ਗਰੀਬ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਭ੍ਰਿਸ਼ਟ ਮੰਤਰੀ ਨੂੰ ਤੁਰੰਤ ਬਰਖਾਸਤ ਕਰਕੇ ਵਜੀਫੇ ਦੇ ਪੈਸੇ ਵਸੂਲ ਕੀਤੇ ਜਾਣ : ਬੱਬੀ ਬਾਦਲ

ਐਸ.ਏ.ਐਸ. ਨਗਰ, 29 ਅਗਸਤ (ਸ.ਬ.) ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਗਰੀਬ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਪੰਜਾਬ ਸਰਕਾਰ ਦੇ ਭ੍ਰਿਸ਼ਟ ਮੰਤਰੀ ਧਰਮਸੋਤ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਤ ਕਰਕੇ ਉਸਤੋਂ ਵਜੀਫੇ ਦੇ ਪੈਸੇ ਵਸੂਲ ਕੀਤੇ ਜਾਣ ਤਾਂ ਜੋ ਗਰੀਬ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ| ਗਰੀਬ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ ਪੈਸੇ ਵਿੱਚ ਹੋਏ ਘਪਲੇ ਨੂੰ ਲੈ ਕੇ ਦਲਿਤ ਚੇਤਨਾ ਮੰਚ ਦੇ ਪ੍ਰਧਾਨ ਵਿੱਕੀ ਪਰੋਚਾ ਦੀ ਅਗਵਾਈ ਵਿੱਚ ਮਿਲੇ ਵਫਦ ਨਾਲ ਮੁਹਾਲੀ ਵਿਖੇ ਮੀਟਿੰਗ ਕਰਦਿਆਂ ਬੱਬੀ ਬਾਦਲ ਨੇ ਕਿਹਾ ਕਿ ਸਕਾਲਰਸ਼ਿਪ ਸਕੀਮ ਦਾ ਕਰੀਬ 64 ਕਰੋੜ ਰੁਪਏ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਇਸ ਕੈਬਨਿਟ ਮੰਤਰੀ ਦੀ ਜਮੀਨ ਜਾਇਦਾਦ ਨੂੰ ਜਬਤ ਕਰਕੇ ਗਰੀਬ ਵਿਦਿਆਰਥੀਆਂ ਦਾ ਬਣਦਾ ਪੈਸਾ ਉਹਨਾਂ ਨੂੰ ਵਾਪਿਸ ਕਰੇ|
ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਘਪਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ ਤਾਂ ਜੋ ਇਸ ਵਿੱਚ ਹੋਰ ਵੀ ਸਾਮਿਲ ਸਿਆਸੀ ਵਿਅਕਤੀ ਅਤੇ ਅਫਸਰਾਂ ਦਾ ਪਤਾ ਲੱਗ ਸਕੇ| ਉਹਨਾਂ ਕਿਹਾ ਕਿ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ|
ਇਸ ਮੌਕੇ ਇਕਬਾਲ ਸਿੰਘ, ਬਾਬਾ ਨਰਿੰਦਰ ਸਿੰਘ, ਜਸਵੰਤ ਸਿੰਘ, ਦੀਦਾਰ ਸਿੰਘ, ਰਣਜੀਤ ਸਿੰਘ ਬਰਾੜ, ਤਰਸੇਮ ਸਿੰਘ, ਜਗਤਾਰ ਸਿੰਘ ਘੜੂੰਆਂ, ਰਮਨਦੀਪ ਸਿੰਘ ਪ੍ਰਧਾਨ, ਮੇਹਰਬਾਨ ਸਿੰਘ ਭੁੱਲਰ, ਤਰਲੋਕ ਸਿੰਘ ਜਗਤਪੁਰਾ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *