ਕਿਸਾਨਾਂ ਨਾਲ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ : ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨੂੰ ਅਮਨ-ਚੈਨ ਅਤੇ ਸੁਰੱਖਿਆ ਦੇ ਖ਼ਤਰੇ ਤੋਂ ਸਾਵਧਾਨ ਕੀਤਾ


ਚੰਡੀਗੜ੍ਹ, 20 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿੱਚ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨਾਂ ਪ੍ਰਤੀ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਉਹ ਅਸਤੀਫਾ ਦੇਣ ਜਾਂ  ਕੇਂਦਰ ਵਲੋਂ ਆਪਣੀ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਕਾਰਵਾਈ ਦਾ ਸਾਮ੍ਹਣਾ ਕਰਨ ਲਈ ਤਿਆਰ ਹਨ| ਮੁੱਖ ਮੰਤਰੀ ਨੇ ਕਿਹਾ,”ਮੈਂ ਅਸਤੀਫਾ ਦੇਣ ਤੋਂ ਨਹੀਂ ਡਰਦਾ| ਮੈਨੂੰ ਆਪਣੀ ਸਰਕਾਰ ਦੇ ਬਰਖ਼ਾਸਤ ਹੋ ਜਾਣ ਦਾ ਵੀ ਡਰ ਨਹੀਂ| ਪਰ ਮੈਂ ਕਿਸਾਨਾਂ ਨੂੰ ਦੁੱਖਾਂ ਦੀ ਭੱਠੀ ਵਿੱਚ ਝੋਕਣ ਜਾਂ ਬਰਬਾਦ ਹੋਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗਾ|” ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪਰੇਸ਼ਨ ਬਲਿਊ ਸਟਾਰ ਦੇ ਸਮੇਂ ਸਿੱਖ ਸਿਧਾਂਤਾਂ ਉਪਰ ਹੋਏ ਹਮਲੇ ਨੂੰ ਸਮਰਥਨ ਜਾਂ ਪ੍ਰਵਾਨ ਕਰਨ ਦੀ ਬਜਾਏ ਉਨ੍ਹਾਂ ਨੇ ਅਸਤੀਫਾ ਦੇਣ ਦਾ ਰਾਹ ਹੀ ਚੁਣਿਆ ਸੀ|
ਵਿਧਾਨਸਭਾ ਵਿੱਚ ਸੰਬੋਧਨ ਕਰਦਿਆਂ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਭੰਗ ਹੋਣ ਅਤੇ ਕੌਮੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਹੋਣ ਦੀ ਸੰਭਾਵਨਾ ਬਾਰੇ ਚਿਤਾਵਨੀ ਦਿੰਦਿਆਂ ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਅਤੇ ਰੋਜ਼ੀ-ਰੋਟੀ ਤੇ ਲੱਤ ਵੱਜਣ ਦੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ| ਕੇਂਦਰ ਸਰਕਾਰ ਨੂੰ ਹਾਲਾਤ ਹੱਥਾਂ ਵਿੱਚੋਂ ਨਿਕਲਣ ਦੀ ਇਜਾਜ਼ਤ ਦੇਣ ਵਿਰੁੱਧ ਸਾਵਧਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਰੋਹ ਵਿੱਚ ਆਏ ਨੌਜਵਾਨ ਕਿਸਾਨਾਂ ਨਾਲ ਸੜਕਾਂ ਤੇ ਉੱਤਰ ਸਕਦੇ ਹਨ ਜਿਸ ਨਾਲ ਅਫਰਾ-ਤਫਰੀ ਫੈਲ ਜਾਵੇਗੀ| 
