ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਕੈਪਟਨ ਅਮਰਿੰਦਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ : ਭਗਵੰਤ ਮਾਨ


ਚੰਡੀਗੜ੍ਹ, 18 ਨਵੰਬਰ (ਸ.ਬ.) ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਪੋਰੇਟ ਦੇ ਵਿਰੁੱਧ ਨਾ ਹੋਣ ਬਾਰੇ ਬੀਤੇ ਦਿਨੀਂ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੇ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਉਨ੍ਹਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ ਅਤੇ ਇਸ ਨਾਲ ਉਨ੍ਹਾਂ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ|
ਪਾਰਟੀ ਹੈਡਕੁਆਟਰ ਤੋਂ ਜਾਰੀ ਇੱਕ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕਿਸਾਨ ਆਪਣੀ ਜ਼ਮੀਨ ਨੂੰ ਬਚਾਉਣ ਲਈ ਕਾਰਪੋਰੇਟ ਘਰਾਣਿਆਂ ਵਿਰੁੱਧ ਲੜ ਰਹੇ ਹਨ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਕਹਿ ਰਹੇ ਹਨ ਕਿ ਉਹ ਕਾਰਪੋਰੇਟਸ ਦੇ ਵਿਰੁੱਧ ਨਹੀਂ ਹਨ| ਉਹਨਾਂ ਕਿਹਾ ਕਿ ਜਦੋਂ ਆਪਣੀ ਮਾਂ ਭਾਵ ਜ਼ਮੀਨ ਬਚਾਉਣ ਲਈ ਪੰਜਾਬ ਦਾ ਬੱਚਾ-ਬੱਚਾ, ਨੌਜਵਾਨ, ਬਜ਼ੁਰਗ, ਮਾਵਾਂ ਠੰਢ ਦੇ ਮੌਸਮ ਵਿੱਚ ਖੁੱਲ੍ਹੀ ਛੱਤ ਹੇਠ ਰਾਤ ਕੱਟ ਕੇ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਦਾ ਇਹ ਬਿਆਨ ਪੰਜਾਬ ਦੇ ਲੋਕਾਂ ਨਾਲ ਗ਼ੱਦਾਰੀ ਕਰਨ ਦੇ ਬਰਾਬਰ ਹੈ|
ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਪਰ ਵਾਰੀ ਵਾਰੀ ਰਾਜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅਸਲ ਵਿੱਚ ਲੋਕਾਂ ਦੀ ਬਜਾਏ ਵੱਡੇ ਘਰਾਣਿਆਂ ਦੇ ਲਈ ਹੀ ਕੰਮ ਕਰਦੇ ਆਏ ਹਨ| ਉਨ੍ਹਾਂ ਕਿਹਾ ਕਿ ਇਹ ਦੋਵੇਂ ਪਰਿਵਾਰ ਖੁਦ ਵੀ ਧਨਾਢ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਕਿਸੇ ਨਾ ਕਿਸੇ ਢੰਗ ਨਾਲ ਲੁੱਟਿਆ ਹੈ| 
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ਾਂ ਤੋਂ ਡਰੀ ਕੇਂਦਰ ਦੀ ਮੋਦੀ ਸਰਕਾਰ ਨੇ ਮਾਲ ਗੱਡੀਆਂ ਬੰਦ ਕਰ ਕੇ ਪੰਜਾਬ ਦੀ ਆਰਥਿਕ ਰੀੜ੍ਹ ਦੀ ਹੱਡੀ ਨੂੰ ਤੋੜਨ ਦਾ ਕੰਮ ਕਰ ਰਹੀ ਹੈ, ਇਸ ਦੇ ਬਾਵਜੂਦ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਦੇ ਮੈਦਾਨ ਵਿੱਚ ਡੱਟੇ ਹੋਏ ਹਨ| ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੂਬੇ ਵਿੱਚ ਲਾਗੂ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਭ ਇੱਕ ਸਿੱਕੇ ਦੇ ਦੋ ਪਹਿਲੂ ਹਨ| ਉਨ੍ਹਾਂ ਕਿਹਾ ਕਿ ਅਬੋਹਰ ਵਿੱਚ ਇਨ੍ਹਾਂ ਕੇਂਦਰੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਮੰਡੀ ਫ਼ੀਸ ਉਤੇ ਦਿੱਤੀ ਛੋਟ ਇਹ ਸਿੱਧ ਕਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਪੰਜਾਬ ਵਿੱਚ ਲਾਗੂ ਕਰ ਦਿੱਤਾ ਹੈ|
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਿੱਤਾਂ ਦੀ ਲੜਾਈ ਲੜ ਰਹੀ ਹੈ ਅਤੇ ਜੇਕਰ ਕੈਪਟਨ ਸਾਹਿਬ ਨੇ ਲੋਕਾਂ ਦੇ ਵਿਰੁੱਧ ਹੋਰ ਮਾਰੂ ਫ਼ੈਸਲੇ ਲਏ ਤਾਂ ਉਹਨਾਂ ਦਾ ਹਰ ਪੱਧਰ ਉਤੇ ਵਿਰੋਧ ਕੀਤਾ                  ਜਾਵੇਗਾ|

Leave a Reply

Your email address will not be published. Required fields are marked *