ਕੋਰੋਨਾ ਸਬੰਧੀ ਅਫਵਾਹਾਂ ਫੈਲਾਉਣ ਵਾਲਿਆਂ ਤੇ ਹੋਵੇਗੀ ਕਾਰਵਾਈ : ਡੀ.ਸੀ.

ਕੋਰੋਨਾ ਸਬੰਧੀ ਅਫਵਾਹਾਂ ਫੈਲਾਉਣ ਵਾਲਿਆਂ ਤੇ ਹੋਵੇਗੀ ਕਾਰਵਾਈ : ਡੀ.ਸੀ.
ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦਾ ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ
ਐਸ.ਏ.ਐਸ ਨਗਰ, 3 ਸਤੰਬਰ (ਸ.ਬ.) ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਇਸ ਲਈ  ਜੇਕਰ ਕਿਸੇ ਵਿਅਕਤੀ ਵਿੱਚ ਕੋਵਿਡ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਿਰ ਡਾਕਟਰਾਂ ਵੱਲੋਂ ਸਹੀ ਇਲਾਜ ਕੀਤਾ ਜਾ ਸਕੇ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੋਸ਼ਲ ਮੀਡੀਆ ਤੇ ਕੋਰੋਨਾ ਸਬੰਧੀ ਗੁੰਮਰਾਹਕੁੰਨ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼ੋਸ਼ਲ ਮੀਡੀਆ ਰਾਹੀਂ ਕੋਰੋਨਾ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰ ਕਹਿ ਰਹੇ ਹਨ ਕਿ ਪਿੰਡ ਦੇ ਲੋਕਾਂ ਨੂੰ ਹਸਪਤਾਲ  ਨਹੀਂ ਭੇਜਣਾ ਜਿਸ ਦਾ ਅਸਰ ਪਿੰਡ ਦੇ ਸਮੂਹ ਨਾਗਰਿਕਾਂ ਤੇ ਪੈਂਦਾ ਹੈ ਕਿਉਂਕਿ ਜੇਕਰ ਪੂਰੇ ਪਿੰਡ ਵਿੱਚੋਂ ਕਿਸੇ ਇੱਕ ਵਿਅਕਤੀ ਵਿੱਚ ਵੀ ਕੋਰੋਨਾ                ਪਾਜੇਟਿਵ ਹੋਵੇ ਤਾਂ ਉਹ ਸਮੁੱਚੇ ਪਿੰਡ ਵਾਸੀਆਂ ਲਈ ਖਤਰਨਾਕ ਸਾਬਤ ਹੋ ਸਕਦਾ ਹੈ| ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਟੈਸਟ ਪਾਜੇਟਿਵ ਆਉਂਦਾ ਹੈ ਅਤੇ ਉਸ ਵਿੱਚ ਕੋਰੋਨਾ ਦੇ ਸਿਮਟਮ ਨਾਂਹ ਦੇ ਬਰਾਬਰ ਹਨ, ਆਪਣੇ ਘਰ ਵਿੱਚ ਹੀ ਇਕਾਂਤਵਾਸ ਹੋ ਸਕਦਾ ਹੈ|  ਉਨ੍ਹਾਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਵਿਅਕਤੀ ਆਪਣੇ ਘਰ ਵਿੱਚ ਇਕਾਂਤਵਾਸ ਕਰਨਾ ਚਾਹੁੰਦਾ ਹੋਵੇ ਤਾਂ ਉਸ ਨੂੰ ਡਾਕਟਰਾਂ ਦੇ ਦੱਸੇ ਅਨੁਸਾਰ ਘਰ ਵਿੱਚ ਇਕਾਂਤਵਾਸ ਹੋ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ| ਉਨ੍ਹਾਂ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਸ਼ਰਾਰਤੀ ਅਨਸਰ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੇ ਯਕੀਨ ਨਾ ਕਰਨ| 
ਸ੍ਰੀ ਦਿਆਲਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਰੋਨਾ ਦਾ ਇਲਾਜ ਮੁਫਤ ਹੁੰਦਾ ਹੈ ਅਤੇ ਜੇਕਰ ਸਰਕਾਰੀ ਹਸਪਤਾਲ ਵੱਲੋਂ ਮਰੀਜ ਨੂੰ ਪ੍ਰਾਈਵੇਟ ਹਸਪਤਾਲ ਲਈ ਰੈਫਰ ਕੀਤਾ ਜਾਂਦਾ ਹੈ ਤਾਂ ਉਸ ਦਾ ਖਰਚਾ ਵੀ ਸਰਕਾਰ ਵੱਲੋਂ ਹੀ ਕੀਤਾ ਜਾਂਦਾ ਹੈ ਜਦੋਂਕਿ ਸਿੱਧੇ ਤੌਰ ਤੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਹੋਣ ਵਾਲੇ ਕੋਰੋਨਾ ਮਰੀਜਾਂ ਨੂੰ ਵੀ ਸਰਕਾਰ ਵੱਲੋਂ ਤੈਅ ਕੀਤੇ ਭਾਅ ਹੀ         ਦੇਣੇ ਪੈਣਗੇ| ਉਨ੍ਹਾਂ ਕਿਹਾ ਕਿ ਕੋਰੋਨਾ ਦਾ ਟੈਸਟ ਦੇਣ ਤੋਂ ਘਬਰਾਉਣਾ ਨਹੀਂ ਚਾਹੀਦਾ ਸਗੋਂ ਮੋਹਰੀ ਹੋ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਕਿਉਂਕਿ ਅਜਿਹਾ ਕਰਨਾ ਸਮਾਜ ਦੇ ਹਿੱਤ ਵਿੱਚ ਹੈ|

Leave a Reply

Your email address will not be published. Required fields are marked *