ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਐਸ.ਏ.ਐਸ. ਨਗਰ, 30 ਅਪ੍ਰੈਲ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਸੁਰਿੰਦਰ ਸਿੰਘ ਜੀ ਜਸਲ ਬਰਨਾਲੇ ਵਾਲਿਆਂ ਦੇ ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ 12 ਸਾਲ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਸੇਵਾ ਕਰਨ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ 84 ਪੌੜੀਆਂ ਵਾਲੀ ਬਾਉਲੀ ਸਾਹਿਬ ਬਣਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸਰਵਣ ਕਰਾਇਆ|
ਭਾਈ ਰਵਿੰਦਰ ਸਿੰਘ ਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ, ਭਾਈ ਧਰਮ ਸਿੰਘ, ਭਾਈ ਅਮਰਜੀਤ ਸਿੰਘ , ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 17 ਮਈ ਨੂੰ ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਗਿ: ਬਲਵੰਤ ਸਿੰਘ ਦੀ 35 ਵੀਂ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ|

Leave a Reply

Your email address will not be published. Required fields are marked *