ਉਨ੍ਹਾਂ ਕਿਹਾ ਕਿ ਇਸ ਵੇਲੇ ਜੋ ਵਰਤਾਰਾ ਵਾਪਰ ਰਿਹਾ ਹੈ, ਇਸ ਨਾਲ ਸ਼ਾਂਤਮਈ ਮਾਹੌਲ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ| ਉਨ੍ਹਾਂ ਕਿਹਾ ਕਿ 80ਵੇਂ ਅਤੇ 90ਵੇਂ ਦੇ ਦਹਾਕੇ ਮੌਕੇ ਵੀ ਅਜਿਹਾ ਵੀ ਵਾਪਰਿਆ ਸੀ| ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੀ ਆਪਸ ਵਿੱਚ ਗੰਢਤੁੱਪ ਹੈ ਅਤੇ ਉਹ ਸੂਬੇ ਦੇ ਅਮਨ-ਚੈਨ ਨੂੰ ਭੰਗ ਕਰਨ ਲਈ ਇਸ ਮੌਕੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰਨਗੇ ਜਿਸ ਨਾਲ ਕੌਮੀ ਸੁਰੱਖਿਆ ਨੂੰ ਗੰਭੀਰ ਖਤਰਾ ਖੜ੍ਹਾ ਹੋ ਸਕਦਾ ਹੈ| ਮੁੱਖ ਮੰਤਰੀ ਨੇ ਕਿਹਾ ਕਿ ਉਹ ਮੌਜੂਦਾ ਸਥਿਤੀ ਨੂੰ ਲੈ ਕੇ ਬੇਚੈਨ ਅਤੇ ਪ੍ਰੇਸ਼ਾਨ ਹਨ ਅਤੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਮਝਣਾ ਚਾਹੁੰਦੇ ਹਨ ਕਿ ਕੋਵਿਡ ਦੇ ਸੰਕਟ ਵਿੱਚ ਵੀ ਕਿਸਾਨਾਂ ਲਈ ਅਜਿਹੀ ਬਿਪਤਾ ਕਿਉਂ ਸਹੇੜ ਦਿੱਤੀ| 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਡਟ ਕੇ ਖੜ੍ਹੇ ਹਨ ਕਿਉਂਕਿ ਕਿਸਾਨਾਂ ਕੋਲ ਆਪਣੇ ਆਪ ਨੂੰ ਅਤੇ ਪਰਿਵਾਰਾਂ ਨੂੰ ਬਚਾਉਣ ਲਈ ਲੜਾਈ ਲੜਨ ਤੋਂ ਸਿਵਾਏ ਕੋਈ ਹੋਰ ਰਸਤਾ ਨਹੀਂ ਬਚਿਆ| ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਅਤੇ ਰੋਕਾਂ ਹਟਾਉਣ ਅਤੇ ਜ਼ਰੂਰੀ ਵਸਤਾਂ ਦੀ ਆਵਾਜਾਈ ਦੀ ਆਗਿਆ ਦੇ ਕੇ ਸੂਬਾ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ| ਮੁੱਖ ਮੰਤਰੀ ਨੇ ਕਿਹਾ,”ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਅਤੇ ਹੁਣ ਸਾਡੇ ਨਾਲ ਖੜ੍ਹਨ ਦੀ ਵਾਰੀ ਤੁਹਾਡੀ ਹੈ|” ਉਨ੍ਹਾਂ ਕਿਹਾ ਕਿ ਸਮੁੱਚਾ ਸਦਨ ਉਨ੍ਹਾਂ ਨਾਲ ਹੈ ਪਰ ਸੂਬਾ ਔਖੇ ਸਮਿਆਂ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਬਿਜਲੀ ਉਤਪਾਦਨ ਸੰਕਟ ਵਿੱਚ ਘਿਰਿਆ ਹੋਇਆ ਹੈ, ਖਾਦ ਲਈ ਯੂਰੀਆ ਨਹੀਂ ਹੈ ਅਤੇ ਨਾ ਹੀ ਝੋਨੇ ਦੀ ਮੌਜੂਦਾ ਆਮਦ ਲਈ ਗੁਦਾਮਾਂ ਵਿੱਚ ਜਗ੍ਹਾ ਹੈ|
