ਆਪਣੀ ਡਿਊਟੀ ਸਮਰਪਿਤ ਭਾਵਨਾ ਅਤੇ ਇਮਾਨਦਾਰੀ ਨਾਲ ਨਿਭਾਉਣ ਅਧਿਕਾਰੀ ਅਤੇ ਕਰਮਚਾਰੀ : ਕੁਮਾਰ ਰਾਹੁਲ

ਐਸ.ਏ.ਐਸ.ਨਗਰ, 19 ਮਾਰਚ (ਸ.ਬ.) ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਸਮਰਪਿਤ ਭਾਵਨਾ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਾਲ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੀ ਲੋਕ ਭਲਾਈ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਲੋਕ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜਨਲ ਕਮਿਸ਼ਨਰ ਰੂਪਨਗਰ ਸ੍ਰੀ ਕੁਮਾਰ ਰਾਹੁਲ ਆਈ.ਏ.ਐਸ.ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀ ਸੱਦੀ ਮੀਟਿੰਗ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ| ਸ੍ਰੀ ਕੁਮਾਰ ਰਾਹੂਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਹਿਲੀ ਵਾਰ ਪੁੱਜਣ ਤੇ ਪੁਲੀਸ ਦੀ ਟਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ| ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਆਰ.ਟੀ.ਏ.ਸ੍ਰੀ ਸੁਖਵਿੰਦਰ ਕੁਮਾਰ ਵੀ ਮੌਜੂਦ ਸਨ|
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਕੁਮਾਰ ਰਾਹੁਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜ਼ਿਲ੍ਹੇ ਦੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਅਤੇ ਆਮ ਲੋਕ ਜੋ ਦਫਤਰਾਂ ਵਿੱਚ ਕੰਮਕਾਜ ਲਈ ਆਉਂਦੇ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਦਫਤਰਾਂ ਵਿਚ ਕਿਸਮ ਦੀ ਖੱਜ਼ਲ ਖੁਆਰੀ ਨਾ ਹੋਵੇ| ਸ੍ਰੀ ਕੁਮਾਰ ਰਾਹੁਲ ਨੇ ਇਸ ਮੌਕੇ ਜ਼ਿਲ੍ਹੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਬਿਹਤਰ ਸਿਹਤ ਸੇਵਾਵਾਂ ਨੂੰ ਪੁੱਜਦੀਆਂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਅਤੇ ਆਗਣਵਾੜੀ ਕੇਂਦਰਾਂ ਰਾਂਹੀ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਪੌਸ਼ਟਿਕ ਆਹਾਰ ਨੂੰ ਵੀ ਬੱਚਿਆਂ ਤੱਕ ਮਿਲਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ| ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਂਗਣਵਾੜੀ ਕੇਂਦਰਾਂ ਦੀ ਅਚਨਚੇਤੀ ਚੈਕਿੰਗ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ| ਉਨ੍ਹਾਂ ਹੋਰ ਕਿਹਾ ਕਿ ਐਸ.ਏ.ਐਸ.ਨਗਰ ਜ਼ਿਲ੍ਹਾ ਪੰਜਾਬ ਦਾ ਮਹੱਤਵਪੂਰਨ ਜ਼ਿਲ੍ਹਾ ਹੈ, ਜਿਸਦਾ ਬਾਰਡਰ ਚੰਡੀਗੜ੍ਹ ਨਾਲ ਲੱਗਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਦੀ ਸ਼ੁਰੂਆਤ ਵੀ ਇਸੇ ਜ਼ਿਲ੍ਹੇ ਤੋਂ ਕੀਤੀ ਜਾਂਦੀ ਹੈ| ਇਸ ਲਈ ਜ਼ਿਲ੍ਹਾ ਪੱਧਰ ਤੇ ਅਧਿਕਾਰੀਆਂ ਦੀ ਡਿਊਟੀ ਬਣਦੀ ਹੈ ਕਿ ਉਹ ਆਪੋ ਆਪਣੇ ਦਫਤਰਾਂ ਦੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਨਾਲ ਕੰਮਕਾਜ ਹੋਣ ਨੂੰ ਯਕੀਨੀ ਬਣਾਉਣ ਅਤੇ ਪ੍ਰਸਾਸ਼ਨਿਕ ਸ਼ੁਧਾਰਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ|
