ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਤੇ ਦਬਾਅ ਪਾਵਾਂਗੇ : ਕੈਪਟਨ ਅਮਰਿੰਦਰ ਸਿੰਘ ਲੰਬੇ ਸਮੇਂ ਤੋਂ ਲਾਲ ਡੋਰੇ ਦੀ ਜ਼ਮੀਨ ਵਿੱਚ ਰਹਿੰਦੇ ਵਸਨੀਕਾਂ ਨੂੰ ਛੇਤੀ ਹੀ ਮਾਲਕਾਨਾ ਹੱਕ ਦੇਣ ਦਾ ਐਲਾਨ


ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਵਾਅਦਾ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ| ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦਾ ਵਰਚੁਅਲ ਆਗਾਜ਼ ਕਰਦਿਆਂ ਰਾਹੁਲ ਗਾਂਧੀ ਨੇ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ ਪੰਚਾਇਤਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਇਨ੍ਹਾਂ ਨਵੇਂ ਕਾਨੂੰਨਾਂ ਖਿਲਾਫ ਜੰਗ ਵਿੱਚ ਹਮਾਇਤ ਕਰੇਗੀ| ਇਸ ਮੌਕੇ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ|
ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਨੂੰ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਅਤੇ ਪੰਜਾਬ ਦੇ ਭਵਿੱਖ ਉਤੇ ਹਮਲਾ ਕਰਾਰ ਦਿੱਤਾ| ਉਨ੍ਹਾਂ ਆਪਣੀ ਸਰਕਾਰ ਵੱਲੋਂ ਇਹ ਐਲਾਨ ਵੀ ਕੀਤਾ ਕਿ ਲੰਬੇ               ਸਮੇਂ ਤੋਂ ਲਾਲ ਡੋਰੇ ਦੀ ਜ਼ਮੀਨ ਵਿੱਚ ਰਹਿੰਦੇ ਆ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ| ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਮਕਸਦ ਲਈ ਛੇਤੀ ਹੀ ਮਿਸ਼ਨ ‘ਲਾਲ ਲਕੀਰ’ ਸ਼ੁਰੂ ਕੀਤਾ ਜਾਵੇਗਾ ਅਤੇ ਵਸਨੀਕਾਂ ਨੂੰ ਉਨ੍ਹਾਂ ਦੀ ਮਾਲਕੀ ਵਾਲੀਆਂ ਰਿਹਾਇਸ਼ੀ ਜਾਇਦਾਦਾਂ ਲਈ ‘ਸਨਦ’/ਪ੍ਰਮਾਣ ਪੱਤਰ ਦਿੱਤੇ ਜਾਣਗੇ|
ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਦਾ ਮੁਕਾਬਲਾ ਕਰਨ ਅਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਉਨ੍ਹਾਂ ਦੀ ਬਾਕੀ ਰਹਿੰਦੀ ਜ਼ਿੰਦਗੀ ਦਾ ਹਰੇਕ ਦਿਨ ਪੰਜਾਬ ਦੀ ਮੁੜ ਸੁਰਜੀਤੀ ਨੂੰ ਸਮਰਪਿਤ ਹੋਵੇਗਾ| ਇਹਨਾਂ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਠੋਸ ਰੂਪ ਵਿੱਚ ਟਾਕਰਾ ਕੀਤਾ ਜਾਵੇ| ਉਨ੍ਹਾਂ ਐਲਾਨ ਕੀਤਾ ਕਿ ਜਿੰਨਾ ਸਮਾਂ ਉਹਲਾਂ ਕੋਲ ਬਚਿਆ ਹੈ, ਉਹ ਕਿਸਾਨਾਂ ਅਤੇ ਸੂਬੇ ਦੇ ਹੋਰਨਾਂ ਵਰਗਾਂ ਦੇ ਲੋਕਾਂ ਲਈ ਲੜਦੇ    ਰਹਿਣਗੇ| 
ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਵਾਲੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਸੀ ਪਰ ਹੁਣ ਇਹ ਆਵਾਜ਼ ਪੰਜਾਬ ਵਿਧਾਨ ਸਭਾ ਅਤੇ ਮੁਲਕ ਦੇ ਹਰੇਕ ਹਿੱਸੇ ਵਿੱਚ ਉਦੋਂ ਤੱਕ ਗੂੰਜੇਗੀ ਜਦੋਂ ਤੱਕ                ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਨਹੀਂ ਹੋ ਜਾਂਦੀ| ਖੇਤੀ ਕਾਨੂੰਨਾਂ ਨੂੰ ਭਾਜਪਾ ਵੱਲੋਂ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਉਤੇ ਵਹਿਸ਼ੀਆਨਾ ਹਮਲਾ ਕਰਾਰ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਗੈਰ-ਸੰਵਿਧਾਨਕ ਅਤੇ ਬਿਨਾਂ ਕਿਸੇ ਯੋਜਨਾਬੰਦੀ ਦੇ ਤਿਆਰ ਕੀਤੇ ਬਿੱਲਾਂ ਰਾਹੀਂ ਕਿਸਾਨਾਂ ਤੇ ਸਿੰਧਾ ਹਮਲਾ ਕੀਤਾ ਗਿਆ ਗਿਆ ਹੈ ਅਤੇ ਇਸ ਦੀ ਪੀੜ ਹਰੇਕ ਕਿਸਾਨ ਅਤੇ ਮਜ਼ਦੂਰ ਹੰਢਾ ਰਿਹਾ ਹੈ|
ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਬੀਤੇ ਸਮੇਂ ਦੌਰਾਨ ਲਏ ਗਏ ਫੈਸਲਿਆਂ ਕਰਕੇ ਅਰਥਚਾਰੇ ਦੇ ਪੂਰਨ ਤੌਰ ਉਤੇ ਨਿਘਾਰ ਵਿੱਚ ਚਲੇ ਜਾਣ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਨਾਲ ਵੱਡੇ ਪੱਧਰ ਉਤੇ ਬੇਰੋਜ਼ਗਾਰੀ ਵਧੀ ਹੈ| ਕਾਂਗਰਸੀ ਆਗੂ ਨੇ ਇਸ ਗੱਲ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜੇ ਹਨ|
ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਖੇਤੀ ਕਾਨੂੰਨਾਂ ਸਬੰਧੀ ਭਾਜਪਾ ਉਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਖਤਮ ਕਰਨ ਲਈ ਵਜੂਦ ਵਿੱਚ ਲਿਆਂਦੇ ਗਏ ਹਨ ਅਤੇ ਸੂਬਾ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਹਰ ਕਦਮ ਚੁੱਕੇਗੀ|

Leave a Reply

Your email address will not be published. Required fields are marked *