ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ

ਐਸ.ਏ.ਐਸ, ਨਗਰ 15 ਅਪ੍ਰੈਲ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਬੰਸ ਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਫਰ-ਏ-ਸ਼ਹਾਦਤ ਸਮਾਗਮ ਦਸਵੀਂ ਦੇ ਦਿਹਾੜੇ ਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ|
ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਰਣਜੀਤ ਸਿੰਘ ਰਾਣਾ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੁਆਰਾ ਧਰਮ ਦੀ ਖਾਤਰ ਛੋਟੀ ਉਮਰੇ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ| ਭਾਈ ਓਕਾਰ ਸਿੰਘ ਊਨਾ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਣ ਦਾ ਉਪਰਾਲਾ ਕੀਤਾ|
ਸਿੰਘ ਸਾਹਿਬ ਗਿਆਨੀ ਰਜਿੰਦਰ ਸਿੰਘ ਮੁੱਖ ਗ੍ਰੰਥੀ ਗੁ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਮੂਗਲ ਹਕੁਮਤ ਸਮੇਂ ਧਰਮ ਦੀ ਰਾਖੀ ਲਈ ਆਰਿਆਂ ਨਾਲ ਚੀਰ ਕੇ, ਚਰਖੜੀਆਂ ਤੇ ਚਾੜ ਕੇ, ਬੰਦ ਬੰਦ ਕਟਵਾ ਕੇ, ਖੋਪਰੀ ਉਤਰਵਾ ਕੇ, ਸ਼ਹਾਦਤ ਪ੍ਰਾਪਤ ਕਰਨ ਵਾਲੇ ਮਰਜੀਵੜੇ ਸਿੰਘਾਂ ਬਾਰੇ ਵਿਸਥਾਰ ਸਾਹਿਤ ਸੁਣਾਇਆ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਸਤਿੰਦਰ ਪਾਲ ਸਿੰਘ ਅਤੇ ਭਾਈ ਕਰਨੈਲ ਸਿੰਘ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅ੍ਰੰਮ੍ਰਿਤਸਰ), ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਮਹਿੰਦਰ ਪਾਲ ਸਿੰਘ,ਭਾਈ ਧਰਮ ਸਿੰਘ ਮਾਹੀ, ਸੰਤ ਅਮਰੀਕ ਸਿੰਘ ਰਾੜਾ ਸਾਹਿਬ ਵਾਲੇ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|
ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ| ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ| ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 21 ਅਪ੍ਰੈਲ ਨੂੰ ਸ਼ੋਮਣੀ ਭਗਤ ਧੰਨਾਂ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ| ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ Tਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਜਥੇ, ਇੰਟਰਨੇਸ਼ਨਲ ਢਾਡੀ ਜਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਣਾ ਕੇ ਨਿਹਾਲ ਕਰਣਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *