ਖਸਰਾ-ਰੂਬੇਲਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 3 ਲੱਖ 5 ਹਜ਼ਾਰ ਬੱਚਿਆਂ ਨੂੰ ਲਾਏ ਗਏ ਟੀਕੇ: ਡੀ.ਸੀ

ਐਸ.ਏ.ਐਸ ਨਗਰ, 3 ਅਗਸਤ (ਸ.ਬ.) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਜਿਹਨਾਂ ਦੇ ਸਾਰਥਿਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ| ਮਿਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ| ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਮੰਤਵ ਤਹਿਤ ਜ਼ਿਲ੍ਹੇ ਵਿੱਚ ਪਹਿਲੀ ਮਈ ਤੋਂ ਖਸਰਾ ਰੂਬੇਲਾ ਦੀ ਰੋਕਥਾਮ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 3 ਲੱਖ 5 ਹਜ਼ਾਰ ਬੱਚਿਆਂ ਨੂੰ ਟੀਕੇ ਲਗਾਏ ਜਾ ਚੁੱਕੇ ਹਨ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ|
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਸਬੰਧੀ ਸਖਤ ਕਦਮ ਚੁੱਕੇ ਜਾਣ ਅਤੇ ਵੱਡੇ ਪੱਧਰ ਤੇ ਡੇਂਗੂ ਦੇ ਲਾਰਵੇ ਸਬੰਧੀ ਚੈਕਿੰਗ ਕੀਤੀ ਜਾਵੇ| ਚੈਕਿੰਗ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇ ਅਤੇ ਗੈਰ-ਸਰਕਾਰੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇ| ਉਹਨਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ| ਉਹਨਾਂ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਪ੍ਰੋਗਰਾਮ ਸਬੰਧੀ ਜ਼ਿਲ੍ਹੇ ਵਿੱਚ ਜੂਨ, 2018 ਤੱਕ 743 ਕੇਸ ਰਿਪੋਰਟ ਹੋਏ ਹਨ, ਜਿਹਨਾਂ ਵਿੱਚੋ 4 ਕੇਸ ਜੂਨ, 2018 ਵਿੱਚ ਹੀ ਪ੍ਰਾਪਤ ਹੋਏ| ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 9 ਕਰੋੜ 54 ਲੱਖ, 14 ਹਜ਼ਾਰ 195 ਰੁਪਏ ਦੀ ਸਹਾਇਤਾ ਰਾਸ਼ੀ ਲਾਭਪਾਤਰੀਆਂ ਨੂੰ ਦਿੱਤੀ ਗਈ ਹੈ| ਉਹਨਾਂ ਦੱਸਿਆ ਕਿ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜੂਨ ਮਹੀਨੇ ਵਿੱਚ ਕੁਲ 65 ਚਲਾਣ ਕੱਟੇ ਗਏ ਅਤੇ 6070 ਰੁਪਏ ਜ਼ੁਰਮਾਨੇ ਵਜੋਂ ਵਸੂਲ ਕੀਤੇ ਗਏ| ਇਸ ਤੋਂ ਇਲਾਵਾ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵੱਖ-ਵੱਖ ਥਾਵਾਂ ਦੀ ਚੈਕਿੰਗ ਵੀ ਕੀਤੀ ਗਈ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਹੈਪੇਟਾਈਟਿਸ-ਸੀ ਰਲੀਫ ਫੰਡ ਸਕੀਮ ਅਧੀਨ ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ 392 ਕੇਸ ਰਜਿਸਟਰ ਹੋਏ ਹਨ ਅਤੇ ਇਸ ਤਹਿਤ 284 ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ ਜਿਹਨਾਂ ਵਿੱਚੋਂ 111 ਮਰੀਜ਼ਾਂ ਦਾ ਇਲਾਜ ਪੂਰਾ ਹੋ ਚੁੱਕਿਆ ਹੈ| ਇਸ ਸਕੀਮ ਅਧੀਨ ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਮੁਫਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ| ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਜ਼ਿਲ੍ਹਾ ਐਸ.ਏ.ਐਸ ਨਗਰ ਵਿਚਲੀਆਂ ਸਾਰੀਆਂ ਸਿਹਤ ਸੰਸਥਾਵਾਂ ਜਿਵੇਂ ਕਿ ਜ਼ਿਲ੍ਹਾ ਹਸਪਤਾਲ, ਸਬ-ਡਵੀਜਨ ਹਸਪਤਾਲ, ਸੀ.ਐਚ.ਸੀ, ਪੀ.ਐਚ.ਸੀ ਅਤੇ ਸਬ ਸੈਂਟਰਾਂ ਵਿੱਚ ਸਫਾਈ ਮੁਹਿੰਮ ਤਹਿਤ ਸਾਫ ਸਫਾਈ ਕਰਵਾਈ ਗਈ| ਇਸ ਤੋਂ ਇਲਾਵਾ ਲੋਕਾਂ ਨੂੰ ਸਾਫ ਸਫਾਈ ਸਬੰਧੀ ਜਾਗਰੂਕ ਕੀਤਾ ਗਿਆ|
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ. ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਸ਼ਪਾਲ ਸ਼ਰਮਾ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਜ਼ਿਲਖ਼ਾ ਟੀਕਾਕਰਨ ਅਫਸਰ ਡਾ. ਵੀਨਾ ਜ਼ਰੇਵਾਲ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸੁਖਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ|

Leave a Reply

Your email address will not be published. Required fields are marked *