ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣਨ ਦੀ ਬਜਾਏ ਅੰਨਦਾਤਾ ਲਈ ਕੰਮ ਕਰੇ ਮੋਦੀ ਸਰਕਾਰ : ਭਗਵੰਤ ਮਾਨ


ਚੰਡੀਗੜ੍ਹ, 11 ਦਸੰਬਰ (ਸ.ਬ.) ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ  ਕਾਨੂੰਨਾਂ ਅਤੇ ਦਮਨਕਾਰੀ ਨੀਤੀ ਖਿਲਾਫ ਆਮ ਆਦਮੀ ਪਾਰਟੀ ਨੇ 14 ਦਸੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ਉੱਤੇ ਹੈਡਕੁਆਰਟਰਾਂ ਉਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਘਿਰਾਓ ਦੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ| ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੁਨੀਆ ਵਿਚੋਂ ਸਭ ਤੋਂ ਮਜ਼ਬੂਤ ਲੋਕਤੰਤਰ ਦੇਸ਼ ਨੂੰ ਇੱਕ ਤਾਨਾਸ਼ਾਹੀ ਦੇਸ਼ ਬਣਾਉਣ ਦੀਆਂ ਨੀਤੀਆਂ ਉਤੇ ਚੱਲ ਰਹੀ ਹੈ| ਉਨ੍ਹਾਂ ਕਿਹਾ ਕਿ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਲਈ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਦਾ ਕਿਸਾਨ, ਵਪਾਰੀ, ਆੜਤੀਆ ਅਤੇ ਮਜ਼ਦੂਰ ਸੜਕਾਂ ਤੇ ਉਤਰੇ ਹੋਏ ਹਨ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਝੂਠੇ ਪ੍ਰਚਾਰ ਅਤੇ ਦਮਨਕਾਰੀ ਨੀਤੀ ਨਾਲ ਅੰਦੋਲਨ ਨੂੰ ਖ਼ਤਮ ਕਰਾਉਣਾ ਚਾਹੁੰਦੀ ਹੈ|
ਉਹਨਾਂ ਕਿਹਾ ਕਿ ਪਾਰਟੀ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਦੋਲਨਕਾਰੀ ਕਿਸਾਨਾਂ ਦਾ ਪੂਰਾ ਸਮਰਥਨ ਕਰਦੀ ਹੈ| ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਵਲੋਂ ਸੂਬੇ ਵਿੱਚ ਜ਼ਿਲ੍ਹਾ ਹੈਡਕੁਆਟਰਾਂ ਦਾ ਘਿਰਾਓ ਕਰਨ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ| 

Leave a Reply

Your email address will not be published. Required fields are marked *