ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈਕ ਭੇਂਟ

ਚੰਡੀਗੜ੍ਹ, 1 ਸਤੰਬਰ (ਸ.ਬ.) ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ            ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈਕ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ| ਜਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਆਪਣੇ ਦਫ਼ਤਰ ਉਚੇਚੇ ਤੌਰ ਤੇ ਬੁਲਾਇਆ ਸੀ ਅਤੇ ਉਸ ਨੂੰ ਪੰਜਾਬ ਸਰਕਾਰ ਵਲੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ|
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਲੁਧਿਆਣਾ ਦੇ ਪਿੰਡ ਚਕਰ ਦੀ ਇਸ ਮੁੱਕੇਬਾਜ਼ ਨੇ ਪਿੰਡ ਤੋਂ ਹੀ ਆਪਣਾ ਕਰੀਅਰ ਬਣਾਉਣਾ ਸ਼ੁਰੂ ਕੀਤਾ| 2013 ਵਿੱਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ, 2018 ਵਿੱਚ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਅਤੇ 2019 ਵਿੱਚ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ| ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ| ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਿਖੇ ਵੀ ਇਸ ਮੁੱਕੇਬਾਜ਼ ਨੇ ਤਿਆਰੀ ਕੀਤੀ| ਮੌਜੂਦਾ ਸਮੇਂ ਇਹ ਖਿਡਾਰਨ ਉਲੰਪਿਕ ਦੀ ਤਿਆਰੀ ਵਿੱਚ ਰੁੱਝੀ ਹੋਈ ਹੈ|
ਉਨ੍ਹਾਂ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ| 
ਰਾਣਾ ਸੋਢੀ ਨੇ ਸਿਮਰਨਜੀਤ ਕੌਰ ਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕਰਨ ਦਾ ਵੀ ਐਲਾਨ ਕੀਤਾ| ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਰਵਿੰਦਰ ਸਿੰਘ, ਸੀਨੀਅਰ ਯੂਥ ਕਾਂਗਰਸੀ ਆਗੂ ਸ. ਹਰਕਰਨ ਸਿੰਘ ਵੈਦ ਅਤੇ ਹੋਰ ਵੀ ਹਾਜ਼ਰ ਸਨ|

Leave a Reply

Your email address will not be published. Required fields are marked *