ਆਮ ਲੋਕਾਂ ਨੂੰ ਵੱਢਦੇ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੱਲ ਕਰੇ ਪ੍ਰਸ਼ਾਸ਼ਨ

ਆਵਾਰਾ ਕੁੱਤਿਆਂ ਦੀ ਸਮੱਸਿਆ ਅਜਿਹੀ ਹੈ ਜਿਹੜੀ ਸਾਡੇਸ਼ਹਿਰ, ਜਿਲ੍ਹੇ ਜਾਂ ਸੂਬੇ ਤਕ ਹੀ ਸੀਮਿਤ ਨਹੀਂ ਹੈ ਬਲਕਿ ਪੂਰਾ              ਦੇਸ਼ ਇਸ ਸਮੱਸਿਆ ਨਾਲ ਪ੍ਰਭਾਵਿਤ ਹੈ| ਸਾਡੇ ਸ਼ਹਿਰ ਅਤੇ ਇਸਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕ ਵੀ ਪਿਛਲੇ ਕਈ ਸਾਲਾਂ ਤੋਂ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਸਾਮ੍ਹਣਾ ਕਰਦੇ ਆ ਰਹੇ ਹਨ ਪਰੰਤੂ ਸਥਾਨਕ ਪ੍ਰਸ਼ਾਸ਼ਨ ਵਲੋਂ ਇਸ ਸਮੱਸਿਆ ਦੇ ਹਲ ਲਈ ਲੋੜੀਂਦੇ ਕਦਮ ਨਾ ਚੁੱਕੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧਦੀ ਰਹੀ ਹੈ ਅਤੇ ਆਏ ਦਿਨ ਇਹਨਾਂ ਆਵਾਰਾ ਕੁੱਤਿਆਂ ਵਲੋਂ  ਕਿਸੇ ਵਿਅਕਤੀ ਨੂੰ ਵੱਢਣ ਦਾ ਕੋਈ ਨਾ ਕੋਈ ਮਾਮਲਾ ਸਾਮ੍ਹਣੇ ਆ ਜਾਂਦਾ ਹੈ| ਲੋਕਾਂ ਨੂੰ ਵੱਢਦੇ ਇਹ ਆਵਾਰਾ ਕੁੱਤੇ ਆਮ ਲੋਕਾਂ ਦੀ ਜਾਨ ਦਾ ਖੌਅ ਬਣ ਚੁੱਕੇ ਹਨ ਅਤੇ ਇਹਨਾਂ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ| ਇਹ ਕੁੱਤੇ ਨਾ ਸਿਰਫ ਸੜਕਾਂ, ਗਲੀਆਂ ਵਿੱਚ ਆਉਣ ਜਾਣ ਵਾਲੇ ਲੋਕਾਂ ਦੇ ਪਿੱਛੇ ਪੈ ਜਾਂਦੇ ਹਨ ਬਲਕਿ ਉਹਨਾਂ ਨੂੰ ਵੱਢਦੇ ਵੀ ਹਨ ਅਤੇ ਪਿਛਲੇ ਕੁੱਝ ਸਾਲਾਂ ਦੌਰਾਨ ਇਹਨਾਂ ਆਵਾਰਾ ਕੁੱਤਿਆਂ ਦੀ ਸਮੱਸਿਆ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਇਹਨਾਂ ਆਵਾਰਾ ਕੁੱਤਿਆਂ ਦੇ ਝੁੰਡ ਘੁੰਮਦੇ ਆਮ ਦੇਖੇ ਜਾ ਸਕਦੇ ਹਨ ਅਤੇ ਇਹਨਾਂ ਵਲੋਂ ਆਮ ਲੋਕਾਂ ਤੇ ਹਮਲਾ ਕਰਨ ਦੀਆਂ ਘਟਨਾਵਾਂ ਤੇਜੀ ਨਾਲ ਵੱਧ ਰਹੀਆਂ ਹਨ| 
ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਘੁੰਮਦੇ ਇਹ ਆਵਾਰਾ ਕੁੱਤੇ ਹੁਣ ਬੰਦਿਆਂ ਨੂੰ ਹੀ ਖਾਣ ਲੱਗ ਪਏ ਹਨ| ਇਹ ਆਵਾਰਾ ਕੁੱਤੇ ਆਮ ਤੌਰ ਤੇ  ਮਹਿਲਾਵਾਂ, ਬਜੁਰਗਾਂ ਅਤੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ ਅਤੇ ਪਿਛਲੇ ਸਮੇਂ ਦੌਰਾਨ ਇਹਨਾਂ ਆਵਾਰਾ ਕੁੱਤਿਆਂ ਵਲੋਂ ਇਕੱਲੇ ਜਾਂਦੇ ਬਜੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਵੱਢਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ| ਇਸਤੋਂ ਵੱਡੀ ਤ੍ਰਾਸਦੀ ਹੋਰ ਕੀ ਹੋ ਸਕਦੀ ਹੈ ਕਿ ਇੱਕ ਪਾਸੇ ਤਾਂ ਇਹ ਆਵਾਰਾ ਕੁੱਤੇ ਸੜਕਾਂ ਤੇ ਆਉਂਦੇ ਜਾਂਦੇ ਇਕੱਲੇ ਬਜੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਵੱਢ ਰਹੇ ਹੋਣ ਪਰੰਤੂ ਪ੍ਰਸ਼ਾਸ਼ਨ ਚੁਪਚਾਪ ਤਮਾਸ਼ਾ ਵੇਖ ਰਿਹਾ ਹੋਵੇ| 
ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਡੇਰਾ ਜਮਾ ਕੇ ਬੈਠਣ ਵਾਲੇ ਇਹ ਆਵਾਰਾ ਕੁੱਤੇ ਅਕਸਰ ਆਉਂਦੇ ਜਾਂਦੇ ਲੋਕਾਂ ਨੂੰ ਭੌਂਕਦੇ ਹੋਏ ਉਹਨਾਂ ਦੇ ਪਿੱਛੇ ਭੱਜ ਪੈਂਦੇ ਹਨ| ਇਹਨਾਂ ਕਾਰਨ ਸਭ ਤੋਂ ਵੱਧ            ਪਰੇਸ਼ਾਨੀ ਉਹਨਾਂ ਲੋਕਾਂ ਨੂੰ ਸਹਿਣੀ ਪੈਂਦੀ ਹੈ ਜਿਹੜੇ ਰਾਤ ਨੂੰ ਦੋਪਹੀਆ ਵਾਹਨਾਂ ਤੇ ਆਪਣੇ ਘਰਾਂ ਨੂੰ ਪਰਤਦੇ ਹਨ ਅਤੇ ਰਾਹ ਵਿੱਚ ਅਚਾਨਕ ਹੀ ਇਹ ਆਵਾਰਾ ਕੁੱਤੇ ਉਹਨਾਂ ਦੇ ਮਗਰ ਪੈ ਜਾਂਦੇ ਹਨ| ਇਸ ਕਾਰਨ ਕਈ ਵਾਰ ਤਾਂ ਦੋਪਹੀਆ ਵਾਹਨ ਚਾਲਕ ਬੁਰੀ ਤਰ੍ਹਾਂ ਡਰ ਕੇ ਵਾਹਨ ਤੋਂ ਆਪਣਾ ਕਾਬੂ ਗਵਾ ਬੈਠਦੇ ਹਨ ਅਤੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ| ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਇਹ ਆਵਾਰਾ ਕੁੱਤੇ ਆਪਸ ਵਿੱਚ ਹੀ ਲੜ ਪੈਂਦੇ ਹਨ ਅਤੇ ਆਉਂਦੇ ਜਾਂਦੇ ਲੋਕਾਂ ਅਤੇ ਵਾਹਨਾਂ ਵਿੱਚ ਵੱਜਦੇ ਹਨ|
ਹੋਰ ਤਾਂ ਹੋਰ ਸ਼ਹਿਰ ਦੇ ਪਾਰਕਾਂ, ਜਿੱਥੇ ਲੋਕ ਸਵੇਰੇ ਸ਼ਾਮ ਸੈਰ ਕਰਦੇ ਹਨ, ਵਿੱਚ ਇਨ੍ਹਾਂ ਆਵਾਰਾ ਕੁੱਤਿਆਂ ਨੇ ਆਪਣੇ ਪੱਕੇ ਟਿਕਾਣੇ ਬਣਾਏ ਹੋਏ ਹਨ ਅਤੇ ਇਹ ਸੈਰ ਕਰਨ ਵਾਲਿਆਂ ਨੂੰ ਹੀ ਵੱਢ-ਖਾਣ ਨੂੰ ਪੈਂਦੇ ਹਨ| ਇਹ ਸਮੱਸਿਆ ਸਿਰਫ ਸ਼ਹਿਰ ਹੀ ਨਹੀਂ ਬਲਕਿ ਆਸ ਪਾਸ ਦੇ ਪਿੰਡਾਂ ਵਿੱਚ ਵੀ ਬਹੁਤ ਜਿਆਦਾ ਵੱਧ ਚੁੱਕੀ ਹੈ ਅਤੇ ਆਵਾਰਾ ਕੁੱਤਿਆਂ ਵਲੋਂ ਆਮ ਲੋਕਾਂ ਨੂੰ ਕੱਟਣ ਦੇ ਲਗਾਤਾਰ ਵੱਧਦੇ ਮਾਮਲਿਆਂ ਕਾਰਣ ਪਿੰਡਾਂ ਦੇ ਵਸਨੀਕਾਂ ਵਲੋਂ ਸਮੇਂ ਸਮੇਂ ਤੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਇਸ ਸਮੱਸਿਆ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਜਾਂਦੀ ਰਹੀ ਹੈ| ਪਰੰਤੂ ਇਸ ਸਭ ਦੇ ਬਾਵਜੂਦ ਪ੍ਰਸ਼ਾਸ਼ਨ ਵਲੋਂ ਇਹਨਾਂ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਨਾ ਲਿਆਂਦੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ| 
ਕੁੱਝ ਸਾਲ ਪਹਿਲਾਂ ਤੱਕ ਜਦੋਂ ਪ੍ਰਸ਼ਾਸ਼ਨ ਵਲੋਂ ਆਵਾਰਾ ਕੁੱਤਿਆਂ ਨੂੰ ਫੜ ਕੇ ਮਾਰ ਦਿੱਤਾ ਜਾਂਦਾ ਸੀ, ਇਹ ਸਮੱਸਿਆ ਫਿਰ ਵੀ ਕਾਬੂ ਹੇਠ ਰਹਿੰਦੀ ਸੀ ਪਰੰਤੂ ਬਾਅਦ ਵਿੱਚ ਅਦਾਲਤ ਵਲੋਂ ਇਹਨਾਂ ਕੁੱਤਿਆਂ ਨੂੰ ਮਾਰਨ ਦੀ ਕਾਰਵਾਈ ਤੇ ਰੋਕ ਲਗਾ ਦਿੱਤੇ ਜਾਣ ਕਾਰਨ ਇਹਨਾਂ ਆਵਾਰਾ ਕੁੱਤਿਆਂ ਦੀ ਸਮੱਸਿਆ ਲਗਾਤਾਰ ਵੱਧਦੀ ਹੀ ਗਈ ਹੈ| ਪ੍ਰਸ਼ਾਸ਼ਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਆਮ ਲੋਕਾਂ ਨੂੰ ਵੱਢਦੇ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਛੁਟਕਾਰਾ               ਦਿਵਾਏ| ਜੇਕਰ ਅਦਾਲਤ ਵਲੋਂ ਆਵਾਰਾ ਕੁੱਤਿਆਂ ਨੂੰ ਮਾਰਨ ਤੇ ਰੋਕ ਲਗਾਈ ਵੀ ਗਈ ਹੈ ਤਾਂ ਵੀ ਪ੍ਰਸ਼ਾਸ਼ਨ ਨੂੰ ਇਸ ਸੰਬੰਧੀ            ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਆਵਾਰਾ ਕੁੱਤਿਆਂ ਦੀ ਇਸ ਸਮੱਸਿਆ ਨੂੰ ਹੱਲ ਕਰਨਾ ਚਾਹੀਦਾ ਹੈ| ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਸਰਕਾਰੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਆਮ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ, ਤਾਂ ਜੋ ਲੋਕਾਂ ਨੂੰ ਇਹਨਾਂ ਆਵਾਰਾ ਕੁੱਤਿਆਂ ਦੀ ਦਹਿਸ਼ਤ ਤੋਂ ਛੁਟਕਾਰਾ ਮਿਲੇ| 

Leave a Reply

Your email address will not be published. Required fields are marked *