤੇਜ ਰਫਤਾਰ ਨਾਲ ਚਲਾਉਂਦੇ ਹਨ ਅਤੇ ਕਈ ਵਾਰ ਤਾਂ ਸੜਕ ਤੇ ਇਹ ਹਾਲਾਤ ਬਣ ਜਾਂਦੇ ਹਨ ਕਿ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਵਿੱਚ ਇਹਨਾਂ ਆਟੋ ਰਿਕਸ਼ਿਆਂ ਵਲੋਂ ਪੂਰੀ ਸੜਕ ਹੀ ਘੇਰ ਲਈ ਜਾਂਦੀ ਹੈ| ਇਹ ਆਟੋ ਚਾਲਕ ਆਪਣੀ ਇਸ ਸੁਰ ਵਿੱਚ ਵਾਹਨ ਚਲਾਉਣ ਵੇਲੇ ਇਸ ਗੱਲ ਵੱਲ ਵੀ ਧਿਆਨ ਨਹੀਂ ਦਿੰਦੇ ਕਿ ਉਹਨਾਂ ਦੀਆਂ ਅਜਿਹੀਆਂ ਹਰਕਤਾਂ ਹੋਰਨਾਂ ਵਾਹਨ ਚਾਲਕਾਂ ਲਈ ਭਾਰੀ ਪਰੇਸ਼ਾਨੀ ਦਾ ਕਾਰਨ ਬਣਦੀਆਂ ਹਨ| ਹੋਰ ਤਾਂ ਹੋਰ ਇਸ ਤਰੀਕੇ ਨਾਲ ਤੇਜ ਰਫਤਾਰ ਨਾਲ ਚਲਦੇ ਇਹ ਥ੍ਰੀ ਵਹੀਲਰ ਕਈ ਵਾਰ ਸੜਕ ਤੇ ਹੀ ਕਿਸੇ ਹਾਦਸੇ ਦਾ ਸ਼ਿਕਾਰ ਵੀ ਹੋ ਜਾਂਦੇ ਹਨ ਜਿਸ ਕਾਰਨ ਇਹਨਾਂ ਵਿੱਚ ਬੈਠੀਆਂ ਸਵਾਰੀਆਂ ਵੀ ਜਖਮੀ ਹੋ ਜਾਂਦੀਆਂ ਹਨ|
ਹਾਲਾਂਕਿ ਇਹ ਵੀ ਹਕੀਕਤ ਹੈ ਕਿ ਸ਼ਹਿਰ ਵਿੱਚ ਚਲਦੇ ਇਹ ਆਟੋ ਰਿਕਸ਼ੇ ਸ਼ਹਿਰ ਵਾਸੀਆਂ ਦੀ ਮੁੱਢਲੀ ਲੋੜ ਬਣ ਚੁੱਕੇ ਹਨ ਅਤੇ ਆਮ ਲੋਕ ਇੱਕ ਥਾਂ ਤੋਂ ਦੂਜੀ ਥਾਂ ਤਕ ਪਹੁੰਚਣ ਲਈ ਕਾਫੀ ਹੱਦ ਤਕ ਇਹਨਾਂ ਆਟੋ ਰਿਕਸ਼ਿਆਂ ਤੇ ਹੀ ਨਿਰਭਰ ਕਰਦੇ ਹਨ ਪਰੰਤੂ ਇਸਦੇ ਬਾਵਜੂਦ ਇਹਨਾਂ ਆਟੋ ਚਾਲਕਾਂ ਨੂੰ ਸੜਕਾਂ ਤੇ ਆਪਹੁਦਰੀਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ| ਸ਼ਹਿਰ ਦੀਆਂ ਸੜਕਾਂ ਤੇ ਭੜਥੂ ਪਾਉਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਕਾਰਨ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਹੁੰਦੇ ਭਾਰੀ ਨੁਕਸਾਨ ਤੋਂ ਬਚਾਉਣ ਲਈ ਇਹ ਜ਼ਰੂਰੀ ਹੈ ਕਿ ਇਹਨਾਂ ਆਟੋ ਰਿਕਸ਼ਿਆਂ ਦੀ ਤੇਜ ਰਫਤਾਰੀ ਤੇ ਕਾਬੂ ਕੀਤਾ ਜਾਵੇ ਅਤੇ ਇਹਨਾਂ ਵਾਹਨਾਂ ਦੀ ਸਪੀਡ ਲਿਮਟ ਤੈਅ ਕੀਤੀ ਜਾਵੇ ਜਿਸਦੇ ਤਹਿਤ ਇਹਨਾਂ ਆਟੋ ਰਿਕਸ਼ਿਆਂ ਵਿੱਚ ਅਜਿਹੇ ਯੰਤਰ ਫਿਟ ਕੀਤੇ ਜਾਣ ਜਿਸ ਨਾਲ ਇਹ ਵਾਹਨ ਇੱਕ ਮਿੱਥੀ ਰਫਤਾਰ ਤੋਂ ਵੱਧ ਤੇਜ਼ ਚਲ ਹੀ ਨਾ ਸਕਣ|
ਇਹ ਆਟੋ ਚਾਲਕ ਆਪਣੀ ਇਸ ਤੇਜ ਰਫਤਾਰ ਕਾਰਨ ਆਮ ਸਵਾਰੀਆਂ ਲਈ ਵੀ ਖਤਰਾ ਬਣਦੇ ਹਨ ਇਸ ਲਈ ਇਹਨਾਂ ਦੀ ਰਫਤਾਰ ਤੇ ਕਾਬੂ ਕੀਤਾ ਜਾਣਾ ਬਹੁਤ ਜ਼ਰੂਰੀ ਹੈ| ਸਥਾਨਕ ਪ੍ਰਸ਼ਾਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਇਹਨਾਂ ਆਟੋ ਰਿਕਸ਼ਿਆਂ ਦੀ ਰਫਤਾਰ ਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਏ ਤਾਂ ਜੋ ਸ਼ਹਿਰ ਵਾਸੀਆਂ ਨੂੰ ਜਿੱਥੇ ਇੱਥ ਪਾਸੇ ਸੁਰਖਿਅਤ ਆਵਾਜਾਈ ਦੀ ਸਹੂਲੀਅਤ ਮਿਲੇ ਉੱਥੇ ਲਗਾਤਾਰ ਵੱਧਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੋਂ ਵੀ ਛੁਟਕਾਰਾ ਹਾਸਿਲ ਹੋਵੇ|

Leave a Reply

Your email address will not be published. Required fields are marked *