ਕੈਪਟਨ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਫੌਤ ਹੋਏ ਦੋ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ
ਚੰਡੀਗੜ, 3 ਦਸੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਸ਼ਿਰਕਤ ਕਰਦੇ ਸਮੇਂ ਦੋ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੇ ਦੇਹਾਂਤ ਉਤੇ ਅਫਸੋਸ ਜ਼ਾਹਰ ਕਰਦਿਆਂ ਮਾਨਸਾ ਅਤੇ ਮੋਗਾ ਜ਼ਿਲਿਆਂ ਦੇ ਵਸਨੀਕ ਦੋਵਾਂ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ ਕੀਤਾ ਹੈ|
ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਗੁਰਜੰਟ ਸਿੰਘ ਦੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਦਿੱਲੀ ਵਿੱਚ ਮੌਤ ਹੋ ਗਈ ਜਦਕਿ ਮੋਗਾ ਜ਼ਿਲੇ ਦੇ ਪਿੰਡ ਭਿੰਡਰ ਕਲਾਂ ਦਾ ਕਿਸਾਨ ਗੁਰਬਚਨ ਸਿੰਘ (85) ਬੁੱਧਵਾਰ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਫੌਤ ਹੋ ਗਿਆ|