ਕਾਂਗਰਸ ਪਾਰਟੀ ਨੇ ਹਮੇਸ਼ਾ ਔਰਤਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ : ਗਰਚਾ

ਐਸ ਏ ਐਸ ਨਗਰ,30 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਤੇ ਉਸ ਬਿਆਨ ਦਾ ਸਵਾਗਤ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਲੋਕ ਸਭਾ ਚੋਣਾਂ ਉਪਰੰਤ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਔਰਤਾਂ ਨੂੰ 33 ਫੀਸਦੀ ਰਾਖਵੇਂਕਰਨ ਦਾ ਬਿਲ ਪਾਸ ਕੀਤੇ ਜਾਣ ਦੀ ਗੱਲ ਕੀਤੀ ਹੈ| ਬੀਬੀ ਗਰਚਾ ਹਲਕਾ ਖਰੜ ਦੇ ਪਿੰਡ ਸਲਾਮਤਪੁਰ ਵਿਖੇ ਇੱਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ| ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ 73ਵੀਂ ਸੋਧ ਉੁਪਰੰਤ ਕਾਂਗਰਸ ਪਾਰਟੀ ਦੀ ਸਰਕਾਰ ਨੇ ਹੀ ਪੰਚਾਇਤੀ ਚੋਣਾਂ ਵਿੱਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇ ਕੇ ਔਰਤਾਂ ਨੂੰ ਮਾਣ ਬਖਸ਼ਿਆ ਸੀ|
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਰਾਜ ਸਭਾ ਵਿੱਚ ਕਾਂਗਰਸ ਪਾਰਟੀ ਨੇ ਮਹਿਲਾ ਰਿਜ਼ਰਵੇਸ਼ਨ ਬਿਲ ਪਾਸ ਕੀਤਾ ਸੀ ਪ੍ਰੰਤੂ ਲੋਕ ਸਭਾ ਵਿੱਚ ਪਾਸ ਨਹੀਂ ਸੀ ਹੋਇਆ| ਇਸ ਵਾਰ ਮੋਦੀ ਸਰਕਾਰ ਨੇ ਪੂਰੀ ਵਜ਼ਾਰਤ ਹੋਣ ਦੇ ਬਾਵਜੂਦ ਵੀ ਆਪਣੇ ਪੰਜ ਸਾਲ ਵਿੱਚ ਇਹ ਬਿਲ ਪਾਸ ਨਹੀਂ ਕੀਤਾ| ਇਸ ਤੋਂ ਸਾਬਿਤ ਹੋ ਚੁੱਕਾ ਹੈ ਕਿ ਮੋਦੀ ਸਰਕਾਰ ਮਹਿਲਾ ਵਿਰੋਧੀ ਹੈ| ਬੀਬੀ ਗਰਚਾ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਜੇਕਰ ਕਾਂਗਰਸ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਔਰਤਾਂ ਹੋਰ ਵੱਧ ਚੜ੍ਹ ਕੇ ਰਾਜਨੀਤੀ ਵਿੱਚ ਹਿੱਸਾ ਲੈ ਸਕਣਗੀਆਂ ਅਤੇ ਸਮਾਜ ਨੂੰ ਨਵੀਂ ਸੇਧ ਦੇਣ ਵਿਚ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰ ਸਕਣਗੀਆਂ|
ਉਨ੍ਹਾਂ ਪਿੰਡ ਸਲਾਮਤਪੁਰ ਦੀ ਪੰਚਾਇਤ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਆ ਅਤੇ ਪਿੰਡ ਵਿਚ ਆਪਸੀ ਭਾਈਚਾਰਾ ਮਜ਼ਬੂਤ ਕਰਨ ਲਈ ਵੀ ਕਿਹਾ| ਇਸ ਮੌਕੇ ਨਰਿੰਦਰ ਕੌਰ ਸਰਪੰਚ, ਅਮਰਜੀਤ ਕੌਰ ਪੰਚ, ਬਲਵਿੰਦਰ ਕੌਰ ਪੰਚ, ਹਰਵਿੰਦਰ ਪੰਚ, ਰਣਦੀਪ ਕੌਰ, ਕੁਲਦੀਪ ਸਿੰਘ, ਸੰਦੀਪ ਕੌਰ, ਸ਼ਰਨ ਸਿੰਘ ਆਦਿ ਵੱਲੋਂ ਬੀਬੀ ਗਰਚਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ|

Leave a Reply

Your email address will not be published. Required fields are marked *