ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਤ ਪਾਸ ਕੀਤੇ ਤਿੰਨੋਂ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ : ਤਿਕਸ਼ਣ ਸ਼ੂਦ

ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਤ ਪਾਸ ਕੀਤੇ ਤਿੰਨੋਂ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ : ਤਿਕਸ਼ਣ ਸ਼ੂਦ
ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ
ਖਰੜ, 4 ਜੁਲਾਈ (ਸ਼ਮਿੰਦਰ ਸਿੰਘ) ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਨਾਲ ਸੰਬੰਧਿਤ ਤਿੰਨੇ ਬਿਲ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਇਹਨਾਂ ਦੇ ਲਾਗੂ ਹੋਣ ਨਾਲ ਕਿਸਾਨਾਂ ਦੀ ਹਾਲਤ ਵਿੱਚ ਸੁਧਾਰ ਆਏਗਾ| ਇਹ ਦਾਅਵਾ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਤੀਕਸਣ ਸ਼ੂਦ ਨੇ ਖਰੜ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ| ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਹਿੱਤ ਵਿੱਚ ਲਿਆਂਦੇ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ            ਹੋਵੇਗਾ|
ਉਹਨਾਂ ਕਿਹਾ ਕਿ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਆਗੂ ਇਸ ਮੁੱਦੇ ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ| ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਚੰਗੀ ਤਰਾਂ ਪੜ੍ਹਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 73 ਸਾਲਾਂ ਬਾਅਦ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਨੂੰ ਆਜ਼ਾਦੀ ਦਿੱਤੀ ਹੈ ਅਤੇ ਹੁਣ ਕਿਸਾਨ ਬਿਨਾਂ ਕਿਸੇ ਰੁਕਾਵਟ ਅਤੇ ਟੈਕਸ ਦੇ ਸੂਬੇ ਜਾਂ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਆਪਣੀ ਮਰਜ਼ੀ ਨਾਲ ਆਪਣੀ ਫਸਲ ਆਪਣੇ ਨਿਰਧਾਰਿਤ ਮੁੱਲ ਤੇ ਵੇਚ ਸਕਦੇ ਹਨ|
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪੈਪਸੀ ਨਾਮ ਦੀ ਕੰਪਨੀ ਪੰਜਾਬ ਵਿੱਚ ਕਿਸਾਨਾਂ ਨਾਲ ਕੰਟਰੈਕਟ ਫਾਰਮੰਗ ਲਈ ਲਿਆਂਦੀ ਸੀ ਪਰ ਉਹ ਕੈਪਟਨ ਸਰਕਾਰ ਦੇ ਹੁੰਦਿਆ ਠੇਕੇਦਾਰੀ ਦੇ ਨਾਮ ਤੇ ਕਿਸਾਨਾਂ ਨਾਲ ਧੋਖਾ ਕਰਕੇ ਫਰਾਰ ਹੋ ਗਈ ਅਤੇ ਹੁਣ ਮੋਦੀ ਸਰਕਾਰ ਵਲੋਂ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਕੋਈ ਵੀ ਕਿਸਾਨਾਂ ਨਾਲ ਅਜਿਹਾ ਨਹੀਂ ਕਰ ਸਕਦਾ| ਇਹ ਕਾਨੂੰਨ ਕਿਸਾਨ ਨੂੰ ਇਹ ਅਧਿਕਾਰ ਦਿੰਦਾ ਹੈ ਕਿ ਉਹ ਆਪਣੀ ਜਮੀਨ ਜਿਨਾਂ ਚਿਰ ਚਾਹੇ ਠੇਕੇ ਤੇ ਦੇ ਸਕਦਾ ਹੈ ਪਰ ਉਸਤੇ ਕਿਸਾਨ ਦੀ ਮਾਲਕੀ ਹੀ ਰਹੇਗੀ|
ਉਹਨਾਂ ਕਿਹਾ ਕਿ ਨਵੇਂ ਕਾਨੂੰਨਾਂ ਵਿੱਚ ਕਿਸਾਨਾਂ ਦੀ ਫਸਲ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੀਤੀ ਜਾਵੇਗੀ| ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰਨ ਬਾਰੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ 10 ਸਾਲ ਤੱਕ ਦੇਸ਼ ਵਿੱਚ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੱਤਾ ਵਿੱਚ ਰਹੀ, ਪਰ ਉਸਨੇ ਇਸ ਨੂੰ ਲਾਗੂ ਨਹੀਂ ਕੀਤਾ| ਉਹਨਾਂ ਦਾਅਵਾ ਕੀਤਾ ਕਿਹਾ ਕਿ ਮੋਦੀ ਸਰਕਾਰ ਨੇ ਸਵਾਮੀਨਾਥਨ ਰਿਪੋਰਟ ਦੀ ਮਹੱਤਵਪੂਰਣ ਸਿਫਾਰਸ਼ ਨੂੰ ਲਾਗਤ ਮੁੱਲ ਨਾਲ ਜੋੜ ਕੇ ਲਾਗੂ ਕੀਤਾ ਹੈ| 
ਕਾਂਗਰਸ ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਸੰਘੀ ਢਾਂਚੇ ਦੀ ਦੁਹਾਈ ਦੇਣ ਵਾਲੀ ਕਾਂਗਰਸ ਨੇ ਹੀ ਸਭ ਤੋਂ ਵੱਧ ਸੰਘੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਅੱਜ ਉਸਨੂੰ ਸੰਘੀ ਢਾਂਚੇ ਦੀ ਗੱਲ ਕਰਨਾ ਸ਼ੋਭਾ ਨਹੀਂ ਦਿੰਦਾ| ਉਹਨਾਂ ਕਿਹਾ ਕਿ ਸਰਕਾਰ ਨੇ ਟੈਕਸਾਂ ਵਿੱਚ ਸੂਬਾ ਸਰਕਾਰਾਂ ਦੀ ਹਿੱਸੇਦਾਰੀ ਵਧਾ ਕੇ 40 ਫੀਸਦੀ ਕਰ ਦਿੱਤੀ ਹੈ ਅਤੇ ਇਸ ਨਾਲ ਸਾਬਿਤ ਹੁੰਦਾ ਹੈ ਕਿ ਭਾਜਪਾ ਸਭ ਤੋਂ ਵੱਡੀ ਉਦਾਹਰਣ ਹੈ ਕਿ ਉਹ ਦੇਸ਼ ਦੇ ਸੰਘੀ ਢਾਂਚੇ ਨੂੰ ਮਜਬੂਤ ਕਰਨ ਦੇ ਹੱਕ ਵਿੱਚ ਹੈ| ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ ਦੀਆਂ ਜ਼ਿਆਦਾਤਰ ਧਾਰਾਵਾਂ ਨੂੰ ਪੰਜਾਬ ਸਰਕਾਰ ਵਲੋਂ ਮੰਡੀ ਐਕਟ 2017 ਵਿੱਚ ਸੋਧ ਕਰਕੇ ਪੰਜਾਬ ਵਿੱਚ ਪਹਿਲਾਂ ਤੋਂ ਹੀ ਲਾਗੂ ਕੀਤਾ ਜਾ ਚੁੱਕਿਆ ਹੈ ਅਤੇ ਉਸਨੂੰ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ| ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਜਲਦ ਹੀ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਇੱਕ ਮੁਹਿੰਮ ਸ਼ੁਰੂ ਕਰੇਗੀ ਅਤੇ ਪਾਰਟੀ ਵਰਕਰ ਪਿੰਡ-ਪਿੰਡ  ਜਾਣਗੇ ਅਤੇ ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਦੇਣਗੇ|
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸ੍ਰ. ਜਗਦੀਪ ਸਿੰਘ ਸੋਢੀ, ਜਿਲ੍ਹਾ ਇੰਚਾਰਜ ਸ੍ਰੀ ਅਰਵਿੰਦ ਮਿੱਤਲ, ਜਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਜਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਰਾਣਾ ਅਤੇ          ਏਕਤਾ ਨਾਗਪਾਲ, ਜਿਲ੍ਹਾ ਮਹਿਲਾ ਮੋਰਚਾ ਦੀ ਪ੍ਰਧਾਨ ਤਜਿੰਦਰ ਕੌਰ, ਜਿਲ੍ਹਾ ਕਿਸਾਨ ਮੋਰਚਾ ਦੇ ਪ੍ਰਧਾਨ ਪ੍ਰੀਤਕੰਵਲ ਸਿੰਘ, ਜਿਲ੍ਹਾ ਉਪ ਪ੍ਰਧਾਨ ਰਾਜੀਵ ਸ਼ਰਮਾ, ਜਿਲ੍ਹਾ ਸਕੱਤਰ              ਪ੍ਰਵੇਸ਼ ਸ਼ਰਮਾ, ਮੰਡਲ ਪ੍ਰਧਾਨ ਖਰੜ ਪਵਨ ਕੁਮਾਰ ਮਨੌਚਾ, ਜਸਵੀਰ ਮਹਿਤਾ, ਪ੍ਰਤੀਕ ਭੰਡਾਰੀ ਅਤੇ ਦੀਪਕ ਚੋਲਟਾ ਹਾਜਿਰ ਸਨ|

Leave a Reply

Your email address will not be published. Required fields are marked *