ਕਿਸਾਨਾਂ ਖਿਲਾਫ ਘਟੀਆ ਦਰਜੇ ਦੀ ਬਿਆਨਬਾਜੀ ਕਰਨ ਵਾਲਿਆਂ ਖਿਲਾਫ ਹੋਵੇ ਕਾਰਵਾਈ : ਬੌਬੀ ਕੰਬੋਜ

ਐਸ.ਏ.ਐਸ.ਨਗਰ, 27 ਜਨਵਰੀ (ਸ.ਬ.) ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰੀ ਬੌਬੀ ਕੰਬੋਜ ਨੇ ਕਿਹਾ ਹੈ ਕਿ ਦਿੱਲੀ ਵਿੱਚ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਵਿੱਚ ਲੱਗੀਆਂ ਤਾਕਤਾਂ ਵਲੋਂ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਲਈ ਆਪਣੀ ਪੂਰੀ ਵਾਹ ਲਗਾਈ ਜਾ ਰਹੀ ਹੈ ਅਤੇ ਊਲ ਜਲੂਲ ਬਿਆਨਬਾਜੀ ਕਰਕੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਕਿਸਾਨਾਂ ਵਲੋਂ 26 ਜਨਵਰੀ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਪਰੇਡ ਕੱਢੀ ਗਈ ਹੈ ਜਦੋਂਕਿ ਕਿਸਾਨ ਵਿਰੋਧੀ ਤਾਕਤਾਂ ਵਲੋਂ ਨੌਜਵਾਨਾਂ ਨੂੰ ਤੈਅ ਰੂਟ ਤੋ ਭਟਕਾ ਕੇ ਅਤੇ ਸਮਾਜ ਵਿਰੋਧੀ ਅਨਸਰਾਂ ਵਲੋਂ ਹੁਲੱੜਬਾਜੀ ਕਰਕੇ ਕਿਸਾਨ ਸੰਘਰਸ਼ ਨੂੰ ਨੁਕਸਾਨ ਪਹੁੰਚਾਇਆ ਹੈ।

ਉਹਨਾਂ ਕਿਹਾ ਕਿ ਇੱਕਾ ਦੁੱਕਾ ਘਟਨਾਵਾਂ ਨੂੰ ਛੱਡ ਕੇ ਕਿਸਾਨਾਂ ਵਲੋਂ ਪੂਰੇ ਸਬਰ ਦਾ ਪ੍ਰਗਟਾਵਾ ਕਰਦਿਆਂ ਸ਼ਾਂਤਮਈ ਅੰਦੋਲਨ ਕੀਤਾ ਗਿਆ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਕਿਸੇ ਨੂੰ ਵੀ ਕੋਈ ਨੂਕਸਾਨ ਨਹੀਂ ਪਹੁੰਚਾਇਆ ਗਿਆ ਪਰੰਤੂ ਗੋਦੀ ਮੀਡੀਆ ਅਤੇ ਸੋਸ਼ਲ ਮੀਡੀਆ ਤੇ ਸਰਗਰਮ ਇਹਨਾਂ ਤਾਕਤਾਂ ਵਲੋਂ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹੇ ਕਈ ਅਖੌਤੀ ਨੇਤਾ ਸੋਸ਼ਲ ਮੀਡੀਆ ਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹਨ ਜਿਹੜੇ ਗੰਨਮੈਨ ਹਾਸਿਲ ਕਰਨ ਜਾਂ ਆਪਣੇ ਆਗੂਆਂ ਦੀ ਚਾਪਲੂਸੀ ਵਿੱਚ ਦੇਸ਼ ਦਾ ਮਾਹੌਲ ਖਰਾਬ ਕਰਨ ਵਿੱਚ ਲੱਗੇ ਹੋਏ ਹਨ ਅਤੇ ਕਿਸਾਨ ਅੰਦੋਲਨ ਬਾਰੇ ਬਹੁਤ ਹੀ ਘਟੀਆ ਦਰਜੇ ਦੀ ਬਿਆਨਬਾਜ਼ੀ ਕਰ ਰਹੇ ਹਨ। ਉਹਨਾਂ ਮੰਗ ਕੀਤੀ ਕਿ ਸਰਕਾਰ ਵਲੋਂ ਅਜਿਹੇ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *