ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸੀ ਅਗਲੀ ਰਣਨੀਤੀ


ਨਵੀਂ ਦਿੱਲੀ, 2 ਜਨਵਰੀ (ਸ.ਬ.) ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਕਿਸਾਨ ਅੰਦੋਲਨ ਦਾ ਅੱਜ 38ਵਾਂ ਦਿਨ ਹੈ ਅਤੇ ਕੜਾਕੇ ਦੀ ਠੰਡ ਦੇ ਬਾਵਜੂਦ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ ਤੇ ਡਟੇ ਹੋਏ ਹਨ।
ਇਸ ਦਰਮਿਆਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂਆਂ ਵਲੋਂ ਦਿੱਲੀ ਪ੍ਰੈਸ ਕਲੱਬ ਵਿੱਚ ਕੀਤੇ ਗਏ ਇੱਕ ਪੱਤਰਕਾਰ ਸੰਮੇਲਨ ਦੌਰਾਨ ਸਪਸ਼ਟ ਕੀਤਾ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਤੱਕ ਜੋ ਵੀ ਗੱਲਬਾਤ ਹੋਈ ਹੈ, ਉਹ ਕਿਸੇ ਹੱਲ ਵੱਲ ਨਹੀਂ ਪੁੱਜੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਵਲੋਂ ਸਰਕਾਰ ਨੂੰ ਸਾਫ਼ ਕਿਹਾ ਗਿਆ ਹੈ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ।
ਉਹਨਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਤਰੀਕੇ ਨਾਲ ਚਲ ਰਿਹਾ ਹੈ ਅਤੇ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ ਇਹ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਹੰਕਾਰ ਦੀ ਵਜ੍ਹਾ ਨਾਲ ਕਾਨੂੰਨ ਵਾਪਸ ਨਹੀਂ ਲੈ ਰਹੀ ਅਤੇ ਖੇਤੀ ਕਾਨੂੰਨਾਂ ਸੰਬੰਧੀ ਗ਼ਲਤ ਪ੍ਰਚਾਰ ਕਰ ਰਹੀ ਹੈ।
ਇਸ ਮੌਕੇ ਕਿਸਾਨ ਆਗੂ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ ਜੇਕਰ 4 ਜਨਵਰੀ ਦੀ ਗੱਲਬਾਤ ਸਫ਼ਲ ਨਾ ਹੋਈ ਤਾਂ ਅੰਦੋਲਨ ਨੂੰ ਤਿੱਖਾ ਕਰਦਿਆਂ 6 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ। ਉਹਨਾਂ ਕਿਹਾ ਕਿ 5 ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਸੁਣਵਾਈ ਹੋਵੇਗੀ ਅਤੇ 6 ਜਨਵਰੀ ਤੋਂ ਲੈ ਕੇ 20 ਜਨਵਰੀ ਤੱਕ ਪੂਰੇ ਦੇਸ਼ ਵਿੱਚ ਭਾਜਪਾ ਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਦਬਾਅ ਬਣਾਉਣ ਲਈ ਰੈਲੀਆਂ ਕੱਢੀਆਂ ਜਾਣਗੀਆਂ।
ਕਿਸਾਨ ਆਗੂਆਂ ਨੇ ਕਿਹਾ ਕਿ 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰਾਂ ਤੇ ਤਿਰੰਗਾ ਝੰਡਾ ਲਗਾ ਕੇ ਪਰੇਡ ਕਰਨਗੇ।

Leave a Reply

Your email address will not be published. Required fields are marked *