ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂ.ਟੀ ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਸੇ ਦੀ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂ.ਟੀ ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਸੇ ਦੀ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ
ਸ੍ਰੀ ਕਰਤਾਰਪੁਰ ਸਹਿਬ ਲਈ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਕੋਲ ਉਠਾਉਣ ਲਈ ਸੁਸ਼ਮਾ ਨੂੰ ਅਪੀਲ
ਚੰਡੀਗੜ੍ਹ, 9 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪ੍ਰਸ਼ਾਸਕੀ ਅਸਾਮੀਆਂ ਲਈ ਪੰਜਾਬ ਅਤੇ ਹਰਿਆਣਾ ਵਿੱਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਨੂੰ ਯਕੀਨੀ ਬਨਾਉਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ|
ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਉਹ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਯੂ.ਟੀ ਵਿੱਚ ਸਿਵਲ ਅਸਾਮੀਆਂ ਪੁਰ ਕਰਨ ਲਈ ਪੰਜਾਬ ਤੇ ਹਰਿਆਣਾ ਵਿਚਕਾਰ 60:40 ਦੀ ਅਨੁਪਾਤ ਬਣਾਈ ਰੱਖਣ ਲਈ ਜਲਦੀ ਤੋਂ ਜਲਦੀ ਕਦਮ ਚੁਕੱਣ ਵਾਸਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਸਲਾਹ ਦੇਣ ਕਿਉਂਕਿ ਇਹ ਯਥਾ ਸਥਿਤੀ ਲੰਬੇ ਸਮੇਂ ਤੋਂ ਚਲੀ ਆ ਰਹੀ ਹੈ| ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਢਾਰਸ ਦੇਣ ਵਾਲੀ ਗੱਲ ਸੀ ਕਿ ਇਸ ਸਾਲ ਪਹਿਲੀ ਅਕਤੂਬਰ ਨੂੰ ਲਿਖੇ ਉਨ੍ਹਾਂ ਦੇ ਪੱਤਰ ਦੇ ਹੁੰਗਾਰੇ ਵੱਜੋਂ ਭਾਰਤ ਸਰਕਾਰ ਨੇ ਚੰਡੀਗੜ੍ਹ ਪੁਲੀਸ ਦੇ ਡੀ.ਐਸ਼.ਪੀਜ਼ ਦੀਆਂ ਅਸਾਮੀਆਂ ਦਾ ਦਿੱਲੀ, ਅੰਡੇਮਾਨ, ਨਿਕੋਬਾਰ ਆਈਲੈਂਡਜ਼ ਪੁਲੀਸ ਸਰਵਿਸ (ਡੀ ਏ ਐਨ ਆਈ ਪੀ ਐਸ) ਵਿੱਚ ਰਲੇਵਾਂ ਕਰਨ ਸਬੰਧੀ 25 ਸਤੰਬਰ, 2018 ਦੇ ਨੋਟੀਫਿਕੇਸ਼ਨ ਤੇ ਆਰਜ਼ੀ ਰੋਕ ਲਾਉਣ ਤੇ ਸਹਿਮਤੀ ਜਤਾਈ ਸੀ|
ਮੁੱਖ ਮੰਤਰੀ ਨੇ ਲਿਖਿਆ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਨੂੰ ਲਾਉਣ ਦੇ ਵਾਸਤੇ 60:40 ਦੀ ਅਨੁਪਾਤ ਨੂੰ ਬਰਕਰਾਰ ਨਹੀਂ ਰੱਖਿਆ ਜਾ ਰਿਹਾ| ਇਸ ਸਮੇਂ ਚੰਡੀਗੜ੍ਹ ਪ੍ਰਸ਼ਾਸਨ ਵਿੱਚ 14 ਆਈ.ਏ.ਐਸ ਅਫਸਰ ਤਾਇਨਾਤ ਹਨ ਅਤੇ ਇਨ੍ਹਾਂ ਵਿੱਚੋਂ ਸਿਰਫ ਤਿੰਨ ਪੰਜਾਬ ਨਾਲ ਅਤੇ ਦੋ ਹਰਿਆਣਾ ਨਾਲ ਸਬੰਧਤ ਹਨ ਜਦਕਿ ਬਾਕੀ ਅਧਿਕਾਰੀ ਯੂ.ਟੀ ਕਾਡਰ ਦੇ ਹਨ| ਇਸ ਤਰ੍ਹਾਂ ਹੀ ਚੰਡੀਗੜ੍ਹ ਵਿੱਚ 7 ਆਈ.ਪੀ.ਐਸ ਅਧਿਕਾਰੀ ਤਾਇਨਾਤ ਹਨ ਇਨ੍ਹਾਂ ਵਿੱਚੋਂ ਸਿਰਫ 1-1 ਅਧਿਕਾਰੀ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਹੈ ਜਦਕਿ ਬਾਕੀ 5 ਅਧਿਕਾਰੀ ਯੂ.ਟੀ ਕਾਡਰ ਦੇ ਹਨ| ਉਨ੍ਹਾਂ ਕਿਹਾ ਕਿ ਇਹੋ ਸਥਿਤੀ ਹੀ ਹੋਰ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ ਹੈ ਜਿਨ੍ਹਾਂ ਵਿੱਚ ਅਧਿਆਪਕ, ਡਾਕਟਰ ਅਤੇ ਹੋਰ ਸਿਵਲ ਅਧਿਕਾਰੀ ਸ਼ਾਮਲ ਹਨ|
ਇਸੇ ਦੌਰਾਨ ਮੁੰਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਹਿਬ ਤੱਕ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ| ਸੁਸ਼ਮਾ ਸਵਰਾਜ ਨੂੰ ਲਿਖੇ ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਉੱਚ ਪੂਜਣਯੋਗ ਪਵਿੱਤਰ ਧਾਰਮਿਕ ਸਥਾਨ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਥੇ ਗੁਜਾਰਿਆ ਹੈ| ਉਹਨਾਂ ਲਿਖਿਆ ਹੈ ਕਿ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰ ਸਾਹਿਬ ਤੱਕ ਲਾਂਘੇ ਨੂੰ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਾਰ-ਵਾਰ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ|
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ, 2019 ਵਿੱਚ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਵਿਦੇਸ਼ ਮਾਮਲਿਆਂ ਦੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ 27 ਅਗਸਤ, 2018 ਨੂੰ ਆਮ ਸਹਿਮਤੀ ਨਾਲ ਇਕ ਮਤਾ ਪਾਸ ਕਰਕੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਬਿਨਾ ਰੋਕ ਟੋਕ ਵਾਲਾ ਲਾਂਘਾ ਖੋਲ੍ਹਨ ਦੀ ਮੰਗ ਕੀਤੀ ਸੀ| ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਵੀ 20 ਅਗਸਤ, 2018 ਨੂੰ ਸੁਸ਼ਮਾ ਸਵਰਾਜ ਨੂੰ ਅਰਧ-ਸਰਕਾਰੀ ਪੱਤਰ ਲਿਖਕੇ ਇਹ ਮੁੱਦਾ ਗੁਆਂਡੀ ਦੇਸ਼ ਨਾਲ ਉਠਾਉਣ ਦੀ ਬੇਨਤੀ ਕੀਤੀ ਸੀ|

Leave a Reply

Your email address will not be published. Required fields are marked *