ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ ਵੱਖਰਾ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ

ਐਸ.ਏ.ਐਸ.ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਵੱਲੋਂ ਸਵੱਛ ਭਾਰਤ ਸਰਵੇਖਣ 2020-21 ਮੁਹਿੰਮ ਤਹਿਤ ਸੈਕਟਰ-68 ਦੀ ਮਾਰਕੀਟ ਅਤੇ ਰਿਹਾਇਸ਼ੀ ਖੇਤਰ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ ਵੱਖਰਾ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਵਿੱਚ ਮਾਰਕੀਟ             ਐਸੋਸੀਏਸ਼ਨ ਅਤੇ ਰੈਜ਼ੀਡੈਂਟਸ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ| 
ਇਸ ਮੌਕੇ ਸ਼ਹਿਰ ਵਾਸੀਆਂ ਨੂੰ ਉਹਨਾਂ ਦੇ ਰਿਹਾਇਸ਼ੀ ਅਤੇ ਕਮਰਸ਼ੀਅਲ ਥਾਵਾਂ ਦੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਸੰਬੰਧੀ ਜਾਗਰੂਕ ਕੀਤਾ ਗਿਆ| ਨਗਰ ਨਿਗਮ ਦੇ ਚੀਫ ਸੈਨੇਟਰੀ ਇੰਸਪੈਕਟਰ ਸ੍ਰ. ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਨਗਰ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਸੁਰਜੀਤ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ 15 ਦਿਨਾਂ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ ਜਿਸਦੇ ਤਹਿਤ ਸੈਕਟਰ 68 ਦੇ ਵਸਨੀਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਕਰਨ ਅਤੇ ਪਲਾਸਟਿਕ ਦੇ ਲਿਫਾਫਿਆਂ ਕਾਰਨ ਫੈਲ ਰਹੇ ਪ੍ਰਦੂਸ਼ਨ ਨੂੰ ਰੋਕਣ ਲਈ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਜੂਟ ਜਾਂ ਕੱਪੜੇ ਦੇ ਬਣੇ ਹੋਏ ਥੈਲੇ ਵਰਤਣ ਦੀ ਅਪੀਲ ਕੀਤੀ ਗਈ| 
ਨਿਗਮ ਦੀ ਟੀਮ ਵਿੱਚ ਸਕੱਤਰ ਰਣਜੀਵ ਕੁਮਾਰ, ਸੈਨੇਟਰੀ ਇੰਸਪੈਕਟਰ ਜਗਰੂਪ ਸਿੰਘ, ਸੁਪਰਵਾਈਜ਼ਰ ਗੁਰਵਿੰਦਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ ਅਤੇ ਹੋਰ ਸਟਾਫ ਹਾਜ਼ਿਰ ਸਨ|

Leave a Reply

Your email address will not be published. Required fields are marked *