ਖੱਬੇ ਪੱਖੀ ਆਗੂਆਂ ਵਿਰੁੱਧ ਦਰਜ ਕੇਸ ਵਾਪਸ ਲਵੇ ਸਰਕਾਰ : ਬੰਤ ਬਰਾੜ

ਚੰਡੀਗੜ੍ਹ, 9 ਸਤੰਬਰ (ਸ.ਬ.) ਖੱਬੀਆਂ ਅਤੇ ਜਮਹੂਰੀ ਸ਼ਕਤੀਆਂ ਦੇ ਆਗੂਆਂ ਅਤੇ ਕਾਰਕੁੰਨਾਂ ਵਿਰੁੱਧ ਦਰਜ ਕੀਤੇ ਗਏ ਕੇਸਾਂ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਪੰਜਾਬੀ ਸੀਪੀਆਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਇਹਨਾਂ ਕੇਸਾਂ ਨੂੰ ਫੌਰਨ ਵਾਪਿਸ ਲੈਣ ਦੀ ਮੰਗ ਕੀਤੀ ਹੈ| 
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪਿੱਛਲੇ ਸਮੇਂ ਤੋਂ ਸਰਕਾਰ ਵਲੋਂ ਖੱਬੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ, ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ ਅਤੇ ਜਮਹੂਰੀ ਹੱਕਾਂ ਵਾਸਤੇ ਬੋਲਣ ਵਾਲੇ ਪ੍ਰਸਿੱਧ ਲੇਖਕਾਂ, ਕਵੀਆਂ ਅਤੇ ਪੱਤਰਕਾਰਾਂ ਨੂੰ ਜੇਲ੍ਹੀਂ ਡੱਕਿਆ ਜਾ ਰਿਹਾ ਹੈ ਜਿਸਦੇ ਖਿਲਾਫ ਖੱਬੇ ਪੱਖੀ ਪਾਰਟੀਆਂ ਸੰਘਰਸ਼ ਕਰ ਰਹੀਆਂ ਹਨ| ਇਸਦੇ ਨਾਲ ਹੀ ਕੈਪਟਨ ਸਰਕਾਰ ਵਲੋਂ ਕੋਰੋਨਾ ਦੀ ਆੜ ਵਿੱਚ ਜਮਹੂਰੀ ਅੰਦੋਂਲਨਾਂ ਤੇ ਪਾਬੰਦੀਆਂ, ਮਜ਼ਦੂਰ ਅਤੇ ਕਿਸਾਨ-ਵਿਰੋਧੀ ਕਦਮਾਂ ਵਿਰੁੱਧ ਜ਼ੋਰਦਾਰ ਆਵਾਜ਼ ਉਠਾਈ ਹੈ ਜਿਸਤੋਂ ਬਾਅਦ ਪੰਜਾਬ ਪੁਲੀਸ ਵਲੋਂ ਕਈ ਜ਼ਿਲ੍ਹਿਆਂ ਵਿੱਚ ਖੱਬੀਆਂ ਪਾਰਟੀਆਂ ਦੇ ਆਗੂਆਂ ਅਤੇ ਕਾਰਕੁੰਨਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ ਅਤੇ ਉਹਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ|
ਉਹਨਾਂ ਕਿਹਾ ਕਿ ਇੱਕ ਪਾਸੇ ਮੋਦੀ ਸਰਕਾਰ ਸੰਵਿਧਾਨ ਅਤੇ ਜਮਹੂਰੀਅਤ ਨੂੰ ਕੁਚਲ ਰਹੀ ਹੈ ਅਤੇ ਕੋਰੋਨਾ ਦੀ ਆੜ ਵਿੱਚ ਆਪਣੇ ਫਾਸ਼ੀ ਏਜੰਡੇ ਲਾਗੂ ਕਰ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੀ ਜਮਹੂਰੀ ਸ਼ਕਤੀਆਂ ਵਲੋਂ ਉਠਾਈ ਜਾ ਰਹੀ ਆਵਾਜ਼ ਬੰਦ ਕਰਨ ਲਈ ਸੂਬੇ ਵਿੱਚ ਬੋਲਣ ਦੇ ਅਧਿਕਾਰ ਤੇ ਪਾਬੰਦੀ ਲਗਾ ਕੇ ਜਮਹੂਰੀਅਤ ਦੀ ਰਾਖੀ ਕਰਨ ਵਾਲੀਆਂ ਆਵਾਜ਼ਾਂ ਨੂੰ ਬੰਦ ਕਰਨ ਤੇ ਲੱਗੀ ਹੋਈ ਹੈ|
ਉਹਨਾਂ ਕਿਹਾ ਕਿ ਇਹਨਾਂ ਕਾਰਵਾਈਆਂ ਦੀ ਮਦਦ ਨਾਲ ਲੋਕਾਂ ਦੇ ਹੱਕਾਂ ਵਿੱਚ ਚਲਾਏ ਜਾ ਰਹੇ ਅੰਦੋਂਲਨ ਬੰਦ ਨਹੀਂ ਕੀਤੇ ਜਾ ਸਕਦੇ ਅਤੇ ਖੱਬੀਆਂ ਤੇ ਜਮਹੂਰੀ ਜਨਤਕ ਜਥੇਬੰਦੀਆਂ ਪੰਜਾਬ ਦੇ ਲੋਕ ਮਸਲਿਆਂ ਅਤੇ ਕੇਂਦਰ ਦੇ ਫਾਸ਼ੀ ਹਮਲਿਆਂ ਵਿਰੁੱਧ ਘੋਲ ਜਾਰੀ ਰੱਖਣਗੀਆਂ|

Leave a Reply

Your email address will not be published. Required fields are marked *