ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਗੱਲਬਾਤ ਦੇ ਪਹਿਲੇ ਦੌਰ ਦੌਰਾਨ ਨਹੀਂ ਨਿਕਲਿਆ ਹੱਲ, ਮੀਟਿੰਗ ਜਾਰੀ ਖੇਤੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਸਰਕਾਰ, ਐਮ ਐਸ ਪੀ ਦੇ ਮੁੱਦੇ ਤੇ ਸਰਕਾਰ ਨੇ ਹੱਥ ਖਿੱਚੇ

ਨਵੀਂ ਦਿੱਲੀ, 4 ਜਨਵਰੀ (ਸ.ਬ.) ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਈ 7ਵੇਂ ਦੌਰ ਦੀ ਮੀਟਿੰਗ ਦੌਰਾਨ ਪਹਿਲੇ ਦੌਰ ਦੀ ਮੀਟਿੰਗ ਵਿੱਚ ਕੋਈ ਹਲ ਨਿਕਲਦਾ ਨਜ਼ਰ ਨਹੀਂ ਆ ਰਿਹਾ ਹੈ।
ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਮੀਟਿੰਗ ਅੱਜ ਬਾਅਦ ਦੁਪਹਿਰ ਕਰੀਬ 2.30 ਵਜੇ ਸ਼ੁਰੂ ਹੋਈ। ਇਸ ਦੌਰਾਨ ਮੀਟਿੰਗ ਸ਼ੁਰੂ ਹੁੰਦੇ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਪਹਿਲਾਂ ਕਿਸਾਨ ਸੰਘਰਸ਼ ਦੌਰਾਨ ਮਿ੍ਰਤਕ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ। ਇਸ ਮੰਗ ਤੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਨੇ ਜਾਰੀ ਵਿਰੋਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਲਈ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਲੰਬੀ ਚਲਣ ਦੀ ਸੰਭਾਵਨਾ ਹੈ। ਮੀਟਿੰਗ ਸ਼ੁਰੂ ਹੋਣ ਦੇ ਲਗਭਗ ਦੋ ਘੰਟੇ ਬਾਅਦ ਲੰਚ ਬ੍ਰੇਕ ਕੀਤੀ ਗਈ ਅਤੇ ਪਹਿਲੇ ਦੌਰ ਦੀ ਮੀਟਿੰਗ ਖਤਮ ਹੋ ਗਈ ਹੈ। ਸੂਤਰਾਂ ਮੁਤਾਬਕ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਜੋ ਵੀ ਗੱਲਬਾਤ ਹੋਈ ਹੈ, ਉਸ ਵਿੱਚੋਂ ਇਹ ਸਾਹਮਣੇ ਆਇਆ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ ਅਤੇ ਸਰਕਾਰ ਦਾ ਰਵਈਆਂ ਗੱਲਬਾਤ ਵਿੱਚ ਪਿਛਾਂਹ ਨੂੰ ਜਾਂਦਾ ਦਿਖ ਰਿਹਾ ਹੈ। ਇਸ ਤੋਂ ਇਲਾਵਾ ਫਸਲਾਂ ਦੀ ਖਰੀਦ ਦੀ ਗਰੰਟੀ (ਐਮ. ਐਸ. ਪੀ. ਦੇ ਮੁੱਦੇ) ਦੇ ਮੁੱਦੇ ਤੇ ਵੀ ਸਰਕਾਰ ਪਿੱਛੇ ਨੂੰ ਹੱਟਦੀ ਨਜ਼ਰ ਆ ਰਹੀ ਹੈ ਅਤੇ ਕੁੱਲ ਮਿਲਾ ਕੇ ਅੱਜ ਦੀ ਮੀਟਿੰਗ ਵਿੱਚ ਵੀ ਮਸਲੇ ਦਾ ਹੱਲ ਹੋਣ ਦੀ ਕੋਈ ਸੰਭਾਵਨਾ ਨਜਰ ਨਹੀਂ ਆ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਦੌਰ ਦੀ ਗੱਲਬਾਤ ਖਤਮ ਹੋਣ ਤਕ ਦੋਵੇਂ ਧਿਰਾਂ ਆਪੋ ਆਪਣੈ ਸਟੈਂਡ ਤੇ ਅੜੀਆਂ ਹੋਈਆਂ ਹਨ ਸਰਕਾਰ ਦਾ ਅੜੀਅਲ ਰਵੱਈਆ ਸਾਹਮਣੇ ਆ ਰਿਹਾ ਹੈ, ਸਰਕਾਰ ਆਪਣੇ ਫ਼ੈਸਲੇ ਤੇ ਅੜੀ ਹੋਈ ਹੈ। ਇਸ ਦੌਰਾਨ ਜਦੋਂ ਗੱਲਬਾਤ ਦਾ ਪਹਿਲਾ ਦੌਰ ਖ਼ਤਮ ਹੋ ਚੁੱਕਾ ਹੈ। ਹੁਣ ਅੱਗੇ ਕੀ ਹੋਵੇਗਾ, ਇਹ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅਗਲੇ ਦੌਰ ਦੀ ਗੱਲਬਾਤ ਤੋਂ ਬਾਅਦ ਹੀ ਮਗਰੋਂ ਹੀ ਸਪਸ਼ਟ ਹੋਵੇਗਾ।
ਇਸ ਦੌਰਾਨ ਪੂਰੇ ਦੇਸ਼ ਦੀਆਂ ਨਜ਼ਰਾਂ ਇਸ ਮੀਟਿੰਗ ਤੇ ਟਿਕੀਆਂ ਹਨ ਅਤੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਕੀ ਸਰਕਾਰ ਕਿਸਾਨਾਂ ਅੱਗੇ ਝੁਕੇਗੀ ਜਾਂ ਕਿਸਾਨ ਪਹਿਲਾਂ ਵਾਂਗ ਆਪਣੇ ਸਟੈਂਡ ਤੇ ਕਾਇਮ ਰਹਿਣਗੇ ਅਤੇ ਇਸਦਾ ਪਤਾ ਮੀਟਿੰਗ ਦੇ ਖਤਮ ਹੋਣ ਤੋਂ ਬਾਅਦ ਹੀ ਲੱਗੇਗਾ।
ਇੱਥੇ ਜਿਕਰਯੋਗ ਹੈ ਕਿ ਕਿਸਾਨਾਂ ਵਲੋਂ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਿਆ ਹੈ ਕਿ ਜੇਕਰ ਕੇਂਦਰ ਸਰਕਾਰ ਵਲੋਂ ਅੱਜ ਦੀ ਮੀਟਿੰਗ ਦੌਰਾਨ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਣਗੇ ਅਤੇ 6 ਜਨਵਰੀ ਨੂੰ ਟ੍ਰਾਲੀ ਮਾਰਚ ਕੱਢਿਆ ਜਾਵੇਗਾ।
ਕਿਸਾਨਾਂ ਦਾ ਅੰਦੋਲਨ ਅੱਜ 40ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ। ਇਸ ਦੌਰਾਨ ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਅਤੇ ਭਾਰੀ ਮੀਂਹ ਦੇ ਬਾਵਜੂਦ ਦਿੱਲੀ ਬਾਰਡਰ ਤੇ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਕਿਸਾਨ ਕਿਸੇ ਵੀ ਹਾਲਤ ਵਿੱਚ ਪਿੱਛੇ ਹਟਣ ਲਈ ਤਿਆਰ ਨਹੀਂ ਹਨ।

Leave a Reply

Your email address will not be published. Required fields are marked *