ਕੈਪਟਨ ਸਰਕਾਰ ਦੇ ਵਿਧਾਇਕ ਨਸ਼ਿਆਂ ਸਬੰਧੀ ਸਰਕਾਰ ਦੀ ਖੋਲ੍ਹਣ ਲੱਗੇ ਪੋਲ : ਜਥੇਦਾਰ ਕੁੰਭੜਾ

ਐਸ ਏ ਐਸ ਨਗਰ, 18 ਜਨਵਰੀ ( ਸ.ਬ.) ਪੰਜਾਬ ਵਿੱਚ ਚਾਰ ਹਫਤਿਆਂ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਆਪਣੇ ਹੀ ਵਿਧਾਇਕ ਇਸ ਸਰਕਾਰ ਦੀ ਨਸ਼ਿਆਂ ਪ੍ਰਤੀ ਸ਼ਰੇਆਮ ਪੋਲ ਖੋਲ੍ਹ ਰਹੇ ਹਨ| ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ|
ਉਨ੍ਹਾਂ ਬੀਤੇ ਦਿਨੀਂ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਮੀਡੀਆ ਵਿੱਚ ਕੀਤੀ ਬਿਆਨਬਾਜ਼ੀ ਦੀ ਮਿਸਾਲ ਦਿੰਦਿਆ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਸ਼ਿਆਂ ਦੇ ਮੁੱਦੇ ਉਤੇ ਕੋਈ ਹੋਰ ਵਿਰੋਧੀ ਪਾਰਟੀ ਨਹੀਂ ਬਲਕਿ ਕਾਂਗਰਸੀ ਵਿਧਾਇਕ ਹੀ ਦੱਸ ਰਹੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਦਾ ਦੌਰ ਸਿਖਰਾਂ ਤੇ ਹੈ| ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨਸ਼ਿਆਂ ਦਾ ਮੁੱਦਾ ਮੀਡੀਆ ਵਿੱਚ ਲਿਆਉਣ ਵਾਲੇ ਆਪਣੇ ਹੀ ਆਗੂਆਂ ਦੇ ਖੰਭ ਕੁਤਰਨ ਵਿਚ ਜੁਟ ਗਈ ਹੈ|
ਉਹਨਾਂ ਕਿਹਾ ਕਿ ਦੋ ਸਾਲ ਤੋਂ ਵੀ ਜ਼ਿਆਦਾ ਸਮਾਂ ਰਾਜ ਕਰ ਚੁੱਕੀ ਕੈਪਟਨ ਸਰਕਾਰ ਨਸ਼ਿਆਂ ਦੇ ਮੁੱਦੇ ਤੇ ਫੇਲ੍ਹ ਸਾਬਿਤ ਹੋਈ ਹੈ| ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕੀਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਨਸ਼ਿਆਂ ਦੇ ਮੁੱਦੇ ਤੇ ਘੇਰਨਗੇ ਅਤੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ|
ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਤੇ ਵਰਕਰ ਲੋਕ ਸਭਾ ਚੋਣਾਂ ਦੀ ਤਿਆਰੀਆਂ ਵਿਚ ਜੁਟ ਗਏ ਹਨ ਅਤੇ ਕਾਂਗਰਸ ਪਾਰਟੀ ਦੀ ਪੋਲ ਖੋਲ੍ਹਣ ਲਈ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ| ਇਸਦੇ ਨਾਲ ਨਾਲ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਬਾਰੇ ਲੋਕਾਂ ਨੂੰ ਦੱਸਿਆ ਜਾਵੇ|

Leave a Reply

Your email address will not be published. Required fields are marked *