ਡਵੀਜ਼ਨਲ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਪੱਧਰ ਦੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮਿਖਿਆ ਵੀ ਕੀਤੀ ਅਤੇ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ| ਉਨ੍ਹਾਂ ਇਸ ਮੌਕੇ ਮਗਨਰੇਗਾ ਸਕੀਮ ਤਹਿਤ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੀ ਲੋੜ ਤੇ ਜੋਰ ਦਿੰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ| ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਫਸਲੀ ਵਿਭੰਨਤਾ ਅਪਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਬਾਗਬਾਨੀ ਨੂੰ ਹੋਰ ਪ੍ਰਫੱਲਤ ਕਰਨ ਦੇ ਉਪਰਾਲੇ ਕੀਤੇ ਜਾਣ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵੱਧ ਤੋਂ ਵੱਧ ਡਰੱਗ ਅਬਿਊਜ਼ ਪ੍ਰੋਵੈਸ਼ਨ ਆਫੀਸਰ (ਡੈਪੋ) ਰਜਿਸ਼ਟਰ ਕੀਤੇ ਜਾਣ| ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਵਿੱਚ ਚਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੈਪੋ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ| ਜਿਸ ਵਿੱਚ ਆਮ ਨਾਗਰਿਕਾਂ ਸਮੇਤ ਐਨ.ਜੀ.ਓ. ਸਮਾਜ ਸੇਵੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਵੀ ਸ਼ਾਮਿਲ ਕੀਤਾ ਜਾ ਰਿਹਾ ਹੈ| ਉਨ੍ਹਾਂ ਦੱਸਿਆ ਡੈਪੋ ਸਕੀਮ ਸਬੰਧੀ 23 ਮਾਰਚ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਯੋਜਿਤ ਕੀਤਾ ਜਾਵੇਗਾ ਅਤੇ ਸਬਡਿਵੀਜ਼ਨ ਪੱਧਰ ਤੇ ਵੀ ਸਮਾਗਮ ਆਯੋਜਿਤ ਕੀਤੇ ਜਾਣਗੇ|
ਮੀਟਿੰਗ ਵਿਚ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹਾਂਸ, ਐਸ.ਪੀ. ਸਿਟੀ ਸ੍ਰੀ ਜਗਜੀਤ ਸਿੰਘ ਜੱਲਾ, ਐਸ.ਡੀ.ਐਮ. ਮੁਹਾਲੀ ਡਾ: ਆਰ.ਪੀ.ਸਿੰਘ, ਐਸ.ਡੀ.ਐਮ ਖਰੜ ਤੇ ਡੇਰਾਬਸੀ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ,ਅਸਟੇਟ ਅਫਸਰ ਗਮਾਡਾ ਸ੍ਰੀਮਤੀ ਪੂਜਾ ਸਿਆਲ, ਜ਼ਿਲ੍ਹਾ ਮਾਲ ਅਫਸਰ ਬਲਵਿੰਦਰਪਾਲ ਸਿੰਘ, ਡੀ.ਐਸ.ਐਸ.ਓ ਸ੍ਰੀਮਤੀ ਅੰਮ੍ਰਿਤ ਕੌਰ ਬਾਲਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਅਮਰਜੀਤ ਸਿੰਘ ਕੌਰੇ, ਡੀ.ਡੀ.ਪੀ.ਓ. ਸ੍ਰੀ ਡੀ.ਕੇ.ਸਾਲਦੀ, ਮੁੱਖ ਖੇਤੀਬਾੜੀ ਸ੍ਰੀ ਪਰਮਿੰਦਰ ਸਿੰਘ, ਐਕਸ਼ੀਅਨ ਲੋਕ ਨਿਰਮਾਣ ਵਿਭਾਗ ਇੰਦਰਜੀਤ ਸਿੰਘ, ਰਜਿੰਦਰ ਸਿੰਘ, ਸਮੂਹ ਸੀ.ਡੀ.ਪੀ.ਓਜ਼, ਕਾਰਜ਼ਸਾਧਕ ਅਫਸਰ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *