ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕਾਰਗਰ ਨੀਤੀ ਬਣਾਉਣ ਦੀ ਲੋੜ

ਸਾਡੇ ਸ਼ਹਿਰ ਵਿਚਲੀ ਆਵਾਰਾ ਕੁੱਤਿਆਂ ਦੀ ਸਮੱਸਿਆ ਅਜਿਹੀ ਹੈ ਜਿਹੜੀ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਵਾਸੀਆਂ ਨੂੰ ਪਰੇਸ਼ਾਨ ਕਰਦੀ ਰਹੀ ਹੈ ਅਤੇ ਇਹਨਾਂ ਆਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ| ਇਹ ਸਮੱਸਿਆ ਸਿਰਫ ਸਾਡੇ ਸ਼ਹਿਰ ਤੱਕ ਹੀ ਸੀਮਿਤ ਨਹੀਂ ਹੈ ਬਲਕਿ ਪੂਰੇ ਦੇਸ਼ ਵਿੱਚ ਫੈਲੀ ਹੋਈ ਹੈ ਅਤੇ ਇਹਨਾਂ ਆਵਾਰਾ ਕੁੱਤਿਆਂ ਵਲੋਂ ਸਮੇਂ ਸਮੇਂ ਤੇ ਕਿਸੇ ਬੇਬਸ, ਕਮਜੋਰ ਜਾਂ ਲਾਚਾਰ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਸਾਮ੍ਹਣੇ ਆਉਂਦੀਆਂ ਰਹਿੰਦੀਆਂ ਹਨ|
ਇਹ ਆਵਾਰਾ ਕੁੱਤੇ ਨਾ ਸਿਰਫ ਗੰਦਗੀ ਫੈਲਾਉਂਦੇ ਹਨ ਬਲਕਿ ਰੈਬੀਜ ਦੀ ਬਿਮਾਰੀ ਵੀ ਫੈਲਾਉਂਦੇ ਹਨ ਅਤੇ ਹਜਾਰਾਂ ਵਿਅਕਤੀ ਰੈਬੀਜ ਦੀ ਬਿਮਾਰੀ ਦਾ ਸ਼ਿਕਾਰ ਹੁੰਦੇ ਹਨ| ਵਿਸ਼ਵ ਸਿਹਤ ਸੰਗਠਨ ਦੀ ਇੱਕ ਰਿਪੋਰਟ ਅਨੁਸਾਰ ਭਾਰਤ ਵਿੱਚ ਹਰ ਸਾਲ ਰੈਬੀਜ ਦੇ 18 ਤੋਂ 20 ਹਜਾਰ ਮਾਮਲੇ ਸਾਮ੍ਹਣੇ ਆਉਂਦੇ ਹਨ| ਇਹਨਾਂ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਤੇ ਕਾਬੂ ਕਰਨ ਲਈ ਪਹਿਲਾਂ ਪ੍ਰਸ਼ਾਸ਼ਨ ਵਲੋਂ ਇਹਨਾਂ ਨੂੰ ਫੜ ਕੇ ਮਾਰ ਦਿੱਤਾ ਜਾਂਦਾ ਸੀ ਪਰ ਬਾਅਦ ਵਿੱਚ ਜਾਨਵਰਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਇੱਕ ਸੰਸਥਾ ਵਲੋਂ ਅਦਾਲਤ ਵਿੱਚ ਕੇਸ ਪਾਏ ਜਾਣ ਤੋਂ ਬਾਅਦ ਮਾਣਯੋਗ ਅਦਾਲਤ ਵਲੋਂ ਆਵਾਰਾ ਕੁੱਤਿਆਂ ਨੂੰ ਮਾਰਨ ਉਪਰ ਰੋਕ ਲਗਾ ਦਿੱਤੀ ਗਈ ਸੀ ਅਤੇ ਉਸਤੋਂ ਬਾਅਦ ਤੋਂ ਇਹਨਾਂ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧਦੀ ਰਹੀ ਹੈ|
ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਵੀ ਆਵਾਰਾ ਕੁੱਤਿਆਂ ਦੀ ਇਹ ਸਮੱਸਿਆ ਬਹੁਤ ਵੱਧ ਚੁੱਕੀ ਹੈ ਅਤੇ ਇਹ ਆਵਾਰਾ ਕੁੱਤੇ ਸਮੇਂ ਸਮੇਂ ਤੇ ਬੱਚਿਆਂ, ਔਰਤਾਂ ਅਤੇ ਬਜੁਰਗਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ| ਹਾਲਾਤ ਇਹ ਹਨ ਕਿ ਹਰ ਪਾਸੇ ਇਹਨਾਂ ਆਵਾਰਾ ਕੁੱਤਿਆਂ ਦੀ ਭਰਮਾਰ ਹੈ| ਸ਼ਹਿਰ ਦੀਆਂ ਉਹਨਾਂ ਥਾਵਾਂ ਨੇੜੇ ਇਹਨਾਂ ਦੀ ਗਿਣਤੀ ਕੁੱਝ ਜਿਆਦਾ ਦਿਖਦੀ ਹੈ ਜਿੱਥੇ ਮੀਟ, ਮੁਰਗਾ, ਮੱਛੀ ਅਤੇ ਅਜਿਹਾ ਹੋਰ ਸਾਮਾਨ ਵਿਕਦਾ ਹੈ| ਕੱਚਾ ਮੀਟ ਖਾਣ ਵਾਲੇ ਇਹਨਾਂ ਕੁਤਿਆਂ ਦੇ ਮੂੰਹ ਨੂੰ ਲੱਗਿਆ ਖੂਨ ਇਹਨਾਂ ਨੂੰ ਹਰ ਕਿਸੇ ਤੇ ਹਮਲਾ ਕਰਨ ਲਈ ਉਕਸਾਉਂਦਾ ਰਹਿੰਦਾ ਹੈ ਅਤੇ ਮੌਕਾ ਮਿਲਦੇ ਹੀ ਇਹ ਕੁੱਤੇ ਕਿਸੇ ਤੇ ਵੀ ਹਮਲਾ ਕਰ ਦਿੰਦੇ ਹਨ ਅਤੇ ਆਪਣੇ ਸ਼ਿਕਾਰ ਨੂੰ ਬੁਰੀ ਤਰ੍ਹਾਂ ਨੋਚਦੇ ਹਨ| ਇਹਨਾਂ ਖੂੰਖਾਰ ਕੁੱਤਿਆਂ ਦੀ ਦਹਿਸ਼ਤ ਕਾਰਨ ਛੋਟੇ ਬੱਚੇ ਘਰਾਂ ਤੋਂ ਬਾਹਰ ਨਿਕਲਣ ਵੇਲੇ ਵੀ ਡਰਦੇ ਹਨ| ਸ਼ਹਿਰ ਦੇ ਪਾਰਕਾਂ ਅਤੇ ਹੋਰਨਾਂ ਖਾਲੀ ਥਾਵਾਂ, ਸੜਕਾਂ ਦੇ ਕਿਨਾਰੇ, ਰਿਹਾਇਸ਼ੀ ਕਾਲੋਨੀਆਂ ਵਿੱਚ ਅਤੇ ਮਾਰਕੀਟਾਂ ਵਿੱਚ ਇਹਨਾਂ ਆਵਾਰਾ ਕੁੱਤਿਆਂ ਦੇ ਝੁੰਡ ਆਮ ਦਿਖ ਜਾਂਦੇ ਹਨ| ਇਹ ਕੁੱਤੇ ਆਪਸ ਵਿੱਚ ਲੜਦੇ ਵੀ ਹਨ ਅਤੇ ਇਸ ਦੌਰਾਨ ਆਉਂਦੇ ਜਾਂਦੇ ਵਾਹਨਾਂ ਵਿੱਚ ਵੱਜ ਕੇ ਸੜਕ ਹਾਦਸਿਆਂ ਦਾ ਵੀ ਕਾਰਨ ਬਣਦੇ ਹਨ|
