ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਨੇ ਰੈਲੀ ਕਰਕੇ ਬਜਟ ਦੀਆਂ ਕਾਪੀਆਂ ਸਾੜੀਆਂ

ਐਸ ਏ ਐਸ ਨਗਰ, 28 ਮਾਰਚ (ਸ.ਬ.) ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਵੱਲੋਂ ਪੂਡਾ ਚੌਕ ਫੇਜ਼-8 ਵਿਖੇ ਰੈਲੀ ਕਰਕੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਲੋਂ ਬਣਾਇਆ ਗਿਆ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮੁਲਾਜ਼ਮ ਵੈਲਫੇਅਰ ਐਕਟ 2016 ਲਾਗੂ ਕਰਨ ਦਾ ਐਲਾਨ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿੱਚ ਨਹੀਂ ਕੀਤਾ ਗਿਆ ਸਗੋਂ ਉਲਟਾ ਮੁਲਾਜ਼ਮਾਂ ਤੇ ਟੈਕਸ ਲਾ ਦਿੱਤਾ ਗਿਆ ਅਤੇ ਰੈਗੂਲਰ ਮੁਲਾਜ਼ਮਾਂ ਦੇ ਬਕਾਏ ਅਤੇ ਕਿਸ਼ਤਾਂ, ਪੇ-ਕਮਿਸ਼ਨ ਦੇਣ ਦਾ ਵੀ ਐਲਾਨ ਨਹੀਂ ਕੀਤਾ ਗਿਆ ਜਦੋਂ ਕਿ ਵੱਡੇ-ਵੱਡੇ ਸਰਮਾਏਦਾਰਾਂ ਨੂੰ ਬੱਸ ਉਪਰੇਟਰਾਂ ਨੂੰ ਅਤੇ ਜਗੀਰਦਾਰਾਂ ਨੂੰ ਪਿਛਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਰਿਆਇਤਾਂ ਨੂੰ ਉਸੇ ਤਰ੍ਹਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ| ਉਹਨਾਂ ਕਿਹਾ ਕਿ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ|
ਇਸ ਰੈਲੀ ਨੂੰ ਸੀਨੀਅਰ ਮੁਲਾਜਮ ਆਗੂ ਸੱਜਣ ਸਿੰਘ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਉਪ ਪ੍ਰਧਾਨ ਮੋਹਣ ਸਿੰਘ, ਸਕੱਤਰ ਪਵਨ ਗੋਡਯਾਲ, ਸਫਾਈ ਮਜ਼ਦੂਰ ਯੂਨੀਅਨ ਨਗਰ ਨਿਗਮ ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਰਾਜਨ ਚਵਰੀਆ, ਠੇਕਾ ਆਧਾਰਿਤ ਸੁਪਰਵਾਈਜ਼ਰ ਯੂਨੀਅਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਅਨਿਲ ਕੁਮਾਰ ਸਮੇਤ ਹੋਰ ਕਈ ਆਗੂਆਂ ਨੇ ਸੰਬੋਧਨ ਕੀਤਾ|

Leave a Reply

Your email address will not be published. Required fields are marked *