ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ ਦੇ 551ਵੇਂ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ. ਏ. ਐਸ. ਨਗਰ, 14 ਮਾਰਚ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ ਦੇ 551 ਵੇਂ ਸਾਲ ਦਾ ਆਗਮਨ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਧਾਰਮਿਕ ਸਮਾਗਮ ਵਿੱਚ ਭਾਈ ਮਹਿਲ ਸਿੰਘ ਦੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਨੇ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ| ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਅਖੰਡ ਕੀਰਤਨੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਹਰਜੀਤ ਸਿੰਘ ਦਾ ਪੰਥਕ ਢਾਡੀ ਜੱਥਾ, ਭਾਈ ਓਂਕਾਰ ਸਿੰਘ, ਭਾਈ ਕਸ਼ਮੀਰ ਸਿੰਘ , ਭਾਈ ਸੁਖਵਿੰਦਰ ਸਿੰਘ , ਭਾਈ ਧਰਮ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਸੁਰਜੀਤ ਸਿੰਘ, ਸੁਖਮਣੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਮਹਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|
ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ| ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ| ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ| ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 16 ਮਾਰਚ ਨੂੰ ਦਸਵੀਂ ਦਾ ਸ਼ੁੱਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ| ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਹਰਜਿੰਦਰ ਸਿੰਘ ਹੰਸ ਅਤੇ ਤਲਵੰਡੀ ਫੁੱਤੂ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ, ਭਾਈ ਦਲਬੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਸ੍ਰੀ ਫਤਿਹਗੜ੍ਹ ਸਾਹਿਬ, ਮੀਰੀ ਪੀਰੀ ਢਾਡੀ ਜਥਾ, ਝਾਂਮਪੁਰ ਵਾਲਿਆਂ ਦਾ ਕਵੀਸ਼ਰੀ ਜਥਾ,ਭਾਈ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ, ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਅੰਮ੍ਰਿਤ ਸੰਚਾਰ ਸਵੇਰੇ 10 ਵਜੇ ਹੋਵੇਗਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *