ਕੀਟਨਾਸ਼ਕਾਂ ਦੀ ਵੱਧ ਵਰਤੋਂ ਨਾਲ ਬਾਸਮਤੀ ਦੀ ਬਰਾਮਦ ਹੋ ਰਹੀ ਹੈ ਪ੍ਰਭਾਵਿਤ: ਪੰਨੂ

ਚੰਡੀਗੜ੍ਹ, 24 ਅਗਸਤ (ਸ.ਬ.)ਪੰਜਾਬ ਸਰਕਾਰ ਵਲੋਂ ਮਿਲਾਵਟਖੋਰਾਂ ਖਿਲਾਫ ਕਾਰਵਾਈ ਦੇ ਨਾਲ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਵੱਧ ਵਰਤੋਂ ਵਿਰੁੱਧ ਵੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ| ਇਸ ਬਾਰੇ ਜਾਣਕਾਰੀ ਦਿੰਦਿਆਂ ਮਿਸ਼ਨ ਤੰਦਰੁਸਤ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਵਿਸ਼ਵ ਨੂੰ ਬਾਸਮਤੀ ਦੀ ਬਰਾਮਦ ਵਿੱਚ ਪੰਜਾਬ ਮੋਹਰੀ ਸੂਬਾ ਹੈ ਪਰ ਕੀਟਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਯੂਰਪੀ ਯੂਨੀਅਨ, ਅਮਰੀਕਾ ਤੇ ਵਿਸ਼ਵ ਦੇ ਹੋਰ ਬਾਜ਼ਾਰਾਂ ਵਿੱਚ ਬਰਾਮਦਾਂ ਵਿੱਚ ਗਿਰਾਵਟ ਦਰਜ ਹੋਈ ਹੈ| ਉਹਨਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਬਰਾਮਦ ਦੇ 400 ਆਰਡਰ ਰੱਦ ਹੋ ਗਏ ਕਿਉਂਕਿ ਭਾਰਤੀ ਕੌਂਸਲ ਫਾਰ ਰਿਸਰਚ ਔਨ ਇੰਟਰਨੈਸ਼ਨਲ ਇਕਨੌਮਿਕ ਰਿਲੇਸ਼ਨਜ਼ (ਆਈ ਸੀ ਆਰ ਆਈ ਈ ਆਰ) ਮੁਤਾਬਕ ਇਸ ਵਿੱਚ ਕੀਟਨਾਸ਼ਕਾਂ ਦਾ ਪੱਧਰ ਤੈਅ ਹੱਦ ਤੋਂ ਕਾਫ਼ੀ ਜ਼ਿਆਦਾ ਹੈ|
ਉਹਨਾਂ ਕਿਹਾ ਕਿ ਪੰਜਾਬ ਰਾਇਸ ਮਿੱਲਰਜ਼ ਐਕਸਪੋਟਰਜ਼ ਐਸੋਸੀਏਸ਼ਨ ਨੇ ਹਾਲ ਵਿੱਚ ਸੂਬਾ ਸਰਕਾਰ ਨੂੰ ਦੱਸਿਆ ਹੈ ਕਿ ਕੀਟਨਾਸ਼ਕਾਂ ਦੇ ਉÎੱਚ ਪੱਧਰ ਕਾਰਨ ਯੂਰਪੀ ਯੂਨੀਅਨ ਤੇ ਅਮਰੀਕਾ ਤੋਂ ਬਾਸਮਤੀ ਦੇ ਆਡਰ ਵੱਡੇ ਪੱਧਰ ਉਤੇ ਰੱਦ ਹੋਏ ਹਨ| ਉਨ੍ਹਾਂ ਦੱਸਿਆ ਕਿ ਏਸਫੇਟ, ਕੈਬੈਂਡਾਜ਼ਿਮ, ਥੀਆਮੈਟੋਸੈਮ, ਟ੍ਰਿਕਲਾਜ਼ੋਲ ਅਤੇ ਟ੍ਰਿਜ਼ਾਫੋਸ ਵਰਗੇ ਪੰਜ ਕੀਟਨਾਸ਼ਕਾਂ ਕਾਰਨ ਇਹ ਸਮੱਸਿਆ ਆ ਰਹੀ ਹੈ|
ਸ੍ਰੀ ਪੰਨੂ ਨੇ ਦੱਸਿਆ ਕਿ ਇਸ ਕਾਰਨ ‘ਕੀਟਨਾਸ਼ਕ ਮੁਕਤ ਬਾਸਮਤੀ’ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਨ੍ਹਾਂ ਪੰਜ ਕੀਟਨਾਸ਼ਕਾਂ ਦੇ ਸੁਝਾਏ ਬਦਲਾਂ ਨੂੰ ਪ੍ਰਚਾਰਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ 50 ਹਜ਼ਾਰ ਕਰੋੜ ਰੁਪਏ ਦੇ ਚੌਲ ਬਰਾਮਦ ਕਾਰੋਬਾਰ ਉਤੇ ਪੈਣ ਵਾਲੇ ਮਾੜੇ ਅਸਰ ਦਾ ਖਮਿਆਜ਼ਾ ਕਿਸਾਨਾਂ ਨੂੰ ਵੀ ਭੁਗਤਣਾ ਪਵੇਗਾ| ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਵਾਲੀਆਂ ਫਸਲਾਂ ਦੇ ਘੇਰੇ ਵਿੱਚ ਨਾ ਆਉਣ ਕਾਰਨ ਬਾਸਮਤੀ ਦੀ ਖ਼ਰੀਦ ਸਰਕਾਰੀ ਏਜੰਸੀਆਂ ਦੀ ਥਾਂ ਵਪਾਰੀਆਂ ਉਤੇ ਹੀ ਨਿਰਭਰ ਹੈ| ਦੇਸ਼ ਵਿੱਚ ਪੈਦਾ ਹੋਣ ਵਾਲੀ ਬਾਸਮਤੀ ਵਿੱਚੋਂ 90 ਫੀਸਦੀ ਬਰਾਮਦ ਕੀਤੀ ਜਾਂਦੀ ਹੈ ਅਤੇ ਜੇ ਬਰਾਮਦ ਨੂੰ ਸੱਟ ਵੱਜਦੀ ਹੈ ਤਾਂ ਸੂਬੇ ਦੇ ਕਿਸਾਨਾਂ ਨੂੰ ਸਿੱਧੇ ਤੌਰ ਉਤੇ ਨੁਕਸਾਨ ਪੁੱਜੇਗਾ| ਇਸ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਕਿਸਾਨਾਂ ਨੂੰ ਇਸ ਮਸਲੇ ਉਤੇ ਜਾਗਰੂਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਕੀਟਨਾਸ਼ਕ ਮੁਕਤ ਬਾਸਮਤੀ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪੱਧਰ ਉਤੇ ਮੁਹਿੰਮ ਚਲਾਈ ਜਾ ਰਹੀ ਹੈ|

Leave a Reply

Your email address will not be published. Required fields are marked *