ਕਦੋਂ ਹਲ ਹੋਵੇਗੀ ਸ਼ਹਿਰ ਵਿਚਲੀ ਆਵਾਰਾ ਪਸ਼ੂਆਂ ਦੀ ਸਮੱਸਿਆ?

ਸਾਡੇ ਸ਼ਹਿਰ ਵਿਚਲੀ ਆਵਾਰਾ ਪਸ਼ੂਆਂ ਦੀ ਸਮੱਸਿਆ ਬਹੁਤ ਪੁਰਾਣੀ ਹੈ ਅਤੇ ਸ਼ਹਿਰ ਦੀ ਉਸਾਰੀ ਦੇ ਮੁੱਢਲੇ ਪੜਾਅ ਤੋਂ ਆਰੰਭ ਹੋਈ ਇਹ ਸਮੱਸਿਆ ਸਮੇਂ ਦੇ ਨਾਲ ਨਾਲ ਵੱਧਦੀ ਹੀ ਰਹੀ ਹੈ| ਸ਼ਹਿਰ ਦੇ ਵਿਕਾਸ ਦੇ ਪਿਛਲੇ ਚਾਰ ਦਹਾਕਿਆਂ ਦੇ ਸਫਰ ਦੇ ਦੌਰਾਨ ਆਵਾਰਾ ਪਸ਼ੂਆਂ ਦੀ ਇਹ ਸਮੱਸਿਆ ਵੀ ਨਾਲ ਨਾਲ ਚਲਦੀ ਰਹੀ ਹੈ ਅਤੇ ਇਸ ਦੌਰਾਨ ਜਿੱਥੇ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਣ ਦੇ ਨਾਲ ਨਾਲ ਸ਼ਹਿਰ ਦਾ ਘੇਰਾ ਵਧਿਆ ਹੈ ਉੱਥੇ ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੀ ਹੋਇਆ ਹੈ|
ਇਹ ਆਵਾਰਾ ਪਸ਼ੂ ਸ਼ਹਿਰ ਦੀਆਂ ਮੁੱਖ ਸੜਕਾਂ, ਮਾਰਕੀਟਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਅਕਸਰ ਘੁੰਮਦੇ ਵੇਖੇ ਜਾ ਸਕਦੇ ਹਨ| ਥਾਂ ਥਾਂ ਤੇ ਗੰਦਗੀ ਫੈਲਾਉਂਦੇ ਇਹ ਆਵਾਰਾ ਪਸ਼ੂ ਟ੍ਰੈਫਿਕ ਸਮੱਸਿਆ ਲਈ ਵੀ ਰੁਕਾਵਟ ਬਣਦੇ ਹਨ ਅਤੇ ਕਈ ਵਾਰ ਇਹ ਪਸ਼ੂ ਸਾਈਕਲਾਂ ਅਤੇ ਦੋਪਹੀਆ ਵਾਹਨਾਂ ਤੇ ਜਾਂਦੇ ਲੋਕਾਂ ਦੇ ਪਿੱਛੇ ਵੀ ਭੱਜ ਪੈਂਦੇ ਹਨ ਜਿਸ ਕਾਰਨ ਸੜਕ ਹਾਦਸੇ ਵੀ ਵਾਪਰਦੇ ਹਨ| ਸ਼ਹਿਰ ਦੀਆਂ ਗਲੀਆਂ ਵਿੱਚ ਘੁੰਮਦੇ ਇਹ ਆਵਾਰਾ ਪਸ਼ੂ ਰਾਹ ਜਾਂਦੇ ਬਜੁਰਗਾਂ, ਬੱਚਿਆਂ ਅਤੇ ਮਹਿਲਾਵਾਂ ਦੇ ਵੀ ਮਗਰ ਪੈ ਜਾਂਦੇ ਹਨ ਅਤੇ ਇਹਨਾਂ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਦਾ ਅੰਦਾਜਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ|
ਪਿਛਲੇ ਸਮੇਂ ਦੌਰਾਨ ਇਹਨਾਂ ਆਵਾਰਾ ਪਸ਼ੂਆਂ ਵਲੋਂ ਸ਼ਹਿਰ ਵਾਸੀਆਂ ਉੱਪਰ ਹਮਲਾ ਕਰਨ ਦੇ ਮਾਮਲਿਆਂ ਵਿੱਚ ਵੀ ਵਾਧਾ ਹੋਇਆ ਹੈ ਪਰੰਤੂ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਾਸੀਆਂ ਦੀ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾਂਦਾ ਅਤੇ ਇਹ ਸਮੱਸਿਆ ਪਹਿਲਾਂ ਵਾਗ ਹੀ ਬਣੀ ਹੋਈ ਹੈ| ਇਸ ਸੰਬੰਧੀ ਜੇਕਰ ਪ੍ਰਸ਼ਾਸ਼ਨ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਦੀ ਗੱਲ ਕੀਤੀ ਜਾਵੇ ਤਾਂ ਆਵਾਰਾ ਪਸ਼ੂਆਂ ਦੀ ਇਸ ਸਮੱਸਿਆ ਦੇ ਹਲ ਲਈ ਕੀਤੀ ਜਾਣ ਵਾਲੀ ਇਹ ਕਾਰਵਾਈ ਸ਼ੁਰੂ ਤੋਂ ਹੀ ਸਵਾਲਾਂ ਦੇ ਘੇਰੇ ਵਿੱਚ ਰਹਿੰਦੀ ਆਈ ਹੈ ਅਤੇ ਸਥਾਨਕ ਪ੍ਰਸ਼ਾਸ਼ਨ ਸ਼ਹਿਰਵਾਸੀਆਂ ਦੀ ਇਸ ਅਹਿਮ ਸਮੱਸਿਆ ਦਾ ਹਲ ਕਰਨ ਵਿੱਚ ਪੂਰੀ ਤਰ੍ਹਾ ਨਾਕਾਮ ਰਿਹਾ ਹੈ|
