ਆਮ ਆਦਮੀ ਪਾਰਟੀ ਵਲੋਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਤੇ ਲੜਣ ਦਾ ਫੈਸਲਾ ਪਾਰਟੀ ਵਲੋਂ ਅਧਿਕਾਰਤ ਉਮੀਦਵਾਰ ਉਤਾਰੇ ਜਾਣ ਨਾਲ ਚੋਣਾਂ ਦੌਰਾਨ ਪੂਰੀ ਤਰ੍ਹਾਂ ਬਦਲ ਜਾਣਗੇ ਸਮੀਕਰਨ


ਐਸ ਏ ਐਸ ਨਗਰ, 23 ਦਸੰਬਰ (ਸ਼ਬ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਤੇ ਲੜਣ ਦਾ ਫੈਸਲਾ ਕਰ ਲਿਆ ਗਿਆ ਹੈ ਅਤੇ ਇਸ ਸੰਬੰਧੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਵੱਖ ਵੱਖ ਜਿਲਿ੍ਹਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਚੋਣਾਂ ਦੀ ਤਿਆਰੀ ਕਰਨ ਲਈ ਸੁਨੇਹੇ ਵੀ ਲਗਾ ਦਿੱਤੇ ਗਏ ਹਨ।
ਇਸ ਦੌਰਾਨ ਆਮ ਆਦਮੀ ਪਰਟੀ ਦੇ ਸੂਬਾ ਜਨਰਲ ਸਕੱਤਰ ਸ੍ਰ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਵਲੋਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਤੇ ਲੜਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਫੈਸਲਾ ਕਰ ਲਿਆ ਗਿਆ ਹੈ ਕਿ ਪੰਜਾਬ ਵਿੱਚ ਫਰਵਰੀ ਮਹੀਨੇ ਵਿੱਚ ਹੋ ਰਹੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ ਅਤੇ ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਤੇ ਹੀ ਲੜੀਆਂ ਜਾਣਗੀਆਂ।
ਉਹਨਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸਿਰਫ ਨਗਰ ਨਿਗਮ ਹੀ ਨਹੀਂ ਬਲਕਿ ਨਗਰ ਕੌਂਸਲਾਂ ਦੀਆਂ ਚੋਣਾਂ ਵੀ ਪਾਰਟੀ ਦੇ ਅਧਿਕਾਰਤ ਉਮੀਦਵਾਰ ਖੜ੍ਹੇ ਕਰਕੇ ਅਤੇ ਪਾਰਟੀ ਦੇ ਚੋਣ ਨਿਸ਼ਾਨ ਤੇ ਹੀ ਲੜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਇਹਨਾਂ ਚੋਣਾਂ ਦੌਰਾਨ ਸਾਫ ਸੁਥਰੀ ਦਿੱਖ ਵਾਲੇ ਉਮੀਦਵਾਰਾਂ ਨੂੰ ਚੋਣ ਲੜਾਈ ਜਾਵੇਗੀ ਅਤੇ ਪਾਰਟੀ ਵਰਕਰਾਂ ਵਿੱਚ ਇਹਨਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਤੇ ਲੜੇ ਜਾਣ ਸੰਬੰਧੀ ਕੀਤੇ ਗਏ ਇਸ ਫੈਸਲੇ ਨਾਲ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਹੋਣ ਵਾਲੀਆਂ ਇਹਨਾਂ ਚੋਣਾਂ ਦੇ ਸਮੀਕਰਨ ਪੂਰੀ ਤਰ੍ਹਾਂ ਬਦਲ ਜਾਣੇ ਤੈਅ ਹਨ। ਆਮ ਆਦਮੀ ਪਾਰਟੀ ਦਾ ਸੂਬੇ ਵਿੱਚ ਮਜਬੂਤ ਆਧਾਰ ਹੈ ਅਤੇ ਪਿਛਲੀ ਵਾਰ ਹੋਈਆਂ ਵਿਧਾਨਸਭਾ ਚੋਣਾਂ ਦੌਰਾਨ ਪਾਰਟੀ ਦੀ ਕਾਰਗੁਜਾਰੀ ਕਾਫੀ ਬਿਹਤਰ ਰਹੀ ਸੀ। ਹਾਲਾਂਕਿ ਬਾਅਦ ਵਿੱਚ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਆਪਣੇ ਸਾਥੀਆਂ ਦੇ ਨਾਲ ਪਾਰਟੀ ਛੱਡ ਜਾਣ ਕਾਰਨ ਪਾਰਟੀ ਦੇ ਆਧਾਰ ਨੂੰ ਕਾਫੀ ਸੱਟ ਵੱਜੀ ਸੀ ਪਰੰਤੂ ਇਸਦੇ ਬਾਵਜੂਦ ਪਾਰਟੀ ਦੀ ਸਥਿਤੀ ਕਾਫੀ ਬਿਹਤਰ ਮੰਨੀ ਜਾ ਰਹੀ ਹੈ ਅਤੇ ਜੇਕਰ ਆਪ ਵਲੋਂ ਮਿਉਂਸਪਲ ਚੋਣਾਂ ਦੌਰਾਨ ਆਪਣੇ ਅਧਿਕਾਰਤ ਉਮੀਦਵਾਰ ਖੜ੍ਹੇ ਕਰਕੇ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਲੜੀ ਜਾਂਦੀ ਹੈ ਤਾਂ ਪਾਰਟੀ ਨਾਲ ਜੁੜੇ ਵੋਟਰ ਉਹਨਾਂ ਉਮੀਦਵਾਰਾਂ ਦੇ ਹੱਕ ਵਿੱਚ ਹੀ ਭੁਗਤਣਗੇ। ਅਜਿਹਾ ਹੋਣ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪੈਣ ਵਾਲੀਆਂ ਵੋਟਾਂ, ਬਾਕੀ ਉਮੀਦਵਾਰਾਂ ਨੂੰ ਮਿਲਣ ਵਾਲੀਆਂ ਵੋਟਾਂ ਦਾ ਹਿਸਾਬ ਕਿਤਾਬ ਪੂਰੀ ਤਰ੍ਹਾਂ ਬਦਲ ਕੇ ਰੱਖ ਦੇਣਗੀਆਂ ਅਤੇ ਇਸ ਕਾਰਨ ਚੋਣ ਲੜਣ ਵਾਲੇ ਉਮੀਦਵਾਰਾਂ ਦੀ ਜਿੱਤ ਹਾਰ ਦਾ ਹਿਸਾਬ ਵੀ ਪੂਰੀ ਤਰ੍ਹਾਂ ਬਦਲ ਜਾਵੇਗਾ।

Leave a Reply

Your email address will not be published. Required fields are marked *