ਕਾਰ ਸੇਵਾ ਦੇ ਪੁੰਜ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਦਾ ਜਨਮ ਦਿਹਾੜਾ ਮਨਾਇਆ

ਐਸ.ਏ.ਐਸ. ਨਗਰ, 2 ਜਨਵਰੀ (ਸ.ਬ.)  ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ| ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਧਾਰਮਿਕ ਸਮਾਗਮ ਵਿੱਚ ਮੀਰੀ ਪੀਰੀ ਇੰਟਰਨੈਸ਼ਨਲ ਢਾਡੀ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ (ਜਿਨ੍ਹਾਂ ਦਾ ਜਨਮ 1 ਜਨਵਰੀ 1923 ਅਤੇ ਸੱਚ ਖੰਡ ਗਮਨ 21 ਅਪਰੈਲ 2011 ਵਿੱਚ ਹੋਇਆ), ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ| ਉਨ੍ਹਾ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਦੇ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ|  ਭਾਈ ਓਂਕਾਰ ਸਿੰਘ  ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ, ਭਾਈ ਬਲਜੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਧੰਨਾ ਸਿੰਘ ਵੱਲੋਂ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ ਅਤੇ ਪੂਰੇ ਦਰਬਾਰ ਸਾਹਿਬ ਜੀ ਨੂੰ ਅੰਦਰੋਂ-ਬਾਹਰੋਂ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ | ਸੰਗਤਾਂ ਨੇ ਬੜੀ ਸ਼ਰਧਾ ਭਾਵਨਾ-ਉਤਸ਼ਾਹ ਨਾਲ ਕੀਰਤਨ ਦਰਬਾਰ ਵਿੱਚ, ਭਾਰੀ ਗਿਣਤੀ ਵਿੱਚ ਹਾਜ਼ਰੀ ਲਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ| ਬ੍ਰੈਂਡ ਪਕੌੜੇ, ਖੀਰ, ਕਈ ਤਰ੍ਹਾਂ ਦੀਆਂ ਮਠਿਆਈਆਂ ਅਤੇ ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *