ਕਾਲੀ-ਆਜ਼ਾਦੀ ਮਨਾਉਣਗੇ ਬੇਰੁਜ਼ਗਾਰ ਬੀ ਐਡ ਅਧਿਆਪਕ

ਸੰਗਰੂਰ, 14 ਅਗਸਤ (ਸ.ਬ.) ਪਿਛਲੇ ਦੋ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ                ਬੇਰੁਜ਼ਗਾਰ ਬੀਐਡ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਾਲ਼ੀ-ਆਜ਼ਾਦੀ ਮਨਾਉਣ ਦਾ ਫੈਸਲਾ ਕੀਤਾ ਹੈ| ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਯੂਨੀਅਨ ਦੇ ਪੰਜਾਬ ਭਰ ਦੇ ਸਾਰੇ ਸਰਗਰਮ ਆਗੂਆਂ ਨੇ ਆਪਣੇ ਘਰਾਂ ਦੇ ਕੋਠਿਆਂ ਤੇ ਕਾਲ਼ੀਆਂ ਝੰਡੀਆਂ ਲਗਾ ਦਿੱਤੀਆਂ ਹਨ| ਇਸ ਦੇ ਨਾਲ ਹੀ ਉਹਨਾਂ 15 ਅਗਸਤ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਾਲ਼ੀਆਂ ਝੰਡੀਆਂ ਨਾਲ ਸਵਾਗਤ ਕਰਨ ਦੀ ਚਿਤਾਵਨੀ ਦਿੱਤੀ ਹੈ|
ਜ਼ਿਕਰਯੋਗ ਹੈ ਕਿ ਜਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਵਾਅਦਾ ਕੀਤੇ ਜਾਣ ਤੇ ਵੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਨਾ ਹੋਣ ਤੇ                ਬੇਰੁਜ਼ਗਾਰ ਬੀਐਡ ਅਧਿਆਪਕ ਤਿੱਖੇ ਰੋਸ ਵਿੱਚ ਹਨ| ਇਸਤੋਂ ਪਹਿਲਾਂ ਜਿਲ੍ਹਾ ਪ੍ਰਸ਼ਾਸਨ ਦੀ ਅਪੀਲ ਮੰਨਦਿਆਂ                     ਬੇਰੁਜ਼ਗਾਰ ਬੀਐਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਬਾਹਰ 17 ਜੁਲਾਈ ਨੂੰ ਕੀਤੇ ਜਾਣ ਵਾਲ਼ੇ ਘਿਰਾਓ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਸੀ ਅਤੇ ਪ੍ਰਸ਼ਾਸਨ ਨੇ ਵਾਅਦਾ ਕੀਤਾ ਸੀ ਕਿ ਹਫ਼ਤੇ ਤੱਕ ਯੂਨੀਅਨ ਦੇ ਵਫ਼ਦ ਦੀ ਮੀਟਿੰਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਕਰਵਾਈ ਜਾਵੇਗੀ ਪਰ ਇਹ ਮੀਟਿੰਗ ਨਹੀਂ ਹੋਈ| 
ਢਿੱਲਵਾਂ ਨੇ ਕਿਹਾ ਕਿ ਸਾਰੀਆਂ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਹਨ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ ਜੋ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਨਾਕਾਮਯਾਬ ਰਹੀ ਹੈ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ ਤਹਿਤ ਸਮਾਜਿਕ ਸਿੱਖਿਆ 54, ਪੰਜਾਬੀ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ, ਇਹਨਾਂ ਅਸਾਮੀਆਂ ਵਿੱਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ ਤੇ ਸੰਘਰਸ਼           ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ|

Leave a Reply

Your email address will not be published. Required fields are marked *