ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਤੇ ਰੋਸ ਜ਼ਾਹਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਤੇ ਰੋਸ ਜ਼ਾਹਰ ਕੀਤਾ
ਅਜਿਹੀਆਂ ਛੋਟਾਂ ਪੰਜਾਬ ਨੂੰ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ-ਮੁੱਖ ਮੰਤਰੀ
ਚੰਡੀਗੜ੍ਹ, 18 ਅਗਸਤ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵਲੋਂ ਪਹਾੜੀ ਰਾਜਾਂ ਨੂੰ ਦਿੱਤੀਆਂ ਗਈਆਂ ਵਿਸ਼ੇਸ਼ ਛੋਟਾਂ ਦਾ ਵਿਰੋਧ ਕਰਦਿਆਂ ਅੱਜ ਕਿਹਾ ਕਿ ਉਹ ਇਸ ਸੰਬੰਧੀ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਕੰਡੀ ਖੇਤਰ ਲਈ ਵੀ ਇਹਨਾਂ ਸਾਰੀਆਂ ਛੋਟਾਂ ਦੇਣ ਦੀ ਮੰਗ                  ਕਰਣਗੇ|
ਅੱਜ ਇੱਥੇ ਪੰਜਾਬ ਕਲਾ ਭਵਨ ਵਿੱਚ ਫੋਟੋ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਵਲੋਂ ਲਗਾਈ ਫੋਟੋ ਪ੍ਰਦਰਸ਼ਨੀ ਦੇ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਕੰਡੀ  ਖੇਤਰ ਵਿੱਚ ਲੋਕਾਂ ਨੂੰ ਪਹਾੜੀ ਖੇਤਰਾਂ ਵਾਲੀਆਂ ਤਮਾਮ ਪ੍ਰੇਸ਼ਾਨੀਆਂ ਸਹਿਣੀਆਂ ਪੈਂਦੀਆਂ ਹਨ ਅਤੇ ਇਹ ਖੇਤਰ ਵੀ ਇਹਨਾਂ ਸਾਰੀਆਂ ਛੂਟਾਂ ਦੇ ਹੱਕਦਾਰ ਹਨ| ਉਹਨਾਂ ਕਿਹਾ ਕਿ ਉਹ ਪਹਿਲਾਂ ਹੀ ਕੇਂਦਰ ਸਰਕਾਰ ਨਾਲ ਇਹ ਮੁੱਦਾ ਚੁੱਕ ਕੇ ਇਹਨਾਂ ਖੇਤਰਾਂ ਲਈ ਵਿਸ਼ੇਸ਼ ਛੋਟਾਂ ਦੇਣ ਦੀ ਮੰਗ ਕਰ ਚੁੱਕੇ ਹਨ ਅਤ ਹੁਣ ਉਹਨਾਂ ਵਲੋਂ ਇਸ ਮੁੱਦੇ ਨੂੰ ਹੋਰ ਵੀ ਜੋਰ ਸ਼ੋਰ ਨਾਲ ਚੁੱਕਿਆ ਜਾਵੇਗਾ|
ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਬਾਰੇ ਮਾਣਯੋਗ ਅਦਾਲਤ ਵਲੋਂ ਅਗਲੇ ਦਿਨਾਂ ਦੌਰਾਨ ਆਉਣ ਵਾਲੇ ਫੈਸਲੇ ਸੰਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਛੇੜਛਾੜ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ| ਉਹਨਾਂ ਕਿਹਾ ਕਿ ਉਹਨਾਂ ਵਲੋਂ ਪੁਲੀਸ ਫੋਰਸ ਨੂੰ ਪਹਿਲਾਂ ਹੀ ਹਿਦਾਇਤਾਂ ਜਾਰੀ ਕੀਤੀਆਂ ਜਾ ਚੱਕੀਆਂ ਹਨ ਕਿ ਅਜਿਹੀ ਕਿਸੇ ਵੀ ਸੰਭਾਵੀ ਘਟਨਾ ਪ੍ਰਤੀ ਪੂਰੀ ਚੌਕਸੀ ਵਰਤੀ ਜਾਵੇ ਅਤੇ ਅਮਨ ਕਾਨੂੰਨ ਦੀ ਹਾਲਤ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ| ਡਾ. ਟੀ ਹੱਕ ਕਮੇਟੀ ਵਲੋਂ ਕਿਸਾਨੀ ਕਰਜਿਆਂ ਨੂੰ ਮਾਫ ਕਰਨ ਬਾਰੇ ਦਿੱਤੀ ਰਿਪੋਰਟ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਕਮੇਟੀ ਦੀ ਰਿਪੋਰਟ ਮਿਲ ਗਈ ਹੈ ਅਤੇ ਉਹ ਇਸਨੂੰ ਚੰਗੀ ਤਰ੍ਹਾਂ ਪੜ੍ਹ ਕੇ ਛੇਤੀ ਹੀ ਇਸ ਸੰਬੰਧੀ ਕਿਸਾਨਾਂ ਦੇ ਹੱਕ ਵਿੱਚ ਲੋੜੀਂਦਾ ਫੈਸਲਾ ਲੈ ਲੈਣਗੇ| ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜਸਟਿਸ ਨਾਰੰਗ ਕਮਿਸ਼ਨ ਵਲੋਂ ਮਾਈਨਿੰਗ ਬਾਰੇ ਰਿਪੋਰਟ ਦੇ ਦਿੱਤੇ ਜਾਣ ਤੋਂ ਬਾਅਦ ਹੁਣ ਇਸ ਸੰਬੰਧੀ ਕੋਈ ਹੋਰ ਕਮੇਟੀ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ| ਉਹਨਾਂ ਕਿਹਾ ਕਿ ਉਹਨਾਂ ਨੇ ਇਹ ਰਿਪੋਰਟ ਮੁੱਖ ਸਕੱਤਰ ਨੂੰ ਮਾਰਕ ਕਰ ਦਿੱਤੀ  ਹੈ ਜੋ ਇਸ ਰਿਪੋਰਟ ਨੂੰ ਚੰਗੀ ਤਰ੍ਹਾਂ ਵਾਚਣ ਲਈ ਹੋਰਨਾਂ ਅਧਿਕਾਰੀਆਂ ਨੂੰ ਸ਼ਾਮਿਲ ਕਰ ਸਕਦੇ ਹਨ|
ਆਮ ਆਦਮੀ ਪਾਰਟੀ ਵਿੱਚੋਂ ਕੱਢੇ ਲੀਡਰ ਸੁੱਚਾ ਸਿੰਘ ਛੋਟੇਪੁਰ ਦੇ ਕਾਂਗਰਸ ਵਿੱਚ ਆਉਣ ਦੀਆਂ ਕਿਆਸ-ਅਰਾਈਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਛੋਟੇਪੁਰ ਉਨ੍ਹਾਂ ਦੇ ਚੰਗੇ ਮਿੱਤਰ ਹਨ ਪਰ ਪਿਛਲੇ ਦੋ ਮਹੀਨਿਆਂ ਤੋਂ ਮੁਲਾਕਾਤ ਨਹੀਂ ਹੋਈ|
ਇਸ ਮੌਕੇ ਮੁੱਖ ਮੰਤਰੀ ਨੇ ਉੱਘੇ ਫੋਟੋਗ੍ਰਾਫਰ ਐਸ. ਪੌਲ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਚੱਲ ਵਸੇ ਸਨ| ਇਸ ਮੌਕੇ ਐਵਾਰਡ ਜੇਤੂ ਫੋਟੋ ਜਰਨਾਲਿਸਟ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ|

Leave a Reply

Your email address will not be published. Required fields are marked *