ਕਿਸਾਨੀ ਮੰਗਾਂ ਦੇ ਸ਼ਾਂਤੀਪੂਰਨ ਹੱਲ ਲਈ ਅਰਦਾਸ ਅਤੇ ਗੁਰਮਤਿ ਸਮਾਗਮ ਕਰਵਾਇਆ
ਐਸ.ਏ.ਐਸ. ਨਗਰ, 23 ਫਰਵਰੀ (ਸ.ਬ.) ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦੇ ਦਿਹਾੜੇ ਉੱਤੇ ਕਿਸਾਨੀ ਮੰਗਾਂ ਦੇ ਸ਼ਾਂਤੀਪੂਰਨ ਹੱਲ ਲਈ ਅਰਦਾਸ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਅਮਰਜੀਤ ਸਿੰਘ ਰੂਪਾਲੋਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਵਲੋਂ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਮੋਹਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਖਾਲਸਾ ਭਾਈ ਜਸਪ੍ਰੀਤ ਜੀ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਦਸਵੀਂ ਦਿਹਾੜੇ ਉੱਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਅਰਦਾਸ ਸਮਾਗਮ ਵਿੱਚ ਸਮੂਹ ਸੰਗਤਾਂ ਵਲੋਂ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਸ਼ਾਂਤੀਪੂਰਨ ਹੱਲ ਲਈ ਅਰਦਾਸ ਕੀਤੀ ਗਈ। ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 25 ਫਰਵਰੀ ਨੂੰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।