ਕਿਸਾਨਾਂ ਵਿੱਚ ਫੁੱਟ ਪਾਉਣ ਦਾ ਯਤਨ ਕਰ ਰਹੀ ਹੈ ਮੋਦੀ ਸਰਕਾਰ : ਭਗਵੰਤ ਮਾਨ


ਚੰਡੀਗੜ੍ਹ, 9 ਦਸੰਬਰ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਬਿਨਾਂ ਕਿਸੇ ਨਤੀਜੇ ਤੋਂ ਪੁੱਜੇ ਖਤਮ ਕਰਵਾਉਣ ਲਈ ਕਿਸਾਨਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪ੍ਰੰਤੂ ਕਿਸਾਨ ਯੂਨੀਅਨਾਂ ਦੇ ਏਕੇ ਸਾਹਮਣੇ ਮੋਦੀ ਸਰਕਾਰ ਦੀਆਂ ਇਹ ਟੁਚੀਆਂ ਹਰਕਤਾਂ ਫੇਲ੍ਹ ਹੋ ਜਾਂਦੀਆਂ ਹਨ|
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਮੰਗਲਵਾਰ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਕਿਸਾਨ ਯੂਨੀਅਨਾਂ ਦੀ ਮੀਟਿੰਗ ਵਿੱਚ 40 ਵਿਚੋਂ ਸਿਰਫ 13 ਕਿਸਾਨ ਜਥੇਬੰਦੀਆਂ ਨੂੰ ਬੁਲਾਇਆ ਗਿਆ| ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਪੰਜਾਬ ਦੀ ਕਿਸਾਨ ਜਥੇਬੰਦੀ ਬੀਕੇਯੂ (ਏਕਤਾ ਉਗਰਾਹਾ) ਨੂੰ ਵੀ ਮੀਟਿੰਗ ਵਿਚ ਨਹੀ ਬੁਲਾਇਆ ਗਿਆ| 
ਮਾਨ ਨੇ ਕਿਹਾ ਕਿ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੀ ਏਕਤਾਂ ਨੂੰ ਖੇਰੂ-ਖੇਰੂ ਕਰਨ ਲਈ ਅਜਿਹੇ ਹੱਥਕੰਢੇ ਵਰਤ ਰਹੀ ਹੈ| ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿੱਚ ਆਪਸੀ ਫੁੱਟ ਪਾ ਕੇ ਮਤਭੇਦ ਪੈਦਾ ਕਰਾਉਣਾ ਚਾਹੁੰਦੀ ਹੈ ਅਤੇ ਕਿਸਾਨ ਅੰਦੋਲਨ ਨੂੰ ਕੰਮਜ਼ੋਰ ਕਰਨਾ ਚਾਹੁੰਦੀ ਹੈ| ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੀ ਇਹ ਵੱਡੀ ਸਿਆਣਪ ਹੈ ਕਿ ਉਹ ਸਰਕਾਰ ਦੀਆਂ ਕੋਝੀਆਂ ਹਰਕਤਾਂ ਤੋਂ ਜਾਣੂ ਹਨ ਅਤੇ ਸਰਕਾਰ ਦੀ ਚਾਲ ਨੂੰ ਫੇਲ੍ਹ ਕਰ ਦਿੰਦੇ ਹਨ|
ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੂੰ ਲੈ ਕੇ ਅਜੇ ਵੀ ਭੁੱਲੇਖੇ ਵਿਚ ਹੈ| ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਹੁਣ ਦੇਸ਼ ਵਿਆਪੀ ਹੋ ਚੁੱਕਿਆ ਹੈ| ਉਨ੍ਹਾਂ ਕਿਹਾ ਕਿ ਜਦੋਂ ਜਦੋਂ ਕੇਂਦਰ ਸਰਕਾਰ ਨੇ ਇਸ ਸੰਘਰਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਹੋਰ ਮਜ਼ਬੂਤ ਹੋ ਕੇ ਉਭਰਿਆ ਹੈ|

Leave a Reply

Your email address will not be published. Required fields are marked *