ਇਹਨਾਂ ਆਵਾਰਾਂ ਕੁੱਤਿਆਂ ਕਾਰਨ ਵੱਡੀ ਗਿਣਤੀ ਹਾਦਸੇ ਵਾਪਰ ਚੁੱਕੇ ਹਨ ਜਿਹਨਾਂ ਵਿੱਚ ਕੀਮਤੀ ਮਨੁੱਖੀ ਜਾਨਾਂ ਵੀ ਜਾ ਚੁਕੀਆਂ ਹਨ| ਪਰੰਤੂ ਇਸਦੇ ਬਾਵਜੂਦ ਕਿਸੇ ਵੀ ਸ਼ਹਿਰ ਵਿਚ ਆਵਾਰਾ ਕੁਤਿਆਂ ਉਪਰ ਕਾਬੂ ਪਾਉਣ ਲਈ ਕੁਝ ਨਹੀਂ ਕੀਤਾ ਜਾਂਦਾ| ਨਗਰ ਨਿਗਮ ਵਲੋਂ ਇਸ ਸੰਬੰਧੀ ਕੀਤੀ ਜਾਣ ਵਾਲੀ ਕਾਰਵਾਈ ਦੇ ਤਹਿਤ ਕੁੱਤਿਆਂ ਦੀ ਨਸਬੰਦੀ ਸਕੀਮ ਜਰੂਰ ਚਲਾਈ ਜਾਂਦੀ ਹੈ ਪਰੰਤੂ ਇਸਦੇ ਵੀ ਆਸ ਮੁਤਾਬਿਕ ਨਤੀਜੇ ਨਹੀਂ ਆਉਂਦੇ ਅਤੇ ਇਹਨਾਂ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ|
ਲਗਾਤਾਰ ਗੰਭੀਰ ਹੁੰਦੀ ਆਵਾਰਾ ਕੁੱਤਿਆਂ ਦੀ ਇਸ ਸਮੱਸਿਆ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਇਹਨਾਂ ਵਿੱਚੋਂ ਆਦਮਖੋਰ ਹੋ ਚੁੱਕੇ ਕੁੱਤਿਆਂ ਨੂੰ ਮਾਰਨ ਉੱਪਰ ਲਗਾਈ ਗਈ ਰੋਕ ਖਤਮ ਕੀਤੀ ਜਾਵੇ| ਇਸ ਸੰਬੰਧੀ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਇੱਕਜੁਟ ਹੋ ਕੇ ਲੋੜੀਂਦਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਕੀਤਾ ਜਾਣਾ ਚਾਹੀਦਾ ਹੈ| ਸਰਕਾਰ ਨੂੰ ਚਾਹੀਦਾ ਹੈ ਕਿ ਸਾਰੀਆਂ ਕਾਰਪੋਰੇਸ਼ਨਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਆਵਾਰਾ ਕੁਤਿਆਂ ਦੀ ਸਮੱਸਿਆਂ ਦੇ ਹੱਲ ਕਰਨ ਲਈ ਉਪਰਾਲੇ ਕਰਨ ਦੇ ਹੁਕਮ ਦੇਵੇ| ਆਵਾਰਾ ਕੁੱਤਿਆਂ ਦੀ ਇਸ ਗੰਭਾਰ ਸਮੱਸਿਆ ਦੇ ਹਲ ਲਈ ਜੇ ਹੁਣੇ ਵੀ ਟਾਲਮਟੋਲ ਦੀ ਨੀਤੀ ਅਖਤਿਆਰ ਕੀਤੀ ਜਾਂਦੀ ਰਹੀ ਤਾਂ ਉਹ ਦਿਨ ਦੂਰ ਨਹੀਂ ਜਦੋਂ ਆਵਾਰਾ ਕੁੱਤੇ ਪੂਰੀ ਤਰ੍ਹਾਂ ਆਮ ਲੋਕਾਂ ਦੀ ਜਾਨ ਦਾ ਖੌਅ ਬਣ ਜਾਣਗੇ|

Leave a Reply

Your email address will not be published. Required fields are marked *