ਸਦਨ ਵਿੱਚ ਵਿਚਾਰ-ਚਰਚਾ ਲਈ ਆਪਣੀ ਸਰਕਾਰ ਦੇ ਚਾਰ ਬਿੱਲਾਂ ਨੂੰ          ਪੇਸ਼ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਨਾਂਅ ਤੇ ਅਸਲ ਵਿੱਚ ਉਨ੍ਹਾਂ ਨੇ ‘ਵਪਾਰ ਕਾਨੂੰਨ’ ਬਣਾਏ ਹਨ| ਕੌਮੀ ਮੰਡੀ ਤੱਕ ਰਸਾਈ ਕਿਸਾਨਾਂ ਦੀ ਨਹੀਂ ਸਗੋਂ ਵਪਾਰੀਆਂ ਦੀ ਹੈ| ਇਸ ਕਰਕੇ ਅਖੌਤੀ ਖੇਤੀ ਕਾਨੂੰਨਾਂ ਵਿੱਚ ‘ਟਰੇਡ ਏਰੀਆ’ ਦੀ ਵਰਤੋਂ ਵੀ ਏਹੀ ਕਹਿ ਰਹੀ ਹੈ|
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਇਹ ਕਾਰਵਾਈ ਨਿਆਂਪੂਰਨ ਹੈ| ਭਾਰਤੀ ਜਨਤਾ ਪਾਰਟੀ ਨੂੰ ਸੂਬੇ ਦੀ ਖੇਤੀ ਨੂੰ ਨੁੱਕਰੇ ਲਾਉਣ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਜਿਸ ਵੇਲੇ ਤੋਂ ਮੁਲਕ ਦੇ ਹੋਰ ਸੂਬਿਆਂ ਵੱਲੋਂ ਅਨਾਜ ਮੁਹੱਈਆ ਕਰਵਾਉਣਾ ਸ਼ੁਰੂ ਕੀਤਾ ਹੋਇਆ ਹੈ, ਉਸ ਵੇਲੇ ਤੋਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਰਕਿਨਾਰ ਕਰਨਾ ਸ਼ੁਰੂ ਕਰ ਦਿੱਤਾ ਹੈ| ਸੰਵਿਧਾਨਕ ਗਾਰੰਟੀਆਂ ਦੀ ਪਾਲਣਾ ਕਰਨ ਵਿੱਚ ਕੇਂਦਰ ਦੀ ਨਾਕਾਮੀ ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੇਂਦਰ ਨੇ ਵਾਅਦੇ ਦੇ ਬਾਵਜੂਦ ਜੀ.ਐਸ.ਟੀ. ਦੀ ਅਦਾਇਗੀ ਨਹੀਂ ਕੀਤੀ|
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਪਣਾ ਕਿਸਾਨ ਭਾਈਚਾਰਾ ਅਤੇ            ਖੇਤੀਬਾੜੀ, ਜੋ ਸੂਬੇ ਦੇ ਵਿਕਾਸ ਤੇ ਤਰੱਕੀ ਦੀ ਰੀੜ੍ਹ ਦੀ ਹੱਡੀ ਹੈ, ਨੂੰ ਭਾਜਪਾ ਵੱਲੋਂ ਅਜਿਹੇ ਚਾਲਬਾਜ਼ ਤਰੀਕਿਆਂ ਨਾਲ ਤਬਾਹ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ| ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਚਾਰ ਬਿੱਲਾਂ ਦਾ ਉਦੇਸ਼ ਜਿੱਥੇ ਕੇਂਦਰੀ ਕਾਨੂੰਨਾਂ ਤੋਂ ਸੂਬਾ ਅਤੇ ਇੱਥੋਂ ਦੇ            ਖੇਤੀਬਾੜੀ ਸੈਕਟਰ ਨੂੰ ਪੈਦਾ ਹੋਏ ਖਤਰੇ ਨੂੰ ਰੋਕਣਾ ਹੈ, ਉਥੇ ਹੀ ਕਿਸਾਨਾਂ ਅਤੇ ਖਪਤਕਾਰਾਂ ਦੇ ਤੌਖਲਿਆਂ ਨੂੰ ਵੀ ਦੂਰ ਕਰਨਾ ਹੈ|

Leave a Reply

Your email address will not be published. Required fields are marked *