ਗੁ. ਸਿੰਘ ਸ਼ਹੀਦਾਂ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ. ਏ. ਐਸ. ਨਗਰ, 29 ਜਨਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੀਤਪਾਲ ਸਿੰਘ ਦੇ ਪੰਥਕ ਜੱਥੇ ਨੇ ਬਾਬਾ ਦੀਪ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਭਾਈ ਸੁਰਜੀਤ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਧਰਮ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਓਂਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਜਸਬੀਰ ਸਿੰਘ ਅਤੇ ਭਾਈ ਬਹਾਦਰ ਸਿੰਘ ਸੇਵਕ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|
ਗੁ: ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 18 ਫਰਵਰੀ ਨੂੰ ਸੱਤਵੇ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆਜਾਵੇਗਾ| ਇਸ ਦਿਨੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Leave a Reply

Your email address will not be published. Required fields are marked *