ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਧਾਮਾਂ ਵਿਚ ਰੌਣਕਾਂ ਲੱਗੀਆਂ

ਐਸ ਏ ਐਸ ਨਗਰ, 25 ਦਸੰਬਰ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਇਸਦੇ ਨੇੜਲੇ ਇਲਾਕਿਆਂ ਵਿਚ ਅੱਜ ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਖ ਵੱਖ ਗੁਰਧਾਮਾਂ ਵਿਚ ਰੌਣਕਾਂ ਲੱਗੀਆਂ ਹੋਈਆਂ ਹਨ| ਇਸ ਸਬੰਧੀ ਜਿੱਥੇ ਕਈ ਗੁਰਦੁਆਰਾ ਸਾਹਿਬ ਵਿਚ ਅੱਜ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ਉੱਥੇ ਸ਼ਹਿਰ ਦੇ ਕਈ ਗੁਰਦੁਆਰਾ ਸਾਹਿਬਾਨ ਅਜਿਹੇ ਵੀ ਹਨ ਜਿਨ੍ਹਾਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 5 ਜਨਵਰੀ ਨੂੰ ਮਨਾਉਣ ਦਾ ਐਲਾਨ ਕੀਤਾ ਹੋਇਆ ਹੈ| ਇਸ ਤਰਾਂ ਦੋ ਦੋ ਦਿਨ ਪ੍ਰਕਾਸ਼ ਦਿਹਾੜਾ ਮਨਾਉਣ ਕਰਕੇ ਦੁਬਿਧਾ ਵਿਚ ਪਈ ਸੰਗਤ ਨੇ ਇਸਦੇ ਬਾਵਜੂਦ ਅੱਜ ਵੱਖ ਵੱਖ ਗੁਰਧਾਮਾਂ ਵਿਚ ਮੱਥਾ ਟੇਕਿਆ ਅਤੇ ਗੁਰੂ ਕੇ ਲੰਗਰ ਵਿਚ ਸੇਵਾ ਕੀਤੀ| ਇਸ ਮੌਕੇ ਵੱਖ ਵੱਖ ਗੁਰਧਾਮਾਂ ਵਿਚ ਵਿਸ਼ੇਸ ਸਮਾਗਮ ਆਯੋਜਿਤ ਕੀਤੇ ਗਏ ਹਨ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਵੱਖ ਵੱਖ ਥਾਂਵਾਂ ਉਪਰ ਲੰਗਰ ਵੀ ਲਗਾਏ ਗਏ ਹਨ| ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਸਾਹਮਣੇ ਅਤੇ ਫੇਜ 3 ਬੀ 2 ਦੀ ਮਾਰਕੀਟ (ਚਾਵਲਾ ਚੌਂਕ ) ਵਿਚ ਵੀ ਲੰਗਰ ਲਗਾਏ ਗਏ, ਜਿਥੇ ਕਿ ਵੱਡੀ ਗਿਣਤੀ ਲੋਕਾਂ ਨੇ ਸ਼ਰਧਾ ਨਾਲ ਲੰਗਰ ਛਕਿਆ|
ਇਸੇ ਤਰ੍ਹਾਂ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਮਨਜੀਤ ਸਿੰਘ ਅਕਾਲਗ੍ਹੜ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ| ਭਾਈ ਓਂਕਾਰ ਸਿੰਘ ਦੇ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੁਆਰਾ ਦੇਸ਼ ਅਤੇ ਕੌਮ ਦੀ ਖਾਤਰ ਪਹਿਲਾਂ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ, ਪੁੱਤਰਾਂ ਦੀ ਸ਼ਹਾਦਤ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂੰ ਕਰਵਾਇਆ| ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਸਤਨਾਮ ਸਿੰਘ ਚੰਗਿਆੜਾ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ ਧੀਰਜ, ਭਾਈ ਗੁਰਦੀਪ ਸਿੰਘ ਖੰਨਾ,

ਭਾਈ ਧਰਮ ਸਿੰਘ ਮਾਹੀ, ਭਾਈ ਮਹਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ ਭਾਈ ਮਹਿੰਦਰ ਪਾਲ ਸਿੰਘ, ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਨਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |
ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ | ਪੂਰੇ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ | ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ | ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ| ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਗੁ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 28 ਦਸੰਬਰ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੂਰਵਕ ਮਨਾਇਆ ਜਾਵੇਗਾ|

Leave a Reply

Your email address will not be published. Required fields are marked *