ਕਿਸਾਨ ਸੰਘਰਸ਼ ਬਾਰੇ ਮੁੱਖ ਮੰਤਰੀ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਕਿਸਾਨਾਂ ਖਿਲਾਫ ਦਰਜ ਮਾਮਲੇ ਵਾਪਸ ਲੈਣ ਦੀ ਮੰਗ

ਚੰਡੀਗੜ੍ਹ, 2 ਫਰਵਰੀ (ਸ.ਬ.) ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਪੰਜਾਬ ਭਾਜਪਾ ਦੇ ਆਗੂ ਗੈਰ ਹਾਜ਼ਰ ਰਹੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਮੀਟਿੰਗ ਵਿੱਚ ਮੌਜੂਦ ਰਹੇ।

ਇਸ ਮੀਟਿੰਗ ਦੌਰਾਨ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਮੰਗ ਕੀਤੀ ਕਿ ਦਿੱਲੀ ਵਿਖੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ, ਖੇਤ ਮਜ਼ਦੂਰਾਂ, ਮੀਡੀਆ ਕਰਮੀਆਂ ਅਤੇ ਹੋਰਨਾਂ ਤੇ ਦਰਜ ਕੀਤੇ ਗਏ ਮੁਕੱਦਮਿਆਂ ਨੂੰ ਵਾਪਸ ਲਿਆ ਜਾਵੇ ਅਤੇ ਅਜਿਹੇ ਸਭ ਲੋਕਾਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕੀਤਾ ਜਾਵੇ।

ਮੀਟਿੰਗ ਵਿੱਚ ਕਿਹਾ ਗਿਆ ਕਿ ਲਾਲ ਕਿਲ੍ਹੇ ਦੀ ਘਟਨਾ ਦੇ ਜ਼ਿੰਮੇਵਾਰ ਲੋਕਾਂ ਸਬੰਧੀ ਨਿਆਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਪੰਜਾਬ ਦੇ ਕਿਸਾਨਾਂ ਨੂੰ ਟਰੇਸ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਅੰਦੋਲਨਕਾਰੀ ਕਿਸਾਨਾਂ ਦੀ ਹਰ ਤਰੀਕੇ ਨਾਲ ਮਦਦ ਕੀਤੀ ਜਾ ਰਹੀ ਹੈ, ਜੋ ਪਿਛਲੇ 2 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਆਪਣੇ ਹੱਕਾਂ ਲਈ ਡਟੇ ਹੋਏ ਹਨ।

ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਕਿਸਾਨਾਂ ਦੀ ਘਰਾਂ ਵਿੱਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹਨਾਂ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ ਦਰਜ ਕੀਤੇ 170 ਕੇਸ ਵਾਪਸ ਲਏ ਜਾ ਰਹੇ ਹਨ।

Leave a Reply

Your email address will not be published. Required fields are marked *