ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਤੋਂ ਪੰਜਾਬ ਨੂੰ ਫਰਾਖ਼ਦਿਲੀ ਨਾਲ ਵਿੱਤੀ ਪੈਕੇਜ ਦੇਣ ਦੀ ਮੰਗ

ਚੰਡੀਗੜ੍ਹ, 11 ਅਗਸਤ (ਸ.ਬ.) ਪੰਜਾਬ ਵਿੱਚ ਕੋਵਿਡ ਕੇਸਾਂ ਵਿੱਚ ਵਾਧਾ ਹੋਣ ਅਤੇ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਹਾਂਮਾਰੀ ਨਾਲ ਮਾਲੀਏ ਦੀ ਉਗਰਾਹੀ ਦੇ ਪਏ ਪਾੜੇ ਨੂੰ ਪੂਰਨ ਲਈ ਸੂਬਿਆਂ ਨੂੰ ਉਦਾਰ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਹੈ| ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚੋਂ ਖਰਚਿਆਂ ਲਈ ਕੋਵਿਡ ਨਾਲ ਸਬੰਧਤ ਸ਼ਰਤਾਂ ਵੀ ਨਰਮ ਕਰਨ ਦੀ ਮੰਗ ਰੱਖੀ ਹੈ|
ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੋਵਿਡ ਨਾਲ ਸਬੰਧਤ ਖਰਚਿਆਂ ਲਈ ਐਸ. ਡੀ. ਆਰ. ਐਫ. ਵਿੱਚੋਂ ਇਸ ਵੇਲੇ 35 ਫੀਸਦੀ ਤੱਕ ਫੰਡ ਵਰਤਣ ਦੀ ਸ਼ਰਤ ਹੈ ਜਦਕਿ ਮੌਜੂਦਾ ਲੋੜਾਂ ਦੀ ਪੂਰਤੀ ਲਈ ਇਹ ਕਾਫੀ ਨਹੀਂ ਹੈ|        ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵੀ ਮੀਟਿੰਗ ਵਿੱਚ ਹਾਜ਼ਰ ਸਨ|
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਯੂ.ਜੀ.ਸੀ. ਦੇ 30 ਸਤੰਬਰ ਤੱਕ ਫਾਈਨਲ ਇਮਤਿਹਾਨ ਲਾਜ਼ਮੀ ਤੌਰ ਤੇ ਕਰਵਾਉਣ ਦੇ ਫੈਸਲੇ ਦੀ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ| ਉਹਨਾਂ ਕਿਹਾ ਕਿ ਪੰਜਾਬ, ਸਤੰਬਰ ਵਿੱਚ ਪ੍ਰੀਖਿਆਵਾਂ ਕਰਵਾਉਣ ਦੀ ਸਥਿਤੀ ਵਿੱਚ ਨਹੀਂ ਹੋਵੇਗਾ ਕਿਉਂ ਜੋ ਉਸ ਸਮੇਂ ਸੂਬੇ ਨੂੰ ਕੋਵਿਡ ਦੇ ਸਿਖਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ| 
ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿਖੇ ਸਥਿਤ ਏਮਜ਼ ਵਿਖੇ ਕੋਵਿਡ ਟੈਸਟਿੰਗ ਅਤੇ ਇਲਾਜ ਤੁਰੰਤ ਸ਼ੁਰੂ ਕਰਨ ਦੀ ਅਪੀਲ ਕੀਤੀ ਜਦਕਿ ਇਸ ਸੰਸਥਾ ਵਿੱਚ ਓ.ਪੀ.ਡੀ. ਪਹਿਲਾਂ ਹੀ ਕਾਰਜਸ਼ੀਲ ਹੈ| ਉਨ੍ਹਾਂ ਕਿਹਾ ਕਿ ਕੋਵਿਡ ਦਾ ਇਲਾਜ ਸ਼ੁਰੂ ਕਰਨ ਨਾਲ ਦੱਖਣੀ ਪੰਜਾਬ ਦੇ ਲੋਕਾਂ ਨੂੰ ਸਹਾਇਤਾ ਮਿਲੇਗੀ| ਉਨ੍ਹਾਂ ਨੇ ਸੰਗਰੂਰ ਵਿਖੇ ਸਥਿਤ ਪੀ.ਜੀ.ਆਈ. ਸੈਟੇਲਾਈਟ ਸੈਂਟਰ ਵਿੱਚ ਵਿਸ਼ੇਸ਼ ਤੌਰ ਤੇ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਸਮਰੱਥਾ ਵਧਾਉਣ ਦੀ ਵੀ ਮੰਗ ਕੀਤੀ| ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਫਿਰੋਜ਼ਪੁਰ ਵਿਖੇ ਪ੍ਰਵਾਨ ਕੀਤੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਕੰਮ ਵੀ ਤੁਰੰਤ ਕਰਨ ਦੀ ਬੇਨਤੀ ਕੀਤੀ|
ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੋਵਿਡ ਵਿਰੁੱਧ ਲੜਾਈ ਹੋਰ ਤੇਜ਼ ਕਰਨ ਲਈ ਸੂਬੇ ਨੇ ਦੋ ਪਲਾਜ਼ਮਾ ਬੈਂਕ (ਪਟਿਆਲਾ ਤੇ ਅੰਮ੍ਰਿਤਸਰ) ਕਾਰਜਸ਼ੀਲ ਕਰ ਦਿੱਤੇ ਹਨ ਅਤੇ ਇਕ ਹੋਰ ਬੈਂਕ ਛੇਤੀ ਹੀ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਖੋਲ੍ਹਿਆ ਜਾ ਰਿਹਾ ਹੈ|

Leave a Reply

Your email address will not be published. Required fields are marked *