ਕੈਲਗਰੀ ਪੁਲੀਸ ਨੇ 7 ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ

ਕੈਲਗਰੀ, 30 ਜੂਨ (ਸ.ਬ.) ਕੈਨੇਡਾ ਵਿੱਚ ਨਸ਼ਾ ਤਸਕਰਾਂ ਤੇ ਨੱਥ ਪਾਉਣ ਲਈ ਕੈਲਗਰੀ ਪੁਲੀਸ ਨੇ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ| ਉਤਰੀ-ਪੱਛਮੀ ਕੈਲਗਰੀ ਵਿੱਚ ਸੜਕਾਂ ਤੇ ਚੋਰੀ-ਛਿਪੇ ਹੋ ਰਹੀ ਨਸ਼ਾ ਤਸਕਰੀ ਨੂੰ ਖਤਮ ਕਰਨ ਲਈ ਪੁਲੀਸ ਨੇ ਛਾਪੇਮਾਰੀ ਕੀਤੀ| ਇਸ ਮਾਮਲੇ ਵਿੱਚ ਉਨ੍ਹਾਂ ਨੇ ਪਿਛਲੇ ਕੁੱਝ ਦਿਨਾਂ ਵਿੱਚ 7 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਕੋਲ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ| ਪੁਲੀਸ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਹਫਤੇ ਉਨ੍ਹਾਂ ਨੇ ਕੈਲਗਰੀ ਅਤੇ ਨਾਰਥ ਹਿੱਲ ਮਾਲ ਨੇੜਿਓਂ ਇਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਸੀ ਅਤੇ ਉਸ ਮਗਰੋਂ ਉਨ੍ਹਾਂ ਨੇ ਹੋਰ ਹਥਿਆਰ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਸੀ| ਪੁਲੀਸ ਨੇ ਦੱਸਿਆ ਕਿ ਦੋਸ਼ੀਆਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਤੋਂ ਇਲਾਵਾ ਗੈਰ-ਕਾਨੂੰਨੀ ਢੰਗ ਨਾਲ ਹਥਿਆਰ ਰੱਖਣ ਦੇ ਵੀ ਦੋਸ਼ ਲੱਗੇ ਹਨ| ਇਸ ਮੁਹਿੰਮ ਦੌਰਾਨ ਪੁਲੀਸ ਨੇ ਜਿਨ੍ਹਾਂ ਦੋਸ਼ੀਆਂ ਨੂੰ ਕਾਬੂ ਕੀਤਾ, ਉਨ੍ਹਾਂ ਦੇ ਨਾਂ ਕੇਵਿਨ ਬੁਸ਼ (36), ਐਂਥਨੀ ਡੀਲੇਗ (21), ਜੇਮਜ਼ ਡਿਡਇਕ (40) ਲੀਓਨਾਰਡ ਫੈਲੋਅ (24), ਆਸਟਿਨ ਲੱਕ (33), ਮਾਰਗਨ ਰੋਜ਼(38) ਅਤੇ ਕ੍ਰਿਸਟੋਫਰ ਸਟੇਰਲਿਨ(40) ਹਨ| ਕੈਲਗਰੀ ਪੁਲੀਸ ਨੇ ਦੱਸਿਆ ਕਿ ਇਸ ਤਰ੍ਹਾਂ ਤਸਕਰੀ ਕਰਨ ਵਾਲੇ ਵਿਅਕਤੀ ਹੀ ਲੁੱਟ-ਖੋਹ ਅਤੇ ਹੋਰ ਅਪਰਾਧਕ ਮਾਮਲਿਆਂ ਨੂੰ ਵਧਾਉਂਦੇ ਹਨ| ਫਿਲਹਾਲ ਪੁਲੀਸ ਦੀ ਕਾਰਵਾਈ ਜਾਰੀ ਹੈ ਅਤੇ ਉਹ ਹੋਰ ਨਸ਼ਾ ਤਸਕਰਾਂ ਦੀ ਭਾਲ ਵਿੱਚ ਹਨ| ਕੈਨੇਡਾ ਵਿੱਚ ਨਸ਼ਾ ਤਸਕਰੀ , ਗੈਰ-ਕਾਨੂੰਨੀ ਢੰਗ ਨਾਲ ਹਥਿਆਰ ਰੱਖਣ ਅਤੇ ਸਮੂਹਿਕ ਹਿੰਸਾ ਵਰਗੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ| ਇਨ੍ਹਾਂ ਤੇ ਕਾਬੂ ਪਾਉਣ ਲਈ ਪੁਲੀਸ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਕੱਢਿਆ ਜਾ ਸਕੇ|

Leave a Reply

Your email address will not be published. Required fields are marked *