ਕੇਂਦਰ ਸਰਕਾਰ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਚਲਦੇ ਸੰਘਰਸ਼ ਦਾ ਹਲ ਕੱਢਣ ਦਾ ਕੋਈ ਇਰਾਦਾ ਨਹੀਂ : ਹਰਸਿਮਰਤ ਬਾਦਲ


ਅੰਮਿ੍ਰਤਸਰ, 11 ਜਨਵਰੀ (ਸ.ਬ.) ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਸਿੱਟਾ ਕੱਢਣ ਦਾ ਇਰਾਦਾ ਨਹੀਂ ਹੈ। ਜੇਕਰ ਉਨ੍ਹਾਂ ਦਾ ਕੋਈ ਇਰਾਦਾ ਹੁੰਦਾ ਤਾਂ ਡੇਢ ਮਹੀਨਾ ਕਿਸਾਨਾਂ ਨੂੰ ਠੰਡ ਵਿੱਚ ਨਾ ਬਿਠਉਂਦੇ।
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਸਲੇ ਦਾ ਹਲ ਕੱਢਣ ਦਾ ਇਰਾਦਾ ਨਾ ਹੋਣ ਕਾਰਨ ਹੀ ਸਰਕਾਰ ਨੇ ਪਿਛਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਅਦਾਲਤ ਵਿੱਚ ਜਾਣ ਲਈ ਕਿਹਾ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕਾਨੂੰਨਾਂ ਦੇ ਮਾਮਲੇ ਵਿਚ ਕਿਸਾਨਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ।
ਉਹਨਾਂ ਕਿਹਾ ਕਿ ਇਕ ਚੁਣੀ ਹੋਈ ਸਰਕਾਰ ਜੇ ਲੋਕਾਂ ਨੂੰ ਅਦਾਲਤ ਵਿਚ ਜਾਣ ਦਾ ਰਾਹ ਦਿਖਾਉਂਦੀ ਹੈ ਤਾਂ ਫਿਰ ਉਸ ਨੂੰ ਲੋਕਾਂ ਵੱਲੋਂ ਚੁਣਿਆ ਹੀ ਕਿਉਂ ਗਿਆ। ਉਹ ਸਰਕਾਰ ਲੋਕਾਂ ਦੀ ਪ੍ਰਤੀਨਿਧਤਾ ਕਿਵੇਂ ਕਰਦੀ ਹੈ। ਕਿਸਾਨ ਅੰਦੋਲਨ ਵਿੱਚ 70 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ਨੂੰ ਇਨ੍ਹਾਂ ਦੀ ਕੋਈ ਪਰਵਾਹ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਉਨ੍ਹਾਂ ਦੇ ਸ਼ਾਂਤਮਈ ਧਰਨੇ ਨੂੰ ਅਸ਼ਾਤਮਈ ਹੋਣ ਵੱਲ ਧੱਕ ਰਹੀ ਹੈ ਪਰੰਤੂ ਸਰਕਾਰ ਦੇ ਇਨ੍ਹਾਂ ਇਰਾਦਿਆਂ ਨੂੰ ਕਾਮਯਾਬ ਨਾ ਹੋਣ ਦਿੱਤਾ ਜਾਵੇ। ੳਹਨਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੀਦੁਨੀਆ ਭਰ ਵਿੱਚ ਸ਼ਲਾਘਾ ਹੋਈ ਹੈ ਪਰ ਸਰਕਾਰ ਇਸਨੂੰ ਬਦਨਾਮ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨ ਸੰਘਰਸ਼ ਦੇ ਨਾਲ ਹੈ ਅਤੇ ਕਿਸਾਨਾਂ ਦੇ ਇਸ ਅੰਦੋਲਨ ਦੀ ਜ਼ਰੂਰ ਜਿੱਤ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਗੁਰਬਾਣੀ ਸਰਵਨ ਕੀਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Leave a Reply

Your email address will not be published. Required fields are marked *