ਆਵਾਰਾ ਪਸ਼ੂਆਂ ਦੀ ਇਸ ਸਮੱਸਿਆ ਦਾ ਹਲ ਕਰਨ ਦੀ ਜਿੰਮੇਵਾਰੀ ਨਗਰ ਨਿਗਮ ਦੀ ਹੈ ਅਤੇ ਇਸ ਕੰਮ ਲਈ ਨਿਗਮ ਵਿੱਚ ਬਾਕਾਇਦਾ ਸਟਾਫ ਵੀ ਤੈਨਾਤ ਕੀਤਾ ਗਿਆ ਹੈ ਪਰੰਤੂ ਇਸਦੇ ਬਾਵਜੂਦ ਇਹਨਾਂ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾਂਦੀ ਹੈ| ਕਦੇ ਕਦੇ ਨਗਰ ਨਿਗਮ ਦੇ ਕਰਮਚਾਰੀਆਂ ਦੀ ਟੋਲੀ ਆਵਾਰਾ ਪਸ਼ੂਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੀ ਨਜਰ ਵੀ ਆ ਜਾਂਦੀ ਹੈ ਪਰੰਤੂ ਇਹ ਕਾਰਵਾਈ ਇਸ ਸਮੱਸਿਆ ਦਾ ਹਲ ਕਰਨ ਦੀ ਸਮਰਥ ਨਹੀਂ ਹੈ| ਹੋਰ ਤਾਂ ਹੋਰ ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਨੂੰ ਫੜ ਕੇ ਰੱਖਣ ਲਈ ਬਾਕਾਇਦਾ ਇੱਕ ਗਊਸ਼ਾਲਾ ਵੀ ਹੈ ਪਰੰਤੂ ਇਸਦੇ ਬਾਵਜੂਦ ਨਗਰ ਨਿਗਮ, ਸ਼ਹਿਰ ਵਾਸੀਆਂ ਦੀ ਇਸ ਸਮੱਸਿਆ ਨੂੰ ਹਲ ਕਰਨ ਵਿੱਚ ਨਾਕਾਮ ਸਾਬਿਤ ਹੁੰਦਾ ਆਇਆ ਹੈ| ਵੈਸੇ ਵੀ ਸ਼ਹਿਰ ਦੇ ਨਾਲ ਲੱਗਦੇ  ਖੇਤਰਾਂ ਤੋਂ ਅਜਿਹੇ ਆਵਾਰਾ ਪਸ਼ੂ ਲਗਾਤਾਰ ਸ਼ਹਿਰ ਵਿੱਚ ਆਉਂਦੇ ਰਹਿੰਦੇ ਹਨ ਅਤੇ ਜਿੰਨੇ ਕੁ ਪਸ਼ੂ ਇਹ ਕਰਮਚਾਰੀ ਫੜਦੇ ਹਨ ਉਸ ਤੋਂ ਕਿਤੇ ਵੱਧ ਪਸ਼ੂ ਸ਼ਹਿਰ ਵਿੱਚ ਦਾਖਿਲ ਹੋ ਜਾਂਦੇ ਹਨ ਅਤੇ ਇਹ ਸਮੱਸਿਆ ਲਗਾਤਾਰ ਵੱਧਦੀ ਹੀ ਰਹਿੰਦੀ ਹੈ|
ਸ਼ਹਿਰ ਵਿੱਚ ਘੁੰਮਦੇ ਆਵਾਰਾ ਪਸ਼ੂਆਂ ਨੂੰ ਕਾਬੂ ਕਰਨਾ ਅਤੇ ਸ਼ਹਿਰ ਵਾਸੀਆਂ ਨੂੰ ਇਸ ਸੰਬੰਧੀ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹਲ ਕਰਨਾ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਅਤੇ  ਪ੍ਰਸ਼ਾਸ਼ਨ ਵਲੋਂ ਇਸ ਸਮੱਸਿਆ ਦੇ ਪ੍ਰਭਾਵੀ ਹਲ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ| ਇਸ ਸੰਬੰਧੀ ਜਿੱਥੇ ਨਗਰ ਨਿਗਮ ਦੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ ਉੱਥੇ ਸ਼ਹਿਰ ਵਿਚ ਨਾਲ ਲੱਗਦੇ ਇਲਾਕਿਆਂ ਤੋਂ ਆਉਣ ਵਾਲੇ ਆਵਾਰਾ ਪਸ਼ੂਆਂ ਦੀ ਰੋਕਥਾਮ ਲਈ ਵੀ ਕਦਮ ਚੁੱਕੇ ਜਾਣੇ ਚਾਹੀਦੇ ਹਨ| ਨਗਰ ਨਿਗਮ ਦੇ ਮੇਅਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਨਿਗਮ ਦੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਨ| ਸ਼ਹਿਰਵਾਸੀਆਂ ਦੀ ਇਸ ਅਹਿਮ ਸਮੱਸਿਆ ਦੇ ਹਲ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰਵਾਸੀਆਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇ|

Leave a Reply

Your email address will not be published. Required fields are marked *