ਕਾਂਗਰਸ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੀ ਕੋਈ ਲੋੜ ਨਹੀਂ, ਪਾਰਟੀ ਹਾਈਕਮਾਨ ਕਰੇਗਾ ਫੈਸਲਾ : ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ
ਚੰਡੀਗੜ੍ਹ, 7 ਜਨਵਰੀ(ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਲੋੜ ਤੋਂ ਸਾਫ ਤੋਂ ਇਨਕਾਰ ਕੀਤਾ ਹੈ| ਹਾਲਾਂਕਿ ਉਹਨਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਣਾ ਹੈ| ਸਰਕਾਰ ਅਤੇ ਪਾਰਟੀ ਨਾਲ ਸਬੰਧਤ ਮੁੱਦਿਆਂ ਬਾਰੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਗੈਰ-ਰਸਮੀ ਗੱਲਬਾਤ ਮੌਕੇ ਮੁੱਖ ਮੰਤਰੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਉਪਰੋਕਤ ਵਿਚਾਰ ਪ੍ਰਗਟ ਕੀਤੇ| ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਹ ਵਿਚਾਰ ਪਹਿਲਾਂ ਹੀ ਪਾਰਟੀ ਹਾਈਕਮਾਂਡ ਕੋਲ ਪ੍ਰਗਟਾਏ ਜਾ ਚੁੱਕੇ ਹਨ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨਾਲ ਕਾਂਗਰਸ ਨੂੰ ਸੂਬੇ ਵਿੱਚ ਗਠਜੋੜ ਕਰਨ ਦੀ ਕੋਈ ਵੀ ਲੋੜ ਨਹੀਂ ਹੈ| ਉਹਨਾਂ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਨਾਲ ਇਸ ਬਾਰੇ ਕੋਈ ਵਿਚਾਰ-ਵਟਾਂਦਰਾ ਨਹੀਂ ਹੋਇਆ| ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿੱਚ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਕੋਈ ਹੋਂਦ ਨਹੀਂ ਹੈ ਅਤੇ ਇਹ ਪੂਰੀ ਤਰ੍ਹਾਂ ਬੇਜਾਨ ਹੋ ਚੁੱਕੀ ਹੈ|
ਉਹਨਾਂ ਕਿਹਾ ਕਿ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ 13 ਦੀਆਂ 13 ਸੀਟਾਂ ਤੇ ਜਿੱਤ ਹਾਸਿਲ ਕਰੇਗੀ ਅਤੇ ਪਾਰਟੀ ਵੱਲੋਂ ਜਿੱਤਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ| ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ|
ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਪ੍ਰਸਥਿਤੀਆਂ ਅਤੇ ਚੋਣ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਹਾਈਕਮਾਂਡ ਵੱਲੋਂ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦੇ ਨਾਲ ਗਠਜੋੜ ਦਾ ਜਿਹੜਾ ਵੀ ਫੈਸਲਾ ਲਿਆ ਜਾਵੇਗਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਉਸ ਅਨੁਸਾਰ ਹੀ ਕੰਮ ਕਰੇਗੀ| ਮੰਤਰੀ ਮੰਡਲ ਵਿੱਚ ਸੰਭਾਵੀ ਫੇਰਬਦਲ ਦੇ ਸਬੰਧ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ|
ਕਰਤਾਰਪੁਰ ਲਾਂਘੇ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਪਾਸੇ ਪਹਿਲਾਂ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿੱਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ| ਇਮਾਰਤੀ ਬੁਨਿਆਦੀ ਢਾਂਚੇ ਦੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ| ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੇ ਕੈਬਨਿਟ ਸਾਥੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਲਈ ਨੀਂਹ ਪੱਥਰ ਰੱਖਣ ਦੇ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ| ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ| ਉਨ੍ਹਾਂ ਕਿਹਾ ਕਿ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਵਿੱਚ ਗਏ ਸਨ ਪਰ ਇਸ ਵਾਸਤੇ ਉਨ੍ਹਾਂ ਨੂੰ ਉਹਨਾਂ ਨੇ ਆਗਿਆ ਦਿੱਤੀ ਸੀ| ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਨੇ ਸਿੱਧੂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਸੀ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਗੜਬੜ ਪੈਦਾ ਕਰਨ ਦੀਆਂ ਆਈ.ਐਸ.ਆਈ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਭਾਰਤੀ ਫੌਜੀਆਂ ਦੀਆਂ ਬਿਨਾਂ ਭੜਕਾਹਟ ਹੱਤਿਆਵਾਂ ਦੇ ਮੱਦੇਨਜ਼ਰ ਖੁਦ ਪਾਕਿਸਤਾਨ ਦੇ ਸੱਦੇ ਨੂੰ ਠੁਕਰਾ ਦਿੱਤਾ ਸੀ|
ਪੰਜਾਬ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਏ ਗਏ ਦੋਸ਼ਾਂ ਨੂੰ ਮੁੱਖ ਮੰਤਰੀ ਨੇ ਪੂਰੀ ਤਰ੍ਹਾਂ ਗਲਤ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੇਵਲ ਇੱਕ ਸਾਲ ਵਿੱਚ ਹੀ 4,14,275 ਕਿਸਾਨਾਂ ਦੇ 3,417 ਕਰੋੜ ਰੁਪਏ ਦੇ ਫਸਲੀ ਕਰਜ਼ੇ ਮੁਆਫ ਕਰ ਦਿੱਤੇ ਹਨ ਅਤੇ ਉਨ੍ਹਾਂ ਦੀ ਸਰਕਾਰ ਆਪਣੇ ਪਹਿਲਾਂ ਕੀਤੇ ਐਲਾਨ ਦੇ ਅਨੁਸਾਰ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ| ਉਨ੍ਹਾਂ ਕਿਹਾ ਕਿ ਸੂਬੇ ਦੀ ਵਿੱਤੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਜਿਸ ਕਰਕੇ ਇਨ੍ਹਾਂ ਕਿਸਾਨਾਂ ਨੂੰ ਪੜਾਅਵਾਰ ਇਸ ਸਕੀਮ ਦੇ ਹੇਠ ਲਿਆਂਦਾ ਜਾਵੇਗਾ| ਉਨ੍ਹਾਂ ਕਿਹਾ ਕਿ 10.25 ਲੱਖ ਕਿਸਾਨਾਂ ਵਿਚੋਂ ਤਕਰੀਬਨ ਤਿੰਨ ਲੱਖ ਰਹਿੰਦੇ ਕਿਸਾਨਾਂ ਦੇ ਕਰਜ਼ੇ ਛੇਤੀ ਹੀ ਮੁਆਫ ਕਰ ਦਿੱਤੇ ਜਾਣਗੇ| ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਪਣੇ ਮਨਘੜਤ ਦੋਸ਼ਾਂ ਦੇ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਿੱਚ ਵਿਸ਼ਵਾਸ਼ ਰੱਖਦੇ ਹਨ ਪਰ ਦੇਸ਼ ਦੇ ਵੋਟਰ ਉਨ੍ਹਾਂ ਦੀ ‘ਜੁਮਲੇਬਾਜ਼ੀ’ ਵਿੱਚ ਨਹੀਂ ਆਉਣਗੇ|

Leave a Reply

Your email address will not be published. Required fields are marked *