ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਾਰੀਖ ਬਦਲਣ ਦੀ ਮੰਗ

ਐਸ ਏ ਐਸ ਨਗਰ,  11 ਨਵੰਬਰ (ਸ.ਬ.) ਗੁਰਦੁਆਰਾ ਤਾਲਮੇਲ  ਕਮੇਟੀ ਐਸ ਏ ਐਸ ਨਗਰ  ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਚੰਡੀਗੜ੍ਹ ਦੇ ਇੱਕ ਵਫਦ ਨੇ                ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਅਗਵਾਈ ਵਿਚ ਪਟਿਆਲਾ ਵਿਖੇ ਗਿਆਨੀ ਰਘਬੀਰ ਸਿੰਘ  ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਨੂੰ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਾਰੀਖ (25.12.17) ਤਬਦੀਲ ਕੀਤੀ ਜਾਵੇ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ ਜੋਗਿੰਦਰ ਸਿੰਘ ਸੌਂਧੀ ਨੇ ਦਸਿਆ ਕਿ ਪਟਿਆਲਾ ਵਿਖੇ ਇੱਕ ਸਮਾਗਮ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ਼ਾਮਲ ਹੋਣਾ ਸੀ ਪਰ ਜਥੇਦਾਰ ਸਾਹਿਬ ਦੇ ਵਿਦੇਸ਼ ਚਲੇ ਜਾਣ ਕਰਕੇ ਉਹ ਇਸ ਸਮਾਗਮ ਵਿਚ ਸ਼ਾਮਲ ਨਹੀਂ ਹੋਏ| ਇਸ ਲਈ ਇਹ ਮੰਗ ਪੱਤਰ ਉਸ ਸਮਾਗਮ ਵਿਚ ਪਹੁੰਚੇ ਤਖਤ ਸ੍ਰੀ  ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਤਾ ਗਿਆ|
ਉਹਨਾਂ ਕਿਹਾ ਕਿ  ਸਿੱਖ ਜਗਤ ਵੱਲੋਂ 22 ਦਸੰਬਰ ਤੋਂ 28 ਦਸੰਬਰ ਤੱਕ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਏ ਜਾਂਦੇ ਹਨ, ਇਸ ਸਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ| ਉਹਨਾਂ ਕਿਹਾ  ਕਿ ਸ਼ਹੀਦੀ ਦਿਨਾਂ ਦੌਰਾਨ ਗੁਰੂ ਸਾਹਿਬ ਦਾ ਪ੍ਰਕਾਸ਼ ਦਿਵਸ ਮਨਾਉਣਾ ਅਤੇ ਨਗਰ ਕੀਰਤਨ ਸਜਾਉਣੇ ਮੁਸ਼ਕਿਲ ਹੋ ਜਾਣਗੇ|
ਉਹਨਾਂ ਮੰਗ ਕੀਤੀ  ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਾਰੀਖ ਵਿਚ ਤਬਦੀਲੀ ਕੀਤੀ ਜਾਵੇ|
ਵਫਦ ਵਿੱਚ ਹੋਰਨਾਂ ਤੋਂ ਇਲਾਵਾ ਸ੍ਰ. ਮਨਜੀਤ ਸਿੰਘ ਮਾਨ, ਸ੍ਰ. ਪਰਮਜੀਤ ਸਿੰਘ ਗਿੱਲ, ਸ੍ਰ. ਬਲਵਿੰਦਰਸਿੰਘ ਟੌਹੜਾ, ਸ੍ਰ. ਮਹਿੰਦਰ ਸਿੰਘ ਕਾਨਪੁਰੀ ਤੋਂ ਇਲਾਵਾ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਚੰਡੀਗੜ੍ਹ ਦੇ ਜਨਰਲ ਸਕੱਤਰ ਸ੍ਰ. ਰਘਬੀਰ ਸਿੰਘ ਵੀ ਹਾਜਿਰ ਸਨ|

Leave a Reply

Your email address will not be published. Required fields are marked *