ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਹਾਰ ਦੀ ਜਿੰਮੇਵਾਰੀ ਆਪਣੇ ਸਿਰ ਲੈਂਦਿਆਂ ਕੀਤੀ ਅਸਤੀਫੇ ਦੀ ਪੇਸ਼ਕਸ਼

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਹਾਰ ਦੀ ਜਿੰਮੇਵਾਰੀ ਆਪਣੇ ਸਿਰ ਲੈਂਦਿਆਂ ਕੀਤੀ ਅਸਤੀਫੇ ਦੀ ਪੇਸ਼ਕਸ਼
ਕਾਂਗਰਸ ਵਰਕਿੰਗ ਕਮੇਟੀ ਵੱਲੋਂ ਅਸਤੀਫਾ ਨਾਮੰਜੂਰ
ਨਵੀਂ ਦਿੱਲੀ, 25 ਮਈ (ਸ.ਬ.) ਲੋਕਸਭਾ ਚੋਣਾਂ ਵਿੱਚ ਦੇਸ਼ ਭਰ ਵਿੱਚ ਕਾਂਗਰਸ ਦੀ ਕਰਾਰੀ ਹਾਰ ਦੀਜ਼ਿੰਮੇਵਾਰੀ ਲੈਂਦਿਆਂ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਪਰ ਕਾਂਗਰਸ ਵਰਕਿੰਗ ਕਮੇਟੀ ਨੇ ਉਨ੍ਹਾਂ ਦੇ ਅਸਤੀਫੇ ਨੂੰ ਖਾਰਿਜ ਕਰ ਦਿੱਤਾ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ ਸਾਢੇ ਤਿੰਨ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਕਾਂਗਰਸ ਦੀ ਚੋਣ ਰਣਨੀਤੀ ਦੀਆਂ ਖਾਮੀਆਂ ਤੋਂ ਲੈ ਕੇ ਅਗਵਾਈ ਤੱਕ ਤੇ ਚਰਚਾ ਹੋਈ| ਸੂਤਰਾਂ ਅਨੁਸਾਰ ਮੀਟਿੰਗ ਵਿੱਚ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਚੋਣਾਂ ਦੀ ਹਾਰ ਮੇਰੇ ਲਈ ਜ਼ਿੰਮੇਵਾਰੀ ਅਤੇ ਜਵਾਬਦੇਹੀ ਦੀ ਗੱਲ ਹੈ, ਇਸ ਲਈ ਮੈਂ ਅਸਤੀਫਾ ਦੇਵਾਂਗਾ|
ਹਾਲਾਂਕਿ ਪਾਰਟੀ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਸਤੀਫੇ ਦੀ ਪੇਸ਼ਕਸ਼ ਨਹੀਂ ਕੀਤੀ ਹੈ| ਕਾਂਗਰਸ ਭਾਵੇਂ ਹੀ ਰਾਹੁਲ ਦੇ ਅਸਤੀਫੇ ਦੀ ਪੇਸ਼ਕਸ਼ ਤੋਂ ਇਨਕਾਰ ਕਰ ਰਹੀ ਹੋਵੇ ਪਰ ਸੂਤਰਾਂ ਨੇ ਦੱਸਿਆ ਕਿ ਰਾਹੁਲ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਸਾਹਮਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ ਅਤੇ ਕਾਂਗਰਸ ਵਰਕਿੰਗ ਕਮੇਟੀ ਨੇ ਉਨ੍ਹਾਂ ਨੂੰ ਅਸਤੀਫਾ ਨਾ ਦੇਣ ਦੀ ਅਪੀਲ ਕੀਤੀ|
ਸੂਤਰਾਂ ਦੇ ਅਨੁਸਾਰ ਰਾਹੁਲ ਇੱਕ ਦਿਨ ਪਹਿਲਾਂ ਹੀ ਅਸਤੀਫਾ ਦੇਣਾ ਚਾਹੁੰਦੇ ਸਨ ਪਰ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਨੇ ਰਾਹੁਲ ਨੂੰ ਰੋਕ ਦਿੱਤਾ ਸੀ| ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਨੇ ਵੀ ਰਾਹੁਲ ਨੂੰ ਅਸਤੀਫਾ ਦੇਣ ਤੋਂ ਰੋਕਿਆ ਸੀ| ਜਦੋਂ ਰਾਹੁਲ ਪਾਰਟੀ ਦਫਤਰ ਪੁੱਜੇ ਉਦੋਂ ਵੀ ਉਹ ਅਸਤੀਫਾ ਦੇਣ ਦੀ ਤਿਆਰੀ ਕਰ ਰਹੇ ਸਨ| ਉਦੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਹੁਲ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਅਸਤੀਫਾ ਨਾ ਦੇਣ| ਡਾ. ਮਨਮੋਹਣ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਹਾਰ – ਜਿੱਤ ਤਾਂ ਲੱਗੀ ਰਹਿੰਦੀ ਹੈ, ਅਸਤੀਫਾ ਦੇਣ ਦੀ ਜ਼ਰੂਰਤ ਨਹੀਂ ਹੈ| ਹਾਲਾਂਕਿ ਇਸ ਤੋਂ ਬਾਅਦ ਵੀ ਰਾਹੁਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਅਸਤੀਫੇ ਦੀ ਪੇਸ਼ਕਸ਼ ਕਰ ਦਿੱਤੀ|

Leave a Reply

Your email address will not be published. Required fields are marked *