ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨ ਆਗੂਆਂ ਖਿਲਾਫ ਦਰਜ ਕੇਸ ਵਾਪਸ ਲਏ ਜਾਣ : ਜਿਲ੍ਹਾ ਬਾਰ ਐਸੋਸੀਏਸ਼ਨ

ਐਸ.ਏ.ਐਸ.ਨਗਰ, 29 ਜਨਵਰੀ (ਸ.ਬ.) ਜਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨ ਆਗੂਆਂ ਖਿਲਾਫ ਦਰਜ ਕੇਸਾਂ ਤੇ ਚਰਚਾ ਕੀਤੀ ਗਈ।

ਇਸ ਮੌਕੇ ਮਨਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਦੇਸ਼ ਦੇ ਅੰਨਦਾਤੇ ਵਿਰੁੱਧ ਦੁਸ਼ਪ੍ਰਚਾਰ ਕਰਕੇ ਕਿਸਾਨ ਅੰਦੋਲਨ ਨੂੰ ਲੀਹ ਤੋਂ ਲਾਹੁਣਾਂ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੇ ਮਨਸੂਬੇ ਅਧੀਨ ਦਿੱਲੀ ਦੀ ਕਿਸਾਨ ਪਰੇਡ ਨੂੰ ਜਾਣ ਬੁਝ ਕੇ ਪਹਿਲਾਂ ਤੈਅ ਰੂਟ ਤੋਂ ਉਤਾਰਿਆ ਗਿਆ ਅਤੇ ਹੁਲੜਬਾਜਾਂ ਨੂੰ ਪੁਲੀਸ ਦੀ ਮੌਜੂਦਗੀ ਵਿੱਚ ਲਾਲ ਕਿਲੇ ਤੇ ਚੜ੍ਹਨ ਦਾ ਮਾਹੌਲ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ 95 ਫੀਸਦੀ ਕਿਸਾਨਾਂ ਵੱਲੋਂ ਤੈਅ ਰੂਟ ਤੇ ਹੀ ਸ਼ਾਂਤੀ ਅਤੇ ਅਨੁਸ਼ਾਸ਼ਨ ਵਿਚ ਰਹਿ ਕੇ ਮਾਰਚ ਕੱਢਿਆ ਗਿਆ ਜਿਸ ਨੂੰ ਜਾਣ ਬੁਝ ਕੇ ਅੱਖੋਂ ਪਰੋਖੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪੇ ਘੜੇ ਸਬੂਤਾਂ ਨੂੰ ਆਧਾਰ ਬਣਾ ਕੇ ਕਿਸਾਨ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਉਲਝਾਉਣ ਦਾ ਯਤਨ ਕੀਤਾ ਗਿਆ ਹੈ ਜੋ ਕਿ ਲੋਕਤੰਤਰੀ ਮਰਿਆਦਾ ਅਤੇ ਪਵਿਤਰਤਾ ਦਾ ਕਤਲ ਕਰਨ ਤੁਲ ਹੈ।

ਐਸੋਸੀਏਸ਼ਨ ਵਲੋਂ ਕਿਸਾਨ ਆਗੂਆਂ ਤੇ ਕੇਸ ਦਰਜ ਕਰਨ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਕਿ ਕਿਸਾਨ ਆਗੂਆਂ ਖਿਲਾਫ ਦਰਜ ਮੁਕੱਦਮੇਂ ਵਾਪਸ ਲਏ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਰਠੌੜ, ਕਨਵਰ ਜੋਰਾਵਰ ਸਿੰਘ, ਗਗਨਦੀਪ ਸਿੰਘ, ਨੀਰੂ ਥਰੇਜਾ, ਸੁਸ਼ੀਲ ਅੱਤਰੀ, ਗੁਰਦੀਪ ਸਿੰਘ, ਬਲਜਿੰਦਰ ਸਿੰਘ ਸੈਣੀਂ, ਨਰਿੰਦਰ ਸਿੰਘ ਰੰਗੀ, ਸੰਜੀਵ ਮੈਣੀਂ, ਸਨੇਹਪ੍ਰੀਤ ਸਿੰਘ, ਰਜੇਸ਼ ਗੁਪਤਾ, ਸੰਦੀਪ ਸਿੰਘ ਲੱਖਾ, ਅਮਰਜੀਤ ਸਿੰਘ ਰੁਪਾਲ, ਗੁਰਬੀਰ ਸਿੰਘ ਅੰਟਾਲ, ਹਰਕਿਸ਼ਨ ਸਿੰਘ, ਮੋਹਿਤ ਵਰਮਾ, ਅਕਸ਼ ਚੇਤਲ, ਦਮਨਜੀਤ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਬਡਾਲੀ, ਗੁਰਪ੍ਰੀਤ ਸਿੰਘ ਖਟੜਾ, ਗੁਰਮੀਤ ਸਿੰਘ ਕੋਰੇ ਅਤੇ ਹਰਵਿੰਦਰ ਸੈਣੀਂ ਸਮੇਤ ਵੱਡੀ ਗਿਣਤੀ ਵਕੀਲ ਹਾਜਿਰ ਸਨ।

Leave a Reply

Your email address will not be published. Required fields are marked *